ਤਾਜਾ ਖਬਰਾਂ
ਚੰਡੀਗੜ੍ਹ, 4 ਜੁਲਾਈ 2025 – ਪੰਜਾਬ 'ਚ ਭਾਜਪਾ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਰੋਧ ਤੇਜ਼ ਕਰ ਦਿੱਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ।
ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਤੋਂ ਧੱਕੇ ਨਾਲ ਜਮੀਨ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਸਹਿਮਤੀ ਤੋਂ ਬਿਨਾ ਕੋਈ ਵੀ ਜਮੀਨ ਹੜਪਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਜਾਖੜ ਨੇ ਲੈਂਡ ਪੂਲਿੰਗ ਪਾਲਸੀ ਨੂੰ ਗੈਰ-ਸੰਵਿਧਾਨਿਕ ਦੱਸਦਿਆਂ ਕਿਹਾ ਕਿ ਅਜੇ ਤੱਕ ਇਸ ਨੀਤੀ ਦੇ ਰੂਲ ਅਤੇ ਰੈਗੂਲੇਸ਼ਨ ਵੀ ਤੈਅ ਨਹੀਂ ਕੀਤੇ ਗਏ ਹਨ। ਇਸ ਕਰਕੇ ਲੁੱਟ ਦਾ ਅਗਲਾ ਪੜਾਅ ਹੋਰ ਵੀ ਗੰਭੀਰ ਹੋ ਸਕਦਾ ਹੈ।
ਤਰੁਣ ਚੁੱਘ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਪੰਜਾਬ ਦੀ ਸਰਕਾਰ ਨੂੰ "ਹਾਈਜੈਕ" ਕਰ ਲਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਇੱਕ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਰੋਪ ਲਾਇਆ ਕਿ ਲੈਂਡ ਪੂਲਿੰਗ ਦੀ ਨੀਤੀ ਮਾਫੀਆਵਾਂ ਅਤੇ ਨਿਕਟਵਰਤੀ ਲੋਗਾਂ ਨੂੰ ਫਾਇਦਾ ਪਹੁੰਚਾਉਣ ਦੀ ਸਾਜ਼ਿਸ਼ ਹੈ। ਇਸ ਵਿੱਚ ਕੋਈ ਪਾਰਦਰਸ਼ੀਤਾ ਨਹੀਂ ਹੈ ਅਤੇ ਇਹ ਯੋਜਨਾਬੱਧ ਤਰੀਕੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਉਪਜਾਊ ਜਮੀਨ ਤੋਂ ਵੰਚਿਤ ਕਰਨ ਦੀ ਕੋਸ਼ਿਸ਼ ਹੈ।
ਵਫਦ ਨੇ ਦੱਸਿਆ ਕਿ ਲੈਂਡ ਪੂਲਿੰਗ ਨੋਟੀਫਿਕੇਸ਼ਨ ਜ਼ਮੀਨ ਨੂੰ ਕਿਸਾਨਾਂ ਦੇ ਨਾਂ ਕਰਦਾ ਜ਼ਰੂਰ ਹੈ ਪਰ ਨਤੀਜੇ ਵਜੋਂ ਉਹ ਨ ਤਾਂ ਜ਼ਮੀਨ ਵੇਚ ਸਕਦੇ ਹਨ ਅਤੇ ਨਾ ਹੀ ਬੈਂਕ ਤੋਂ ਕਰਜ਼ਾ ਲੈ ਸਕਦੇ ਹਨ। ਇਸ ਕਾਰਨ ਇਹ ਨੀਤੀ ਕਿਸਾਨਾਂ ਦੀ ਆਰਥਿਕ ਸਵੈਣਭਰਤਾ ਨੂੰ ਨੁਕਸਾਨ ਪਹੁੰਚਾ ਰਹੀ ਹੈ।
ਭਾਜਪਾ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨਾਲ 35 ਪਿੰਡਾਂ ਦੇ ਕਿਸਾਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ। ਇਨ੍ਹਾਂ ਵਿੱਚੋਂ 22 ਪਿੰਡਾਂ ਦੀਆਂ ਪੰਚਾਇਤਾਂ ਅਤੇ 625 ਕਿਸਾਨਾਂ ਵੱਲੋਂ ਐਫੀਡੇਵਿਟ ਰਾਜਪਾਲ ਨੂੰ ਸੌਂਪੇ ਗਏ, ਜਿਸ ਰਾਹੀਂ ਉਨ੍ਹਾਂ ਨੇ ਲੈਂਡ ਪੂਲਿੰਗ ਦੇ ਵਿਰੋਧ ਵਿੱਚ ਆਪਣਾ ਪੱਖ ਰੱਖਿਆ।
ਜਾਖੜ ਨੇ ਇਹ ਵੀ ਦੱਸਿਆ ਕਿ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਨੂੰ ਅਲਾਟ ਹੋਈ ਜ਼ਮੀਨ ਵੀ ਸਰਕਾਰ ਵਾਪਸ ਲੈ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 60 ਸਾਲਾਂ ਵਿੱਚ ਲੁਧਿਆਣੇ 'ਚ ਸਿਰਫ਼ 6 ਹਜਾਰ ਏਕੜ ਜ਼ਮੀਨ ਦਾ ਸ਼ਹਿਰੀਕਰਨ ਹੋਇਆ ਸੀ, ਜਦਕਿ ਹੁਣ ਦੀ ਸਰਕਾਰ ਇੱਕੋ ਦਮ 40 ਹਜਾਰ ਏਕੜ ਲੈ ਰਹੀ ਹੈ, ਜੋ ਕਿਸੇ ਤਰਕ ਤੋਂ ਪਰੇ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਸੰਵੈਧਾਨਕ ਮੁੱਦੇ 'ਤੇ ਚੁੱਪੀ ਸਾਧ ਲਈ ਹੈ ਅਤੇ ਇਹ ਸਿੱਧ ਕਰਦਾ ਹੈ ਕਿ ਉਹ ਸੱਤਾਧਾਰੀ ਧਿਰ ਅੱਗੇ ਝੁਕ ਗਈ ਹੈ।
Get all latest content delivered to your email a few times a month.