ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ, ਖਾਸਕਰ ਸਿੱਖ ਆਗੂਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਵਿਦੇਸ਼ਾਂ ਵਿਚ ਸਾਡੇ ਲੋਕ ਆਪਣੀ ਲਿਆਕਤ ਤੇ ਕਰੜੀ ਮਿਹਨਤ ਨਾਲ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲੀਆ ਕੈਨੇਡਾ ਚੋਣ ਨਤੀਜਾ ਇਸ ਗੱਲ ਦਾ ਤੱਥ ਹੈ ਕਿ ਅਨੰਦਪੁਰ ਸਾਹਿਬ ਦੇ ਵਾਸੀ ਸਿੱਖ ਅੱਜ ਸਮੁੱਚੀ ਦੁਨੀਆ ਅੰਦਰ ਚੜ੍ਹਦੀ ਕਲਾ ਨਾਲ ਕਾਰਜ ਕਰ ਰਹੇ ਹਨ ਤੇ ਹਰ ਖੇਤਰ ਵਿਚ ਨਾਮਣਾ ਖੱਟ ਰਹੇ ਹਨ। ਉਨ੍ਹਾਂ ਜਿੱਤਣ ਵਾਲੇ ਸਮੂਹ ਪੰਜਾਬੀ ਤੇ ਸਿੱਖ ਆਗੂਆਂ ਨੂੰ ਕੈਨੇਡਾ ਅੰਦਰ ਆਪਣੀ ਮੂਲ ਪਛਾਣ ਕਾਇਮ ਰਖਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਵੀ ਪ੍ਰੇਰਿਤ ਕੀਤਾ। ਜਥੇਦਾਰ ਗੜਗੱਜ ਨੇ ਕਿਹਾ ਕਿ ਸਾਰੇ ਚੁਣੇ ਗਏ ਪੰਜਾਬੀ ਤੇ ਸਿੱਖ ਨੁਮਾਇੰਦਿਆਂ ਨੂੰ ਕੈਨੇਡਾ ਅੰਦਰ ਸਥਾਨਕ ਲੋਕਾਂ ਦੇ ਨਾਲ-ਨਾਲ ਆਪਣੇ ਭਾਈਚਾਰੇ ਦੇ ਸਰੋਕਾਰਾਂ ਦੀ ਤਰਜਮਾਨੀ ਵੀ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਮਾਰਕ ਕਾਰਨੀ ਨੂੰ ਵੀ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ।
Get all latest content delivered to your email a few times a month.