ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਅੱਜ 12ਵੀਂ ਬੱਸ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ। ਇਹ ਬੱਸ ਵਾਰਡ ਨੰਬਰ 40 ਸੁਹਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨਾਲ ਭਰੀ ਇਹ ਬੱਸ ਤਿੰਨ ਦਿਨ ਅਤੇ ਦੋ ਰਾਤਾਂ ਦੀ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਮੰਦਰ, ਜਲਿਆਂਵਾਲਾ ਬਾਗ ਅਤੇ ਬਾਘਾ ਬਾਰਡਰ ਸਮੇਤ ਕਈ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰੇਗੀ ਅਤੇ ਯਾਤਰਾ ਪੂਰੀ ਕਰਕੇ ਵਾਪਸ ਮੋਹਾਲੀ ਆਵੇਗੀ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮਕਸਦ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਭਰ ਤੋਂ ਲਗਭਗ 60 ਬੱਸਾਂ ਰੋਜ਼ਾਨਾ ਤੀਰਥ ਯਾਤਰਾ ਲਈ ਭੇਜੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਯੋਜਨਾ ਨੂੰ ਅੱਗੇ ਵੀ ਵਧਾਇਆ ਜਾਵੇਗਾ ਤਾਂ ਜੋ ਕੋਈ ਵੀ ਸ਼ਰਧਾਲੂ ਤੀਰਥ ਯਾਤਰਾ ਤੋਂ ਵਾਂਝਾ ਨਾ ਰਹਿ ਜਾਵੇ।
ਕੁਲਵੰਤ ਸਿੰਘ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੇਂਦਰਾਂ ‘ਤੇ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਲੋਕ ਬਿਨਾਂ ਕਿਸੇ ਦਿੱਕਤ ਦੇ ਇਸ ਯੋਜਨਾ ਦਾ ਲਾਭ ਲੈ ਸਕਣ।
ਉਨ੍ਹਾਂ ਇਹ ਵੀ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਕਈ ਨਵੇਂ ਚੌਂਕ ਤਿਆਰ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਚੌਂਕਾਂ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਨਾਲ ਸ਼ਹਿਰ ਦੀ ਖੂਬਸੂਰਤੀ ਬਣੀ ਰਹੇਗੀ ਅਤੇ ਟ੍ਰੈਫਿਕ ਸਮੱਸਿਆ ‘ਤੇ ਵੀ ਕਾਬੂ ਪਾਇਆ ਜਾ ਸਕੇਗਾ।
ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਖੁਦ ਬੂਥ ਵਾਈਜ਼ ਆਪਣੇ ਨਾਮ ਦਰਜ ਕਰਵਾ ਰਹੇ ਹਨ।
ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਨੰਬਰਦਾਰ ਹਰਸੰਗਤ ਸਿੰਘ ਸੋਹਣਾ, ਸੁਰਿੰਦਰ ਸਿੰਘ ਰੋਡਾ, ਕੁਲਦੀਪ ਸਿੰਘ ਸਮਾਣਾ, ਗੋਬਿੰਦਰ ਮਿੱਤਲ (ਚੇਅਰਮੈਨ ਮਾਰਕੀਟ ਕਮੇਟੀ), ਜਸਪਾਲ ਸਿੰਘ ਐਮਸੀ, ਕਮਲਜੀਤ ਕੌਰ ਸੋਹਣਾ, ਬਲਵਿੰਦਰ ਸਿੰਘ ਮੌਲੀ, ਗੁਰਦੀਪ ਸਿੰਘ, ਨਿਰਮਲ ਸਿੰਘ ਅਤੇ ਅਮਰੀਕ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।
Get all latest content delivered to your email a few times a month.