ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Kuldeep Singh Gargaj) ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ (Civil Judge Recruitment) ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਵਾਸੀ ਫੇਲੋਕੇ ਜ਼ਿਲ੍ਹਾ ਤਰਨ ਤਾਰਨ ਨੂੰ ਕਿਰਪਾਨ ਪਹਿਨੇ ਹੋਣ ਕਰਕੇ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ ਕਰਾਰ ਦਿੱਤਾ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦਿਆਂ ਰਾਜਸਥਾਨ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਦੱਸਣ ਵਾਲੀ ਭਾਜਪਾ ਦੱਸੇ ਕਿ ਉਹ ਕਿਵੇਂ ਸਿੱਖਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆ ਅੰਦਰ ਕਿਸ ਨੂੰ ਨਹੀਂ ਪਤਾ ਕਿ ਅੰਮ੍ਰਿਤਧਾਰੀ ਸਿੱਖ ਕਕਾਰ ਵਜੋਂ ਕਿਰਪਾਨ ਪਾਉਂਦੇ ਹਨ, ਲੇਕਿਨ ਦੇਸ਼ ਅੰਦਰ ਵਾਰ-ਵਾਰ ਸਿੱਖਾਂ ਨੂੰ ਉਨ੍ਹਾਂ ਦੀ ਵੱਖਰੀ ਪਛਾਣ ਅਤੇ ਧਾਰਮਿਕ ਅਕੀਦਿਆਂ ਕਾਰਨ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਹਾਈ ਕੋਰਟ ਦੇ ਸਿਵਲ ਜੱਜ ਦੀ ਭਰਤੀ ਵੇਲੇ ਸਿੱਖਾਂ ਨਾਲ ਵਿਤਕਰੇ ਦੇ ਮਾਮਲੇ ਜੈਪੁਰ ਤੇ ਜੋਧਪੁਰ ਤੋਂ ਸਾਹਮਣੇ ਆਏ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਨੇ ਇਸ ਸਬੰਧੀ ਸਰਕਾਰ ਨਾਲ ਲਿਖਾ-ਪੜ੍ਹੀ ਵੀ ਕੀਤੀ ਸੀ, ਇਸ ਦੇ ਬਾਵਜੂਦ ਇਸ ਸਾਲ ਫਿਰ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਇਮਤਿਹਾਨ ਵਿੱਚ ਦਾਖਲੇ ਤੋਂ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 25 ਦੀ ਵਿਆਖਿਆ 1 ਵਿੱਚ ਸਪੱਸ਼ਟ ਦਰਜ ਹੈ ਕਿ ਸਿੱਖ ਧਰਮ ਵਿੱਚ ਕਿਰਪਾਨ ਪਹਿਨਣਾ ਸ਼ਾਮਲ ਹੈ, ਇਸ ਦੇ ਬਾਵਜੂਦ ਸੰਵਿਧਾਨ ਦੀ ਰਾਖੀ ਕਰਨ ਵਾਲੀ ਅਦਾਲਤ ਦੀ ਪ੍ਰੀਖਿਆ ਵਿੱਚ ਹੀ ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
Get all latest content delivered to your email a few times a month.