ਤਾਜਾ ਖਬਰਾਂ
ਅਰੋੜਾ ਨੂੰ ਉਦਯੋਗ ਅਤੇ ਵਣਜ, ਇਨਵੈਸਟਮੈਂਟ ਪ੍ਰਮੋਸ਼ਨ ਅਤੇ ਐਨਆਰਆਈ ਮਾਮਲਿਆਂ ਦੇ ਵਿਭਾਗ ਦੀ ਸੌਂਪੀ ਜ਼ਿੰਮੇਵਾਰੀ
ਚੰਡੀਗੜ੍ਹ, 3 ਜੁਲਾਈ:
ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾਏ ਜਾਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ ਅਤੇ ਚੋਣਾਂ ਦੌਰਾਨ ਲੁਧਿਆਣਾ ਪੱਛਮੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨਗੇ।
ਮੁੱਖ ਮੰਤਰੀ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ ਕਿ ਸਾਡੇ ਨਵੇਂ ਕੈਬਨਿਟ ਸਹਿਯੋਗੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ! ਅਸੀਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਭੇਦਭਾਵ ਦੇ ਮਿਲ ਕੇ ਕੰਮ ਕਰਾਂਗੇ।
ਵੀਰਵਾਰ ਨੂੰ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਜੀਵ ਅਰੋੜਾ ਨੂੰ ਮੰਤਰੀ ਵਜੋਂ ਸਹੁੰ ਚੁਕਾਈ। ਉਨ੍ਹਾਂ ਨੂੰ ਉਦਯੋਗ ਅਤੇ ਵਣਜ, ਇਨਵੈਸਟਮੈਂਟ ਪ੍ਰਮੋਸ਼ਨ ਅਤੇ ਐਨਆਰਆਈ ਮਾਮਲਿਆਂ ਦੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਦੇ ਉਦਯੋਗਿਕ ਵਿਕਾਸ ਦੇ ਮੱਦੇਨਜ਼ਰ ਇਹ ਤਿੰਨੋਂ ਵਿਭਾਗ ਬਹੁਤ ਮਹੱਤਵਪੂਰਨ ਹਨ।
ਸੰਜੀਵ ਅਰੋੜਾ ਹਾਲ ਹੀ ਵਿੱਚ ਹੋਈ ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਵਿਧਾਇਕ ਬਣੇ ਹਨ। ਚੋਣ ਪ੍ਰਚਾਰ ਦੌਰਾਨ ਹੀ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਥੋਂ ਦੇ ਲੋਕਾਂ ਨਾਲ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਸੀ। ਇਸ ਲਈ, ਚੋਣ ਜਿੱਤਣ ਤੋਂ ਬਾਅਦ, ਮੰਤਰੀ ਮੰਡਲ ਵਿੱਚ ਉਨ੍ਹਾਂ ਦਾ ਸ਼ਾਮਲ ਹੋਣਾ ਯਕੀਨੀ ਮੰਨਿਆ ਜਾ ਰਿਹਾ ਸੀ।
Get all latest content delivered to your email a few times a month.