ਤਾਜਾ ਖਬਰਾਂ
ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ...
ਚੰਡੀਗੜ੍ਹ/ ਨੰਗਲ, 04 ਮਈ: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾ ਰਹੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਲਗਾਤਾਰ ਚੌਥੇ ਦਿਨ ਨੰਗਲ ਵਿਖੇ ਭਾਖੜਾ ਡੈਮ ਦਾ ਦੌਰਾ ਕੀਤਾ ਤਾਂ ਜੋ ਹਰਿਆਣਾ ਨੂੰ ਵਾਧੂ ਪਾਣੀ ਨਾ ਛੱਡਿਆ ਜਾਵੇ।
ਡੈਮ ਉੱਤੇ ਜਾਇਜ਼ਾ ਲੈਣ ਉਪਰੰਤ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੇਤੀਬਾੜੀ 'ਤੇ ਨਿਰਭਰ ਪੰਜਾਬ ਦੀ ਆਰਥਿਕਤਾ ਲਈ ਪਾਣੀ ਬੇਹੱਦ ਅਹਿਮ ਹੈ। ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਣੀ ਸਬੰਧੀ ਲਏ ਗਏ ਫ਼ੈਸਲੇ 'ਤੇ ਅਡੋਲ ਹੈ।
ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਥਿਤੀ ‘ਤੇ ਨੇੜਿਓਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਨੰਗਲ ਡੈਮ ਦਾ ਦੌਰਾ ਕਰ ਚੁੱਕੇ ਹਨ ਅਤੇ ਇਸ ਮੁੱਦੇ ਦੇ ਹੱਲ ਲਈ ਭਲਕੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਗਿਆ ਹੈ। ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਰਾਜ ਸਰਕਾਰਾਂ ਪੰਜਾਬ ਦੇ ਹੱਕਾਂ ਉਤੇ ਡਾਕਾ ਨਹੀਂ ਮਾਰ ਸਕਦੀਆਂ। ਆਮ ਆਦਮੀ ਪਾਰਟੀ ਦੇ ਵਰਕਰ ਨਿਰੰਤਰ ਨੰਗਲ ਡੈਮ ਉਤੇ ਪਹਿਰਾ ਦੇ ਰਹੇ ਹਨ ਤਾਂ ਜੋ ਗੈਰ ਕਾਨੂੰਨੀ ਤਰੀਕੇ ਨਾਲ ਹੋਰ ਰਾਜਾਂ ਨੂੰ ਉਨ੍ਹਾਂ ਦੇ ਹਿੱਸੇ ਤੋਂ ਵੱਧ ਪਾਣੀ ਨਾ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਲਵਾਈ ਦਾ ਸੀਜ਼ਨ ਨੇੜੇ ਹੈ ਅਤੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਬਹੁਤ ਲੋੜ ਹੈ ਅਤੇ ਇਸ ਲਈ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਨਹੀਂ ਛੱਡਿਆ ਜਾ ਸਕਦਾ।
ਉਨ੍ਹਾਂ ਨੇ ਅਧਿਕਾਰੀਆਂ ਤੋਂ ਨੰਗਲ ਡੈਮ ਤੋਂ ਪਾਣੀ ਛੱਡਣ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸੂਬਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਹਿੱਤ ਸੁਰੱਖਿਅਤ ਹਨ।
ਸ. ਹਰਜੋਤ ਸਿੰਘ ਬੈਂਸ ਨੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਸ਼ਾਂ ਦੌਰਾਨ ਵਾਧੂ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦੀ ਗੱਲ ਕਰਦਿਆਂ ਕਿਹਾ ਕਿ ਮੌਨਸੂਨ ਦੌਰਾਨ ਅਕਸਰ ਸਵਾਂ ਨਦੀ ਵਿੱਚ ਅਚਾਨਕ ਹੜ੍ਹ ਆਉਣ ਨਾਲ ਪੰਜਾਬ ਦੇ ਪਿੰਡ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਗੁਆਂਢੀ ਰਾਜ ਉਸ ਸਮੇਂ ਵਾਧੂ ਪਾਣੀ ਲੈਣ ਲਈ ਹਾਮੀ ਕਿਉਂ ਨਹੀਂ ਭਰਦੇ? ਹੁਣ ਜਦੋਂ ਝੋਨੇ ਦੇ ਸੀਜ਼ਨ ਸਦਕਾ ਸਾਡੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਬਹੁਤ ਲੋੜ ਹੈ, ਤਾਂ ਉਹ ਪੰਜਾਬ ਤੋਂ ਉਮੀਦ ਕਰਦੇ ਹਨ ਕਿ ਉਹਨਾਂ ਨੂੰ ਪਾਣੀ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਇਸ ਸਾਲ 10 ਹਜ਼ਾਰ ਏਕੜ ਹੋਰ ਰਕਬੇ ਵਿੱਚ ਸਿੰਜਾਈ ਸਹੂਲਤ ਦਾ ਪ੍ਰਬੰਧ ਕਰ ਸਕੇ ਹਾਂ। ਭਵਿੱਖੀ ਯੋਜਨਾਵਾਂ ਵਿੱਚ ਅਰਧ-ਪਹਾੜੀ ਚੰਗਰ ਖੇਤਰ ਨੂੰ ਲਾਭ ਪਹੁੰਚਾਉਣ ਲਈ ਪਾਈਪਲਾਈਨ ਰਾਹੀਂ ਲਿਫਟ ਸਿੰਜਾਈ ਯੋਜਨਾ ਲਿਆਂਦੀ ਜਾਵੇਗੀ।
ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਜਲ ਸਰੋਤਾਂ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੀ ਹੈ ਅਤੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
Get all latest content delivered to your email a few times a month.