IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ...

ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

Admin User - Aug 11, 2025 06:06 PM
IMG

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਕੰਮ 'ਤੇ ਵਾਪਸ ਆਉਣ ਦੀ ਅਪੀਲ

ਚੰਡੀਗੜ੍ਹ, 11 ਅਗਸਤ:

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ  ਹੜਤਾਲ ਕਰਮਚਾਰੀਆਂ  ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ 'ਤੇ ਵਾਪਸ ਪਰਤਣ ਦੀ ਅਪੀਲ ਕੀਤੀ। 

ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ 'ਤੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੀਆਂ ਹੜਤਾਲਾਂ ਕਾਰਨ ਲੱਖਾਂ ਖਪਤਕਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ  ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। 

ਪੰਜਾਬ ਸਰਕਾਰ ਵੱਲੋਂ ਇਸ ਸਬੰਧੀ  ਕੀਤੀਆਂ ਗਈ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 10 ਅਗਸਤ 2025 ਨੂੰ ਸਥਾਨਕ ਪੰਜਾਬ ਭਵਨ ਵਿਖੇ ਪੀ.ਐਸ.ਪੀ.ਸੀ.ਐਲ. ਪ੍ਰਸ਼ਾਸਨ ਅਤੇ ਪਾਵਰਕਾਮ ਕਰਮਚਾਰੀ ਸਾਂਝੇ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਨੁਮਾਇੰਦਿਆਂ ਦਰਮਿਆਨ ਇੱਕ ਅਹਿਮ ਮੀਟਿੰਗ ਬੁਲਾਈ ਗਈ, ਜਿਸਦੀ ਪ੍ਰਧਾਨਗੀ ਉਨ੍ਹਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਂਝੇ ਤੌਰ 'ਤੇ ਕੀਤੀ ਸੀ। ਇਸ ਮੀਟਿੰਗ ਦੌਰਾਨ, ਪੀ.ਐਸ.ਪੀ.ਸੀ.ਐਲ. ਪ੍ਰਸ਼ਾਸਨ ਨੇ ਕਰਮਚਾਰੀਆਂ ਵੱਲੋਂ ਰੱਖੀਆਂ ਗਈਆਂ ਲਗਭਗ ਸਾਰੀਆਂ ਮੁੱਖ ਮੰਗਾਂ ਨੂੰ ਸਵੀਕਾਰ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਸੀ। 

ਈ.ਟੀ.ਓ. ਨੇ ਕਿਹਾ ਕਿ ਕਰਮਚਾਰੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਵਿੱਚ ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨਾ, ਐਕਸ-ਗ੍ਰੇਸ਼ੀਆ ਰਕਮ ਵਿੱਚ ਵਾਧਾ ਕਰਨਾ, ਅੰਤਿਮ ਫੈਸਲੇ ਤੱਕ ਤਰਸਯੋਗ ਮਾਮਲਿਆਂ ਵਿੱਚ ਰਿਕਵਰੀ ਨੂੰ ਰੋਕਣਾ, ਕਰਮਚਾਰੀਆਂ ਲਈ ਕੈਸ਼ਲੈਸ ਡਾਕਟਰੀ ਸਹੂਲਤਾਂ ਦੀ ਵਿਵਸਥਾ ਕਰਨਾ, ਲੰਬਿਤ ਭੱਤੇ ਜਾਰੀ ਕਰਨਾ, ਗਰਿੱਡ ਸਬ ਸਟੇਸ਼ਨ ਸਟਾਫ਼ ਦੇ ਓਵਰਟਾਈਮ ਭੁਗਤਾਨ ਸਬੰਧੀ ਬਕਾਏ ਜਾਰੀ ਕਰਨਾ ਅਤੇ ਪੈਨਸ਼ਨ ਵਿੱਚ ਸੋਧ ਸਬੰਧੀ ਕੁਝ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੀਆਂ ਇਮਾਰਤਾਂ ਦੀ ਮੁਰੰਮਤ ਅਤੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦੇਣ ਦਾ ਵਾਅਦਾ ਵੀ ਕੀਤਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਮੰਗਾਂ ਦਾ ਹੱਲ ਹੋ ਜਾਣ ਨਾਲ ਹੁਣ ਕਰਮਚਾਰੀਆਂ ਲਈ ਹੜਤਾਲ ਜਾਰੀ ਰੱਖਣਾ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹਮੇਸ਼ਾ ਸੁਹਿਰਦਤਾ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੜਤਾਲ ਛੱਡ ਕੇ ਜਨਤਕ ਭਲਾਈ 'ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ, ਕੁਸ਼ਲ ਅਤੇ ਖਪਤਕਾਰ-ਅਨੁਕੂਲ ਬਣਾਉਣ ਲਈ ਕਰਮਚਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਏਕਤਾ ਬੇਹੱਦ ਜ਼ਰੂਰੀ ਹੈ।

ਬਿਜਲੀ ਮੰਤਰੀ ਨੇ ਆਸ ਪ੍ਰਗਟਾਈ ਕਿ ਹੜਤਾਲ ਕਰ ਰਹੇ ਕਰਮਚਾਰੀ ਸਰਕਾਰ ਦੀ ਸਦਭਾਵਨਾ ਭਰੀ ਪਹਿਲ ਪ੍ਰਤੀ ਸਕਾਰਾਤਮਕ ਹੁੰਗਾਰਾ ਭਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਮੰਨਣ ਨਾਲ, ਉਨ੍ਹਾਂ ਨੂੰ ਉਮੀਦ ਹੈ ਕਿ ਕਰਮਚਾਰੀ ਹੜਤਾਲ ਖਤਮ ਕਰਕੇ ਅਤੇ ਬਿਨਾਂ ਕਿਸੇ ਦੇਰੀ ਤੋਂ ਆਪਣੀਆਂ ਡਿਊਟੀਆਂ ‘ਤੇ ਵਾਪਸ ਪਰਤਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਕਿਹਾ ਕਿ ਕਰਮਚਾਰੀਆਂ ਵੱਲੋਂ ਵਾਪਸ ਡਿਊਟੀਆਂ ਸੰਭਾਲਣ ਨਾਲ ਨਾ ਸਿਰਫ਼ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ ਬਲਕਿ ਕਰਮਚਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਆਪਸੀ ਵਿਸ਼ਵਾਸ ਵੀ ਮਜ਼ਬੂਤ ਹੋਵੇਗਾ, ਜਿਸ ਨਾਲ ਪੰਜਾਬ ਦੇ ਬਿਜਲੀ ਖੇਤਰ ਵਿੱਚ ਪ੍ਰਗਤੀ ਦਾ ਰਾਹ ਪੱਧਰਾ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.