ਤਾਜਾ ਖਬਰਾਂ
ਅੰਮ੍ਰਿਤਸਰ, 5 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਅਹਿਮ ਇਕੱਤਰਤਾ ਹੋਈ, ਜਿਸ ਵਿੱਚ ਪੰਜ ਸਿੰਘ ਸਾਹਿਬਾਨਾਂ ਨੇ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ‘ਤਨਖਾਹੀਆ’ ਐਲਾਨਣ ਦੇ ਫੈਸਲੇ ਨੂੰ ਗੈਰ-ਸਿਧਾਂਤਕ ਅਤੇ ਅਧਿਕਾਰ ਖੇਤਰ ਤੋਂ ਬਾਹਰ ਕਹਿੰਦੇ ਹੋਏ ਰੱਦ ਕਰ ਦਿੱਤਾ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਨੂੰ ਸਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਸਿੱਖ ਕੌਮ ਵਿੱਚ ਭਰਮ ਪੈਦਾ ਕਰਦੇ ਹਨ ਅਤੇ ਅਕਾਲ ਤਖ਼ਤ ਦੀ ਸਰਬ ਉੱਚਤਾ ਨੂੰ ਚੁਣੌਤੀ ਦੇਣ ਵਾਲੇ ਹਨ।
ਇਸ ਮਾਮਲੇ ਵਿੱਚ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਤਨਖਾਹੀਆ ਐਲਾਨਿਆ ਗਿਆ ਹੈ, ਜਿਸ ਉਤੇ ਸ੍ਰੀ ਅਕਾਲ ਤਖ਼ਤ ਨੇ ਕੜੀ ਨਾਰਾਜ਼ਗੀ ਜਤਾਈ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ, ਮੈਂਬਰਾਂ ਅਤੇ ਪ੍ਰਬੰਧਕਾਂ ਤੋਂ 15 ਦਿਨਾਂ ਅੰਦਰ ਇਸ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਹੈ। ਅਕਾਲ ਤਖ਼ਤ ਨੇ ਸਾਫ਼ ਕਰ ਦਿੱਤਾ ਕਿ ਪਟਨਾ ਦੇ ਪੰਜ ਪਿਆਰਿਆਂ ਵੱਲੋਂ ਲਏ ਗਏ ਇਨ੍ਹਾਂ ਫੈਸਲਿਆਂ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ।
ਇਹ ਇਕੱਤਰਤਾ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਹਾਜ਼ਰ ਰਹੇ। ਉਨ੍ਹਾਂ ਨੇ ਸਾਂਝੀ ਰਾਏ ਨਾਲ ਅਕਾਲ ਤਖ਼ਤ ਦੀ ਮਰਿਆਦਾ ਨੂੰ ਕਾਇਮ ਰੱਖਣ ਦੀ ਪਹੁੰਚ ਪ੍ਰਗਟਾਈ।
Get all latest content delivered to your email a few times a month.