ਤਾਜਾ ਖਬਰਾਂ
ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਅੰਮ੍ਰਿਤਸਰ ਵਿਖੇ 4 ਜੁਲਾਈ 1955 ਨੂੰ ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿੱਚ ਇਕ ਭਾਵੁਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਆਯੋਜਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸੀ।
ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਅਤੇ ਉਨ੍ਹਾਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਰੂਹਾਨੀ ਰਸਨਾ ਵਿਚ ਲੀਨ ਕੀਤਾ। ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ।
ਗਿਆਨੀ ਪਰਵਿੰਦਰਪਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਇਤਿਹਾਸ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਦੁਖਦਾਈ ਯਾਦਾਂ ਹਨ। ਉਨ੍ਹਾਂ ਕਿਹਾ ਕਿ 4 ਜੁਲਾਈ 1955 ਨੂੰ ਕਾਂਗਰਸ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਧਾਰਮਿਕ ਸਥਾਨਾਂ ਉੱਤੇ ਹਮਲਾ ਕਰਵਾਇਆ ਗਿਆ, ਜੋ ਅਜੇ ਵੀ ਸਿੱਖ ਮਨ ਨੂੰ ਚੋਭਦਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਮੌਕੇ ਤੇ ਕਿਹਾ ਕਿ ਸਿੱਖ ਕੌਮ ਨਾਲ ਇਤਿਹਾਸਕ ਤੌਰ 'ਤੇ ਹਮੇਸ਼ਾ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬੇ ਦੀ ਮੰਗ ਨੂੰ ਲੈ ਕੇ ਸਿੱਖਾਂ ਨੇ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕੀਤਾ, ਪਰ ਸਰਕਾਰ ਵੱਲੋਂ ਉਨ੍ਹਾਂ ਉੱਤੇ ਤਸ਼ੱਦਦ ਕੀਤਾ ਗਿਆ ਅਤੇ ਧਾਰਮਿਕ ਅਸਥਾਨਾਂ ਦੀ ਬੇਅਦਬੀ ਕੀਤੀ ਗਈ।
ਸਮਾਗਮ ਦੌਰਾਨ ਢਾਡੀ ਜਥਿਆਂ ਨੇ ਇਤਿਹਾਸਕ ਘਟਨਾਵਾਂ ਨੂੰ ਵਾਜਾਂ ਅਤੇ ਵਿਰਸੇ ਰਾਹੀਂ ਜੀਵੰਤ ਕੀਤਾ। ਸਮਾਗਮ ਵਿੱਚ ਕਈ ਪ੍ਰਮੁੱਖ ਅਹੁਦੇਦਾਰ ਅਤੇ ਸੰਗਤਾਂ ਸ਼ਮਿਲ ਹੋਈਆਂ, ਜਿਵੇਂ ਕਿ ਸ. ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਰਾਜਿੰਦਰ ਸਿੰਘ ਰੂਬੀ, ਬਿਕਰਮਜੀਤ ਸਿੰਘ ਝੰਗੀ, ਜਸਪਾਲ ਸਿੰਘ ਢੱਡੇ, ਅਤੇ ਹੋਰ ਸੇਵਾਦਾਰ।
Get all latest content delivered to your email a few times a month.