ਤਾਜਾ ਖਬਰਾਂ
ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ/ਮਲੋਟ, 1 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਵੀ 140 ਲਾਭਪਾਤਰੀਆਂ ਨੂੰ 71.40 ਲੱਖ, 51,000 ਰੁਪਏ ਹਰੇਕ, ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ।
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਵੱਲੋਂ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਪਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਰਮੇਸ਼ ਸਿੰਘ ਅਰਨੀਵਾਲਾ, ਸੁਖਪਾਲ ਸਿੰਘ ਪ੍ਰਧਾਨ ਟਰੱਕ ਯੂਨਿਅਨ, ਯਾਦਵਿੰਦਰ ਸਿੰਘ ਸਰਪੰਚ, ਨਿਰਮਲ ਸਿੰਘ ਸਰਪੰਚ, ਕੁਲਵਿੰਦਰ ਸਿੰਘ ਬਿੱਟੂ, ਜੋਤੀ ਸਰਪੰਚ, ਡਾ. ਸਾਧੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।
Get all latest content delivered to your email a few times a month.