ਤਾਜਾ ਖਬਰਾਂ
ਚੰਡੀਗੜ੍ਹ 2 ਮਈ; ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਪਿੰਡ ਰੇਰੂ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ, ਜਿਸ ਵਿਰੁੱਧ ਉਕਤ ਥਾਣੇ ਵਿੱਚ ਪੁਲਿਸ ਕੇਸ ਦਰਜ ਸੀ, ਨੂੰ ਕਥਿਤ ਤੌਰ 'ਤੇ ਪਨਾਹ ਦੇਣ ਦੇ ਮਾਮਲੇ ਵਿੱਚ ਬੀ.ਐਨ.ਐਸ. ਦੀ ਧਾਰਾ 249 ਤਹਿਤ ਉਸ ਦਾ ਨਾਂ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਉਕਤ ਪੁਲਿਸ ਮੁਲਾਜ਼ਮ ਨੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦਾ ਨਾਮ ਪਹਿਲਾਂ ਉਸਦੇ ਪੁੱਤਰ ਨੂੰ ਪਨਾਹ ਦੇਣ ਕਰਕੇ ਐਫ.ਆਈ.ਆਰ. ਵਿੱਚ ਸ਼ਾਮਲ ਕੀਤਾ ਗਿਆ ਸੀ ਪਰ ਬਾਅਦ ਵਿੱਚ ਪੁਲਿਸ ਜਾਂਚ ਉਪਰੰਤ ਉਸ ਦਾ ਨਾਂ ਕੱਢ ਦਿੱਤਾ ਗਿਆ ਸੀ ਪਰ ਉਕਤ ਏ.ਐਸ.ਆਈ. ਸ਼ਿਕਾਇਤਕਰਤਾ ਨੂੰ ਉਸੇ ਮਾਮਲੇ ਵਿੱਚ ਬੀ.ਐਨ.ਐਸ. ਦੀ ਧਾਰਾ 249 ਤਹਿਤ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਬੀ.ਐਨ.ਐਸ. ਦੀ ਧਾਰਾ 308 (2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Get all latest content delivered to your email a few times a month.