ਤਾਜਾ ਖਬਰਾਂ
ਚੰਡੀਗੜ੍ਹ, 9 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਬਨਿਟ ਮੰਤਰੀਆਂ ਨੂੰ ਸਰਹੱਦੀ ਖੇਤਰਾਂ ਵਿੱਚ ਪੱਕੇ ਤੌਰ ’ਤੇ ਡੇਰਾ ਲਾਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਸੂਬੇ ਵਿੱਚ ਪੈਦਾ ਹੋਈ ਜੰਗ ਵਰਗੀ ਸਥਿਤੀ ਦੌਰਾਨ ਸੂਬੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰਾਂ ਦੇ ਮੰਤਰੀਆਂ ਨੂੰ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਆਪੋ-ਆਪਣੇ ਇਲਾਕਿਆਂ ਵਿੱਚ ਸਥਾਈ ਤੌਰ 'ਤੇ ਤਾਇਨਾਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹੋਰ ਮੰਤਰੀਆਂ ਨੂੰ ਵੀ ਰੋਟੇਸ਼ਨ (ਵਾਰੋ-ਵਾਰੀ) ਦੇ ਆਧਾਰ 'ਤੇ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਤਾਂ ਜੋ ਹੰਗਾਮੀ ਸਥਿਤੀ ਵਿੱਚ ਲੋਕਾਂ ਨੂੰ ਮਦਦ ਦਾ ਭਰੋਸਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਤਰੀ ਫਾਇਰ ਸਟੇਸ਼ਨਾਂ, ਹਸਪਤਾਲਾਂ, ਰਾਸ਼ਨ ਡਿਪੂਆਂ ਅਤੇ ਹੋਰ ਥਾਵਾਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰਾਂ ਨਾਲ ਸਬੰਧਤ ਕੈਬਨਿਟ ਮੰਤਰੀ ਬਚਾਅ ਕਾਰਜਾਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦੇਣਗੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਮੰਤਰੀ ਸਰਹੱਦੀ ਖੇਤਰਾਂ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦੇ ਹੱਲ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਔਖੀ ਘੜੀ ਵਿੱਚ ਕੋਈ ਮੁਸ਼ਕਲ ਨਾ ਆਵੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ 'ਤੇ ਵਧ ਰਹੇ ਤਣਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਰਹੱਦੀ ਖੇਤਰ ਦੇ ਵਸਨੀਕਾਂ ਨਾਲ ਭਾਵੁਕ ਸਾਂਝ ਪਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦਾ ਰਿਣੀ ਹੈ ਕਿ ਉਨ੍ਹਾਂ ਨੇ ਸੂਬੇ ਦੇ ਸਰਹੱਦੀ ਇਲਾਕੇ ਵਿੱਚ ਰਹਿੰਦਿਆਂ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਬਹਾਦਰ ਲੋਕਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦੌਰਾਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੰਗ ਦੇ ਲਗਾਤਾਰ ਖ਼ਤਰੇ ਕਾਰਨ ਇਹ ਖੇਤਰ ਵਿਕਾਸ ਵਿੱਚ ਪੱਛੜ ਗਿਆ ਪਰ ਫਿਰ ਵੀ ਇਸ ਖੇਤਰ ਦੇ ਬਹਾਦਰ ਵਸਨੀਕਾਂ ਨੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਸੂਬਾ ਸਗੋਂ ਪੂਰਾ ਦੇਸ਼ ਇਨ੍ਹਾਂ ਲੋਕਾਂ ਦੀ ਹਿੰਮਤ, ਜਜ਼ਬੇ ਅਤੇ ਦੇਸ਼ ਭਗਤੀ ਲਈ ਰਿਣੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧ ਰਹੇ ਤਣਾਅ ਦੇ ਮੱਦੇਨਜ਼ਰ ਸੂਬਾ ਸਰਕਾਰ ਇਨ੍ਹਾਂ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਸੁਣੇ। ਲੋਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਢੁਕਵਾਂ ਕਦਮ ਚੁੱਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਾਸੀ ਸੱਚੇ ਦੇਸ਼ ਭਗਤ ਹਨ ਅਤੇ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ, ਇਸ ਲਈ ਘਬਰਾਹਟ ਦੀ ਸਥਿਤੀ ਪੈਦਾ ਹੋਣ ਤੋਂ ਬਚਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਮ੍ਹਾਂਖੋਰੀ ਨਾਲ ਕਮੀ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਤਰੀਆਂ ਦੇ ਨਾਲ-ਨਾਲ ਪ੍ਰਬੰਧਕੀ ਸਕੱਤਰ ਰੈਂਕ ਦੇ ਅਧਿਕਾਰੀ ਵੀ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਕੀਤੇ ਜਾਣਗੇ।
Get all latest content delivered to your email a few times a month.