IMG-LOGO
ਹੋਮ ਪੰਜਾਬ: ਸੂਬੇ ਦੇ ਵਿਕਾਸ ਪ੍ਰਾਜੈਕਟਾਂ 'ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ...

ਸੂਬੇ ਦੇ ਵਿਕਾਸ ਪ੍ਰਾਜੈਕਟਾਂ 'ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

Admin User - Jul 20, 2025 07:04 PM
IMG


* ਧੂਰੀ ਵਿਧਾਨ ਸਭਾ ਹਲਕੇ ਵਿੱਚ ਤਿੰਨ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਵੰਡੀਆਂ

* ਕਿਹਾ, ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਦਾ ਹਾਲ ਨਾਭਾ ਜੇਲ੍ਹ 'ਚ ਦੇਖੋ

* ਸੂਬਾ ਸਰਕਾਰ ਵੱਲੋਂ ਆਗਾਮੀ ਦਿਨਾਂ ਵਿੱਚ ਸ਼ੁਰੂ ਕੀਤੇ ਜਾਣਗੇ ਕਈ ਨਵੇਂ ਲੋਕ-ਪੱਖੀ ਉਪਰਾਲੇ

* ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਮਹੱਤਵਪੂਰਨ ਕਦਮਾਂ ਦਾ ਕੀਤਾ ਜ਼ਿਕਰ

ਧੂਰੀ (ਸੰਗਰੂਰ), 20 ਜੁਲਾਈ-

ਸੂਬੇ ਦੇ ਵਿਕਾਸ ਪ੍ਰਾਜੈਕਟਾਂ 'ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ।

ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ 3.07 ਕਰੋੜ ਰੁਪਏ ਦੇ ਫੰਡ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਸ਼ਹਿਰ ਲਈ ਰੇਲਵੇ ਓਵਰ ਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਦਾਇਗੀ ਸੂਬਾ ਸਰਕਾਰ ਨੇ ਕਰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਇਸ ਪ੍ਰਾਜੈਕਟ ਨੂੰ ਰੋਕਣ ਸਬੰਧੀ ਬਿਆਨ ਜਾਰੀ ਕੀਤਾ। ਇਸ ਉਪਰੰਤ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਡਰਾਮੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਸਿਆਸੀ ਆਗੂਆਂ ਨੂੰ ਸਬਕ ਸਿਖਾਉਣਗੇ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਆਰ.ਓ.ਬੀ. ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਕਿਉਂਕਿ ਉਹ ਇਸ ਮਾਮਲੇ ਨੂੰ ਨਿੱਜੀ ਤੌਰ 'ਤੇ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਧੂਰੀ ਵਿਖੇ ਅਤਿ-ਆਧੁਨਿਕ ਖੇਡ ਸਟੇਡੀਅਮ ਵੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੰਗਰੂਰ ਵਿਖੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਯੁਵਾ ਸ਼ਕਤੀਕਰਨ ਲਈ ਵੱਡੇ ਯਤਨ ਵਜੋਂ ਸੂਬਾ ਸਰਕਾਰ ਪੰਜਾਬ ਭਰ ਵਿੱਚ ਅੱਠ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਖੋਲ੍ਹਣ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਧੂਰੀ ਵਿੱਚ ਵੀ ਇੱਕ ਅਜਿਹਾ ਕੇਂਦਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਕੌਮੀ ਪੱਧਰ ਦੀਆਂ ਮੁਕਾਬਲੇ ਸਬੰਧੀ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨ ਲਈ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ 'ਤੇ ਸਫਲਤਾ ਲਈ ਪੂਰੀ ਤਰ੍ਹਾਂ ਤਿਆਰ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਸਦਕਾ ਮਹੱਤਵਪੂਰਨ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਇਸ ਘਿਨਾਉਣੇ ਵਪਾਰ ਵਿੱਚ ਸ਼ਾਮਲ ਵੱਡੇ ਅਪਰਾਧੀਆਂ ਨੂੰ ਦੇਖਣਾ ਚਾਹੁੰਦੇ ਹਨ, ਉਹ ਨਾਭਾ ਜੇਲ੍ਹ ਜਾ ਕੇ ਨਜ਼ਰ ਮਾਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਸਰਿੰਜਾਂ ਅਤੇ ਹੋਰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਮੰਨਿਆ ਜਾਂਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਇਸ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਹੁਣ ਤੱਕ ਲਗਪਗ 55,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਹੋਈ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਢਾਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਜਨਤਾ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਵੇਕਲੀਆਂ ਤੇ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਵਪਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਹੋਰ ਫੈਸਲੇ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਫੈਸਲਿਆਂ ਦਾ ਉਦੇਸ਼ ਪਹਿਲਾਂ ਤੋਂ ਮੌਜੂਦ ਉਦਯੋਗਿਕ ਇਕਾਈਆਂ ਦਾ ਵਿਸਥਾਰ ਯਕੀਨੀ ਬਣਾਉਣਾ ਅਤੇ ਨਾਲ ਹੀ ਸੂਬੇ ਵਿੱਚ ਨਵੇਂ ਉਦਯੋਗ ਲਾਉਣ ਲਈ ਸਹੂਲਤ ਦੇਣਾ ਹੈ।

ਬੇਅਦਬੀ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵਿੱਚ ਪੰਜਾਬ ਪ੍ਰੀਵੈਂਸ਼ਨ ਆਫ ਕ੍ਰਾਈਮ ਅਗੇਂਸਟ ਰਿਲੀਜੀਅਸ ਸਕ੍ਰਿਪਚਰਜ਼ ਬਿਲ, 2025 ਪੇਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸੰਵੇਦਨਸ਼ੀਲ ਅਤੇ ਗੰਭੀਰ ਮੁੱਦਾ ਸਾਰੇ ਪੰਜਾਬੀਆਂ ਲਈ ਪ੍ਰਮੁੱਖ ਹੈ ਅਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਦੂਰਗਾਮੀ ਪ੍ਰਭਾਵ ਰੱਖਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਵਿੱਚ ਅਜਿਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਗਿਣਤੀ ਵੱਧ ਕੇ 63 ਫੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਆਖਰੀ ਪਿੰਡਾਂ ਤੱਕ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਨੂੰ ਸਫਲਤਾਪੂਰਵਕ ਸੁਰੱਖਿਅਤ ਰੱਖਿਆ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਨੇ ਹਾਈਵੇਅ ਸੁਰੱਖਿਆ ਨੂੰ ਵਧਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ) ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਫੋਰਸ ਤਹਿਤ ਵਿਸ਼ੇਸ਼ ਤੌਰ ’ਤੇ ਭਰਤੀ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ, ਦੀ ਭਰਤੀ ਅਤੇ ਸਿਖਲਾਈ ਦਿੱਤੀ ਗਈ ਹੈ ਅਤੇ ਇਹ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਕਈ ਰਾਜਾਂ ਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

ਲੋਕ ਭਲਾਈ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਜਨਤਾ ’ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦਾ ਯਤਨ ਕਰਨ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਬਵਿਆਪੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਵੀ ਪਾਸ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਹਰ ਮਿਆਦ ਲਈ ਕਈ ਪੈਨਸ਼ਨਾਂ ਦੀ ਆਗਿਆ ਦੇਣ ਦੀ ਪਹਿਲਾਂ ਦੀ ਵਿਵਸਥਾ ਦੀ ਬਜਾਏ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ 2022 ਵਿੱਚ ਮੁਫ਼ਤ ਬਿਜਲੀ ਗਰੰਟੀ ਦੀ ਸ਼ੁਰੂਆਤ ਤੋਂ ਬਾਅਦ 90 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਪਰਿਵਾਰਾਂ ’ਤੇ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਘਰੇਲੂ ਖਪਤਕਾਰਾਂ ਤੋਂ ਇਲਾਵਾ, ਕਿਸਾਨਾਂ ਨੂੰ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ, ਜਿਸ ਨਾਲ ਆਰਥਿਕਤਾ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਵੇਂ ਕਿ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਬਿਜਾਈ ਦੀਆਂ ਤਰੀਕਾਂ ਅਗੇਤੀਆਂ ਕੀਤੀਆਂ ਹਨ, ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਝੋਨੇ ਦੀ ਖ਼ਰੀਦ 15 ਦਿਨ ਪਹਿਲਾਂ ਕਰਨ ਦੀ ਅਪੀਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਖੁਰਾਕ ਮੰਤਰੀ ਨੂੰ ਫ਼ੋਨ ਕਰਕੇ ਅਪੀਲ ਕੀਤੀ ਹੈ ਕਿ ਹੁਣ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ ਤਾਂ ਜੋ ਸੂਬੇ ਦੇ ਕਿਸਾਨ ਆਪਣੀ ਫ਼ਸਲ ਸੁਚਾਰੂ ਅਤੇ ਆਸਾਨੀ ਨਾਲ ਵੇਚ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲਿਆ ਸਕਣਗੇ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾ ਸਕੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.