ਤਾਜਾ ਖਬਰਾਂ
ਲੁਧਿਆਣਾ, 30 ਅਪ੍ਰੈਲ: ਸ਼ਹਿਰ ਭਰ ਵਿੱਚ ਸ਼ੁਰੂ ਕੀਤੀ ਗਈ ਮੈਗਾ ਸਫਾਈ ਮੁਹਿੰਮ ਨੂੰ ਇੱਕ ਜਨਤਕ ਲਹਿਰ ਬਣਾਉਣ ਦੇ ਉਦੇਸ਼ ਨਾਲ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਬੁੱਧਵਾਰ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਸਫਾਈ ਮੁਹਿੰਮ ਜਾਰੀ ਰੱਖੀ
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਰਬਨ ਅਸਟੇਟ, ਜਮਾਲਪੁਰ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ; ਲੁਧਿਆਣਾ ਦੱਖਣੀ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸਪਰਿੰਗਡੇਲ ਸਕੂਲ ਰੋਡ 'ਤੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਮੱਲ੍ਹੀ ਪੈਲੇਸ ਰੋਡ 'ਤੇ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸੇ ਤਰ੍ਹਾਂ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਖੁੱਡ ਮੁਹੱਲੇ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਦੋਂ ਕਿ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਸ਼ਕਤੀ ਨਗਰ ਵਿੱਚ ਸਫਾਈ ਮੁਹਿੰਮ ਦੀ ਅਗਵਾਈ ਕੀਤੀ। ਕੌਂਸਲਰ ਅਨੀਤਾ ਨੰਚਾਹਲ, ਕਰਨ ਨੰਚਾਹਲ, ਮਨਪ੍ਰੀਤ ਮੰਨਾ, ਅਨੁਜ ਚੌਧਰੀ ਸਮੇਤ ਹੋਰਨਾਂ ਨੇ ਵੀ ਸਫਾਈ ਮੁਹਿੰਮਾਂ ਵਿੱਚ ਹਿੱਸਾ ਲਿਆ।
ਕੈਬਨਿਟ ਮੰਤਰੀ ਅਤੇ ਵਿਧਾਇਕਾਂ ਨੇ ਸ਼ਹਿਰ ਦੀ ਸਫਾਈ ਬਣਾਈ ਰੱਖਣ ਲਈ ਸਫਾਈ ਕਰਮਚਾਰੀਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਹਿਰ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੈਗਾ ਸਫਾਈ ਮੁਹਿੰਮ ਪਿਛਲੇ ਹਫ਼ਤੇ ਤੋਂ ਚੱਲ ਰਹੀ ਹੈ ਅਤੇ ਇਹ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਉਹ ਜਨਤਕ ਸ਼ਮੂਲੀਅਤ ਅਤੇ ਜਿੱਥੇ ਵੀ ਲੋੜ ਹੋਵੇ ਸੁਧਾਰ ਕਰਨ ਲਈ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ/ਵਿਅਕਤੀਆਂ ਤੋਂ ਵੀ ਫੀਡਬੈਕ ਲੈ ਰਹੇ ਹਨ।
ਅਰਬਨ ਅਸਟੇਟ-2, ਜਮਾਲਪੁਰ ਦੀ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਦੇ ਖਜ਼ਾਨਚੀ, ਰਜਿੰਦਰ ਬਾਂਸਲ ਨੇ ਰਾਜ ਸਰਕਾਰ ਦੁਆਰਾ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਿਸ ਤਹਿਤ ਕੈਬਨਿਟ ਮੰਤਰੀ ਅਤੇ ਵਿਧਾਇਕ ਖੁਦ ਸਥਿਤੀ ਦਾ ਜਾਇਜ਼ਾ ਲੈਣ ਅਤੇ ਸ਼ਹਿਰ ਭਰ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਲਈ ਫ਼ੀਲਡ ਵਿੱਚ ਉਤਰ ਰਹੇ ਹਨ।
ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਸਮੇਤ ਹੋਰ ਨਗਰ ਨਿਗਮ ਅਧਿਕਾਰੀਆਂ ਨੇ ਵੀ ਸਫਾਈ ਮੁਹਿੰਮਾਂ ਵਿੱਚ ਹਿੱਸਾ ਲਿਆ।
ਸੜਕਾਂ, ਪਾਰਕਾਂ ਆਦਿ ਦੀ ਸਫਾਈ ਤੋਂ ਇਲਾਵਾ, ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਜਿੱਥੇ ਵੀ ਲੋੜ ਹੋਵੇ ਸੀਵਰ ਲਾਈਨਾਂ/ਰੋਡ ਜਾਲੀਆਂ ਦੀ ਸਫਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਵਸਨੀਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਫੌਗਿੰਗ ਵੀ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਮੁੰਡੀਆਂ, ਵਿਧਾਇਕ ਛੀਨਾ, ਵਿਧਾਇਕ ਬੱਗਾ, ਵਿਧਾਇਕ ਪਰਾਸ਼ਰ ਅਤੇ ਵਿਧਾਇਕ ਗਰੇਵਾਲ ਨੇ ਲੁਧਿਆਣਾ ਦੇ ਸਾਰੇ ਨਿਵਾਸੀਆਂ ਨੂੰ ਬਿਹਤਰ ਭਵਿੱਖ ਲਈ ਇਸ ਮੁਹਿੰਮ ਨੂੰ ਇੱਕ ਜਨਤਕ ਲਹਿਰ ਬਣਾਉਣ ਦੀ ਅਪੀਲ ਕੀਤੀ।
Get all latest content delivered to your email a few times a month.