IMG-LOGO
ਹੋਮ ਪੰਜਾਬ: ਮੁੱਖ ਮੰਤਰੀ ਮਾਨ ਨੇ ਕੈਪਟਨ ਨੂੰ ਕਰਵਾਇਆ ਚੇਤੇ; ਗੁਟਕਾ ਸਾਹਿਬ...

ਮੁੱਖ ਮੰਤਰੀ ਮਾਨ ਨੇ ਕੈਪਟਨ ਨੂੰ ਕਰਵਾਇਆ ਚੇਤੇ; ਗੁਟਕਾ ਸਾਹਿਬ ਦੀ ਸਹੁੰ ਚੁੱਕਣ ਤੋਂ ਬਾਅਦ ਵੀ ਤੁਸੀਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੋਂ ਝਿਜਕਦੇ ਰਹੇ

Admin User - Jul 26, 2025 08:43 PM
IMG

* ਕਿਹਾ; ਭਤੀਜੇ ਨੇ ਸੂਬੇ ਵਿੱਚ ਨਸ਼ਾ ਲਿਆਂਦਾ ਅਤੇ ਚਾਚੇ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਵਿੱਚ ਇਸ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕੀਤੀ 

* ਨਸ਼ਾ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਲਈ ਭਾਜਪਾ ਆਗੂ ਦੀ ਚਿੰਤਾ 'ਤੇ ਚੁੱਕੇ ਸਵਾਲ 

* ਨਸ਼ਾ ਤਸਕਰ ਦੀ ਗ੍ਰਿਫਤਾਰੀ 'ਤੇ ਕਾਂਗਰਸ ਅਤੇ ਭਾਜਪਾ ਨੂੰ ਆਪਣਾ ਰੁਖ਼ ਸਪੱਸ਼ਟ ਕਰਨ ਦੀ ਦਿੱਤੀ ਚੁਣੌਤੀ

* ਕਿਹਾ; ਕੈਪਟਨ ਅਤੇ ਉਨ੍ਹਾਂ ਦੇ 'ਚਹੇਤੇ' ਭਤੀਜੇ ਨੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ

ਚੰਡੀਗੜ੍ਹ, 26 ਜੁਲਾਈ-

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਗੂ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫ਼ਲ ਰਹੇ।

ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਨਸ਼ਾ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਸਪੱਸ਼ਟ ਚਿੰਤਾ 'ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਇਹ ਵਿਡੰਬਨਾ ਹੈ ਕਿ ਜਦੋਂ ਕੈਪਟਨ ਅਤੇ ਉਨ੍ਹਾਂ ਦੇ ਭਤੀਜੇ ਦੇ ਰਾਜ ਦੌਰਾਨ ਆਮ ਲੋਕਾਂ ਦੇ ਪੁੱਤ ਨਸ਼ਿਆਂ ਕਾਰਨ ਦਰਦਨਾਕ ਮੌਤਾਂ ਮਰ ਰਹੇ ਸਨ ਤਾਂ ਠਾਠ-ਬਾਠ ਵਾਲਾ ਮਹਾਰਾਜਾ ਸ਼ਾਨਦਾਰ ਪਾਰਟੀਆਂ ਵਿੱਚ ਰੁੱਝਿਆ ਰਿਹਾ।

ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਆਗੂਆਂ ਨੇ ਆਪਣੀ ਅਣਗਹਿਲੀ ਅਤੇ ਮਿਲੀਭੁਗਤ ਰਾਹੀਂ ਪੀੜ੍ਹੀ ਦਰ ਪੀੜ੍ਹੀ ਨਸਲਕੁਸ਼ੀ ਨੂੰ ਸੰਭਵ ਬਣਾ ਕੇ ਪੰਜਾਬ ਨੂੰ ਤਬਾਹ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸ਼ਾਸਨ ਨੂੰ ‘ਉਤਰ ਕਾਟੋ ਮੈਂ ਚੜ੍ਹਾਂ’ ਦੀ ਖੇਡ ਵਾਂਗ ਸਮਝਿਆ, ਨਸ਼ਿਆਂ ਦੇ ਵਪਾਰ ਨੂੰ ਬਚਾਉਣ ਅਤੇ ਉਤਸ਼ਾਹਿਤ ਕਰਦੇ ਹੋਏ ਸੱਤਾ ਲਈ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਦੇ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਜੋ ਉਨ੍ਹਾਂ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਹੋਏ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਉਨ੍ਹਾਂ ਨੇ ਨਸ਼ਿਆਂ ਨੂੰ ਬੇਰੋਕ ਵਧਣ-ਫੁੱਲਣ ਦੀ ਇਜਾਜ਼ਤ ਦੇ ਕੇ ਨੌਜਵਾਨ ਪੀੜ੍ਹੀ ਨੂੰ ਬਲਦੀ ਦੇ ਬੂਥੇ ਦਿੱਤਾ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਇਨ੍ਹਾਂ ਆਗੂਆਂ ਦੀ ਦੋਗਲੀ ਹਕੀਕਤ ਵੇਖ ਲਈ ਹੈ - ਹਾਲਾਂਕਿ, ਅਫ਼ਸੋਸ ਦੀ ਗੱਲ ਹੈ ਕਿ, ਭਾਰੀ ਨੁਕਸਾਨ ਤੋਂ ਬਾਅਦ ਲੋਕਾਂ ਨੂੰ ਸਚਾਈ ਦਾ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਭਾਜਪਾ ਸੰਭਾਵਤ ਤੌਰ 'ਤੇ ਕੈਪਟਨ ਦੀਆਂ ਹਾਲੀਆ ਟਿੱਪਣੀਆਂ ਨੂੰ ਨਿੱਜੀ ਰਾਏ ਵਜੋਂ ਖਾਰਜ ਕਰਨ ਅਤੇ ਉਨ੍ਹਾਂ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕਰੇਗੀ। ਭਗਵੰਤ ਸਿੰਘ ਮਾਨ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸੂਬੇ ਅਤੇ ਇਸ ਦੇ ਨਾਗਰਿਕਾਂ ਨਾਲ ਕੀਤੇ ਵਿਸ਼ਵਾਸਘਾਤ ਲਈ ਕਦੇ ਮੁਆਫ਼ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਤ੍ਰਾਸਦੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੋਂ ਲੈ ਕੇ ਰਵਨੀਤ ਬਿੱਟੂ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ ਤੱਕ ਕਈ ਆਗੂ ਇੱਕ ਨਸ਼ਾ ਤਸਕਰ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਵਿਅਕਤੀ ਹੈ, ਜਿਸ ਨੇ ਸੂਬੇ ਵਿੱਚ ਚਿੱਟਾ ਲਿਆਂਦਾ, ਆਪਣੀ ਸਰਕਾਰੀ ਗੱਡੀ ਦੀ ਵਰਤੋਂ ਕਰਕੇ ਨਸ਼ੇ ਸਪਲਾਈ ਕੀਤੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਸ਼ਿਆਂ ਦਾ ਵਪਾਰ ਅਕਾਲੀ ਸ਼ਾਸਨ ਦੌਰਾਨ ਵਧਿਆ-ਫੁੱਲਿਆ, ਖ਼ਾਸ ਕਰਕੇ ਜਦੋਂ ਬਿਕਰਮ ਸਿੰਘ ਮਜੀਠੀਆ ਸ਼ਾਸਨ ਵਿੱਚ ਸੀ। ਉਨ੍ਹਾਂ ਕਿਹਾ ਕਿ ਇਹ ਕਾਰੋਬਾਰ ਉਦੋਂ ਹੋਰ ਵੀ ਫੈਲਿਆ, ਜਦੋਂ ਅਕਾਲੀ ਆਗੂ ਦੇ ਚਾਚਾ ਜੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।

ਮੁੱਖ ਮੰਤਰੀ ਨੇ ਇਨ੍ਹਾਂ ਸਾਰੇ ਆਗੂਆਂ 'ਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਨੂੰ ਉਨ੍ਹਾਂ ਦੇ ਪਾਖੰਡ ਅਤੇ ਵਿਸ਼ਵਾਸਘਾਤ ਲਈ ਕਦੇ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਭਾਜਪਾ ਨੂੰ ਨਸ਼ਿਆਂ ਦੇ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ, ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂ ਹੁਣ ਇੱਕ ਬਦਨਾਮ ਨਸ਼ਾ ਤਸਕਰ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਜੰਗ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਨੂੰ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਰਕਾਰ ਨੇ ਇਹ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਦੌਲਤ ਲੁੱਟਣ ਵਾਲੇ ਚਾਹੇ ਕੋਈ ਵੀ ਹੋਵੇ ਉਸ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.