ਤਾਜਾ ਖਬਰਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਇੱਕ ਵਾਰ ਫਿਰ ਲੋਕ ਸਭਾ ਦੀ ਸਥਾਈ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਸਿਫਾਰਿਸ਼ ਤੇ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਚੰਨੀ ਨੂੰ ਖੇਤੀਬਾੜੀ, ਪਸ਼ੂਪਾਲਣ, ਡੇਅਰੀ, ਮੱਛੀ ਪਾਲਣ, ਸਹਿਕਾਰਤਾ ਅਤੇ ਫੂਡ ਪ੍ਰੋਸੈਸਿੰਗ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ। ਇਸ ਕਮੇਟੀ ਵਿੱਚ ਪੰਜਾਬ ਤੋਂ ਹਰਸਿਮਰਤ ਕੌਰ ਬਾਦਲ ਸਮੇਤ 21 ਲੋਕ ਸਭਾ ਅਤੇ 10 ਰਾਜ ਸਭਾ ਮੈਂਬਰ ਸ਼ਾਮਲ ਹਨ।
ਚਰਨਜੀਤ ਸਿੰਘ ਚੰਨੀ ਦੀ ਪਿਛਲੇ ਸਾਲ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਵਿੱਚ ਕੀਤੇ ਗਏ ਉਨ੍ਹਾਂ ਦੇ ਯੋਗਦਾਨ ਦੇ ਆਧਾਰ 'ਤੇ ਇਹ ਦੁਬਾਰਾ ਨਿਯੁਕਤੀ ਕੀਤੀ ਗਈ ਹੈ। ਚੰਨੀ ਨੇ ਪਿਛਲੇ ਸਮੇਂ ਵਿੱਚ ਕਿਸਾਨਾਂ ਨੂੰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੇਣ, ਪਰਾਲੀ ਦੀ ਸੰਭਾਲ ਲਈ ਮੁਆਵਜ਼ਾ ਦੇਣ ਅਤੇ ਕਿਸਾਨ ਨਿਧੀ ਸਕੀਮ ਦੇ ਦਾਇਰੇ ਵਿੱਚ ਖੇਤ ਮਜ਼ਦੂਰਾਂ ਨੂੰ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਨੇ ਇਸ ਵਿਭਾਗ ਦਾ ਨਾਮ “ਕਿਸਾਨ ਅਤੇ ਖੇਤ ਮਜ਼ਦੂਰ ਭਲਾਈ ਵਿਭਾਗ” ਰੱਖਣ ਦੀ ਵੀ ਸਿਫਾਰਸ਼ ਕੀਤੀ।
ਚੰਨੀ ਦੀ ਕਾਰਗੁਜ਼ਾਰੀ ਨੂੰ ਸਨਮਾਨ ਦਿੰਦਿਆਂ, ਉਨ੍ਹਾਂ ਨੂੰ ਸੰਸਦ ਰਤਨ ਅਵਾਰਡ ਨਾਲ ਵੀ ਨਿਵਾਜਿਆ ਗਿਆ। ਇਸ ਸਥਾਈ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਲਾਂਚ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਚੰਨੀ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦਾ ਧੰਨਵਾਦ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੀ ਤਰ੍ਹਾਂ, ਇਸ ਵਾਰ ਵੀ ਉਹ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਲਈ ਜਵਾਬਦੇਹ ਰਹਿਣਗੇ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਕੇਂਦਰ ਸਰਕਾਰ ਅੱਗੇ ਨਵੀਆਂ ਰਿਪੋਟਾਂ ਪੇਸ਼ ਕਰਨਗੇ, ਤਾਂ ਜੋ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਜੀਵਨ ਸ਼ੈਲੀ ਉੱਚੀ ਹੋਵੇ ਅਤੇ ਉਨ੍ਹਾਂ ਦੇ ਮੁੱਖ ਚੁਣੌਤੀਆਂ ਦਾ ਹੱਲ ਕੀਤਾ ਜਾ ਸਕੇ।
Get all latest content delivered to your email a few times a month.