ਤਾਜਾ ਖਬਰਾਂ
ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਕੀਤਾ ਹਮਲਾ
ਇਹ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਚਾਉਣ ਦਾ ਅੰਦੋਲਨ ਹੈ, ਅਸੀਂ ਡਰੱਗ ਮਾਫੀਆ ਅਤੇ ਇਸਦੇ ਗਠਜੋੜ ਨੂੰ ਖਤਮ ਕਰ ਕੇ ਰਹਾਂਗੇ: ਚੀਮਾ
ਇਹ 'ਚਾਚੇ-ਭਤੀਜੇ' ਦੀ ਸਰਕਾਰ ਨਹੀਂ ਹੈ, ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਅਸੀਂ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗੇ: ਚੀਮਾ
ਚੰਡੀਗੜ੍ਹ 26 ਜੁਲਾਈ-
ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਪੰਜਾਬ ਵਿੱਚ ਡਰੱਗ ਮਾਫੀਆ ਨੂੰ ਬਚਾਉਣ ਲਈ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਹੇਠ 'ਨਸ਼ਿਆਂ ਵਿਰੁੱਧ ਜੰਗ' ਸੂਬੇ ਭਰ ਵਿੱਚ ਇੱਕ ਜਨ ਲਹਿਰ ਬਣ ਗਈ ਹੈ, ਅਤੇ ਇਸਦਾ ਪ੍ਰਭਾਵ ਜ਼ਮੀਨੀ ਪੱਧਰ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਹੈ।
ਚੀਮਾ ਨੇ ਕਿਹਾ ਕਿ ਸਾਡੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸਿਰਫ਼ ਇੱਕ ਸਰਕਾਰੀ ਮੁਹਿੰਮ ਨਹੀਂ ਹੈ, ਸਗੋਂ ਇਹ ਇੱਕ ਲੋਕ ਲਹਿਰ ਬਣ ਗਈ ਹੈ। ਆਮ ਨਾਗਰਿਕਾਂ ਤੋਂ ਲੈ ਕੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਧਾਇਕਾਂ ਅਤੇ ਖੁਦ ਮੁੱਖ ਮੰਤਰੀ ਤੱਕ ਹਰ ਕੋਈ ਇਸ ਜੰਗ ਦਾ ਹਿੱਸਾ ਬਣ ਗਿਆ ਹੈ।
ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਡਰੱਗ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜ ਰਹੀ ਹੈ ਜਿਸ ਕਰ ਕੇ ਵਿਰੋਧੀ ਧਿਰ ਬੌਖਲਾ ਗਈ ਹੈ। ਉਨ੍ਹਾਂ ਕਿਹਾ ਜਦੋਂ ਵੀ ਅਸੀਂ ਸਖ਼ਤ ਕਾਰਵਾਈ ਕਰਦੇ ਹਾਂ ਭਾਵੇਂ ਉਹ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੋਵੇ ਜਾਂ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਣਾ ਹੋਵੇ ਵਿਰੋਧੀ ਧਿਰ ਦਾ ਕੋਈ ਨਾ ਕੋਈ ਆਗੂ ਅੱਗੇ ਆ ਕੇ ਉਨ੍ਹਾਂ ਦਾ ਬਚਾਅ ਕਰਨਾ ਸ਼ੁਰੂ ਕਰ ਦਿੰਦਾ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਹਾਲੀਆ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਚੀਮਾ ਨੇ ਕਿਹਾ, "ਉਨ੍ਹਾਂ ਦੇ ਬਿਆਨਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਾਰੇ ਹੀ ਡਰੱਗ ਮਾਫੀਆ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਇਹ ਲੋਕ ਨਹੀਂ ਚਾਹੁੰਦੇ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ। ਸਗੋਂ, ਉਹ ਇਸ ਮੁੱਦੇ ਨੂੰ ਰਾਜਨੀਤਿਕ ਉਦੇਸ਼ਾਂ ਲਈ ਵਰਤਣਾ ਚਾਹੁੰਦੇ ਹਨ ਅਤੇ ਡਰੱਗ ਦੇ ਵਪਾਰ ਨੂੰ ਜਾਰੀ ਰੱਖਣਾ ਚਾਹੁੰਦੇ ਹਨ।
ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਹ ਉਹੀ ਪਾਰਟੀਆਂ ਹਨ ਜੋ 2017 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਰ ਰਹੀਆਂ ਸਨ। ਉਹ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ ਪਰ ਕਰਦੇ ਕੁਝ ਵੀ ਨਹੀਂ ਸਨ। ਹੁਣ ਜਦੋਂ ਆਮ ਆਦਮੀ ਪਾਰਟੀ ਕਾਰਵਾਈ ਕਰ ਰਹੀ ਹੈ, ਤਾਂ ਉਨ੍ਹਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਇਨ੍ਹਾਂ ਪਾਰਟੀਆਂ ਨੇ ਪਿਛਲੇ 25-30 ਸਾਲਾਂ ਤੋਂ ਪੰਜਾਬ ਨੂੰ ਲੁੱਟਿਆ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇਹ ਪਾਰਟੀਆਂ ਉਸ ਮੁਹਿੰਮ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਜਿਸਦਾ ਉਦੇਸ਼ ਸਾਡੇ ਨੌਜਵਾਨਾਂ ਨੂੰ ਬਚਾਉਣਾ ਹੈ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ - ਇਹ ਸਾਰੇ ਇੱਕੋ ਜਿਹੇ ਹਨ। ਉਹ ਵੱਖ-ਵੱਖ ਰਾਜਨੀਤਿਕ ਕੈਂਪਾਂ ਵਿੱਚ ਬੈਠਦੇ ਹਨ, ਪਰ ਉਨ੍ਹਾਂ ਦਾ ਉਦੇਸ਼ ਇੱਕੋ ਹੈ ਨਸ਼ਾ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਫੈਲਾ ਕੇ ਪੰਜਾਬ ਨੂੰ ਤਬਾਹ ਕਰਨਾ।"
ਚੀਮਾ ਨੇ ਮਨੁੱਖੀ ਅਧਿਕਾਰਾਂ ਦਾ ਹਵਾਲਾ ਦੇ ਕੇ ਡਰੱਗ ਮਾਫੀਆ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਈ ਕੈਪਟਨ ਅਮਰਿੰਦਰ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਪੁੱਛਿਆ ਕਿ ਜਦੋਂ ਵੀ ਅਸੀਂ ਕਾਰਵਾਈ ਕਰਦੇ ਹਾਂ, ਕੋਈ ਨਾ ਕੋਈ ਮਨੁੱਖੀ ਅਧਿਕਾਰਾਂ ਦਾ ਮੁੱਦਾ ਉਠਾਉਂਦਾ ਹੈ, ਪਰ ਉਨ੍ਹਾਂ ਭੈਣਾਂ ਦੇ ਮਨੁੱਖੀ ਅਧਿਕਾਰਾਂ ਬਾਰੇ ਕੀ ਜਿਨ੍ਹਾਂ ਨੇ ਨਸ਼ੇ ਦੀ ਲਤ ਕਾਰਨ ਆਪਣੇ ਭਰਾ, ਪਤੀ ਗੁਆ ਦਿੱਤੇ ਹਨ? ਉਨ੍ਹਾਂ ਮਾਪਿਆਂ ਲਈ ਇਨਸਾਫ਼ ਬਾਰੇ ਕੀ ਜਿਨ੍ਹਾਂ ਨੇ ਇਸ ਲਤ ਕਾਰਨ ਆਪਣੇ ਪੁੱਤ ਅਤੇ ਧੀਆਂ ਗੁਆ ਦਿੱਤੀਆਂ ਹਨ?"
ਚੀਮਾ ਨੇ ਵਿਰੋਧੀ ਧਿਰ ਦੇ ਖੋਖਲੇ ਵਾਅਦਿਆਂ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ 2017 ਵਿੱਚ, ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਕਿਹਾ ਸੀ ਕਿ ਉਹ ਚਾਰ ਹਫ਼ਤਿਆਂ ਵਿੱਚ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦੇਣਗੇ। ਕਾਂਗਰਸ ਦੀ ਸਰਕਾਰ ਬਣੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੀ ਬਜਾਏ, ਅਸੀਂ ਇੱਕ 'ਚਾਚਾ-ਭਤੀਜਾ' ਸਰਕਾਰ ਦੇਖੀ, ਜਿੱਥੇ ਕੈਪਟਨ ਅਤੇ ਅਕਾਲੀ ਨੇਤਾ ਬਿਕਰਮ ਮਜੀਠੀਆ ਇਕੱਠੇ ਕੰਮ ਕਰਦੇ ਦਿਖਾਈ ਦਿੱਤੇ। ਕਾਂਗਰਸ ਨੇ ਮੁੱਖ ਮੰਤਰੀ ਵੀ ਬਦਲਿਆ, ਪਰ ਫਿਰ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਸਪੱਸ਼ਟ ਹੈ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਬਿਆਨ ਦਿੱਤੇ, ਡਰੱਗ ਮਾਫੀਆ 'ਤੇ ਨੱਥ ਪਾਉਣ ਦੀ ਇੱਛਾ ਸ਼ਕਤੀ ਨਹੀਂ ਦਿਖਾਈ।
ਕੈਪਟਨ ਅਮਰਿੰਦਰ ਸਿੰਘ ਦੀ ਹਾਲੀਆ ਫੇਸਬੁੱਕ ਪੋਸਟ ਦਾ ਹਵਾਲਾ ਦਿੰਦੇ ਹੋਏ, ਜਿਸ ਵਿੱਚ ਉਨ੍ਹਾਂ ਨੇ ਮਜੀਠੀਆ ਵਿਰੁੱਧ 'ਆਪ' ਸਰਕਾਰ ਦੀ ਕਾਰਵਾਈ 'ਤੇ ਸਵਾਲ ਉਠਾਏ ਸਨ, ਚੀਮਾ ਨੇ ਕਿਹਾ ਕਿ ਇਹ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਿਚਕਾਰ ਡੂੰਘੇ ਗੱਠਜੋੜ ਨੂੰ ਉਜਾਗਰ ਕਰਦਾ ਹੈ। ਇਨ੍ਹਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਵਿੱਚ ਇੱਕ ਡਰੱਗ ਨੈੱਟਵਰਕ ਬਣਾਇਆ, ਸਾਡੇ ਨੌਜਵਾਨਾਂ ਨੂੰ ਫਸਾਇਆ ਅਤੇ ਸੂਬੇ ਦੇ ਅਕਸ ਨੂੰ ਨੁਕਸਾਨ ਪਹੁੰਚਾਇਆ। ਅੱਜ ਉਹ ਆਪਣੇ ਬਿਆਨਾਂ, ਟਵੀਟਾਂ ਅਤੇ ਵੀਡੀਓਜ਼ ਰਾਹੀਂ ਡਰੱਗ ਮਾਫੀਆ ਦਾ ਬਚਾਅ ਕਰ ਰਹੇ ਹਨ। ਉਹ ਹੁਣ ਇੱਕਜੁੱਟ ਹੋ ਰਹੇ ਹਨ ਅਤੇ 'ਡਰੱਗ ਮਾਫੀਆ ਬਚਾਓ ਪਾਰਟੀ' ਬਣ ਰਹੇ ਹਨ।"
ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਚੀਮਾ ਨੇ ਦੁਹਰਾਇਆ "ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਜੋ ਵੀ ਇਸ ਮੁਹਿੰਮ ਦੇ ਰਾਹ ਵਿੱਚ ਆਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਪਿੱਛੇ ਨਹੀਂ ਹਟਾਂਗੇ।
ਵਿਰੋਧੀ ਧਿਰ ਦੇ ਸਿਆਸੀ ਪ੍ਰਚਾਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ 'ਤੇ ਵੀ ਜ਼ਬਰਦਸਤੀ ਨਹੀਂ ਕੀਤੀ ਜਾ ਰਹੀ। ਹਰ ਕੋਈ ਆਪਣੇ ਸੋਸ਼ਲ ਮੀਡੀਆ 'ਤੇ ਬੋਲ ਸਕਦਾ ਹੈ, ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਇਸ ਸੂਬੇ ਵਿੱਚ ਨਸ਼ਾ ਕਦੋਂ ਅਤੇ ਕਿਵੇਂ ਫੈਲਿਆ।
ਚੀਮਾ ਨੇਅੱਗੇ ਕਿਹਾ ਕਿ ਭਾਵੇਂ ਉਹ ਭਾਜਪਾ ਵਿੱਚ ਹੋਣ, ਕਾਂਗਰਸ ਵਿੱਚ ਹੋਣ ਜਾਂ ਅਕਾਲੀ ਦਲ ਵਿੱਚ ਉਹ ਸਾਰੇ ਇੱਕੋ ਗੱਠਜੋੜ ਦਾ ਹਿੱਸਾ ਹਨ। ਉਹ ਵਿਧਾਇਕ ਜਾਂ ਸੰਸਦ ਮੈਂਬਰ ਬਣਨ ਲਈ ਚੋਣਾਂ ਲੜਦੇ ਹਨ, ਪਰ ਨਸ਼ਾ ਫੈਲਾ ਕੇ ਆਮ ਲੋਕਾਂ ਦੇ ਬੱਚਿਆਂ ਦੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ।
ਹਰਪਾਲ ਸਿੰਘ ਚੀਮਾ ਨੇ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਇਹ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਅਸੀਂ ਰੁਕਾਂਗੇ ਨਹੀਂ। ਲੋਕ ਸਾਡੇ ਨਾਲ ਹਨ ਅਤੇ ਅਸੀਂ ਡਰੱਗ ਮਾਫੀਆ ਅਤੇ ਉਨ੍ਹਾਂ ਦੇ ਰਾਜਨੀਤਿਕ ਸਰਪ੍ਰਸਤਾਂ ਨੂੰ ਹਰਾਵਾਂਗੇ।
Get all latest content delivered to your email a few times a month.