IMG-LOGO
ਹੋਮ ਪੰਜਾਬ: ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86...

ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

Admin User - Jul 23, 2025 04:57 PM
IMG

• ਝੋਨੇ ਦੀ ਬਿਜਾਈ ਅਜੇ ਜਾਰੀ, ਡੀ.ਐਸ.ਆਰ. ਅਧੀਨ ਰਕਬੇ ਵਿੱਚ ਹੋਰ ਵਾਧਾ ਹੋਣ ਦੀ ਉਮੀਦ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 23 ਜੁਲਾਈ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਰਕਬੇ ਵਿੱਚ ਇਸ ਸਾਲ 11.86 ਫ਼ੀਸਦੀ ਵਾਧਾ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2.83 ਲੱਖ ਏਕੜ ਤੋਂ ਵੱਧ ਰਕਬੇ ਉਤੇ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜਦੋਂਕਿ ਪਿਛਲੇ ਸਾਲ ਡੀ.ਐੱਸ.ਆਰ. ਅਧੀਨ ਕੁੱਲ ਰਕਬਾ 2.53 ਲੱਖ ਏਕੜ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਹੋਰ ਵਾਧਾ ਹੋਵੇਗਾ ਕਿਉਂਕਿ ਝੋਨੇ ਦੀ ਬਿਜਾਈ ਅਜੇ ਵੀ ਜਾਰੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ ਵਿਧੀ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024 ਦੌਰਾਨ ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ 24,032 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਧਰਤੀ ਹੇਠਲਾ ਪਾਣੀ ਬਚਾਉਣ ਵਾਲੇ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐੱਸ.ਆਰ. ਤਕਨੀਕ ਨੂੰ ਉਤਸ਼ਾਹਿਤ ਕਰਨ ਅਤੇ ਇਸ ਅਧੀਨ ਰਕਬਾ ਵਧਾਉਣ ਲਈ ਵਧਾਈ ਵੀ ਦਿੱਤੀ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ ਨਾਲ ਕਈ ਕਦਮ ਚੁੱਕੇ। ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਉਣ ਤੋਂ ਇਲਾਵਾ ਕਿਸਾਨ ਸਿਖਲਾਈ ਕੈਂਪ ਲਗਾਏ ਤਾਂ ਜੋ ਕਿਸਾਨਾਂ ਨੂੰ ਵਿਹਾਰਕ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਤਕਨੀਕੀ ਪ੍ਰਭਾਵਸ਼ੀਲਤਾ ਨੂੰ ਦਰਸਾਉਣ ਅਤੇ ਕਿਸਾਨਾਂ ਨੂੰ ਡੀ.ਐਸ.ਆਰ. ਦੇ ਲਾਭ ਬਾਰੇ ਜਾਗਰੂਕ ਕਰਨ ਲਈ ਖੇਤ ਪ੍ਰਦਰਸ਼ਨੀਆਂ ਵੀ ਲਗਵਾਈਆਂ ਗਈਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.