ਤਾਜਾ ਖਬਰਾਂ
ਸਮਰਾਲਾ ਅਤੇ ਲਿਬੜਾ ਵਿਖੇ ਲੋਕਾਂ ਨੂੰ ਮਿਲੇ ਮੁੱਖ ਮੰਤਰੀ
ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਤੋਂ ਲਏ ਕੀਮਤੀ ਸੁਝਾਅ
ਸਮਰਾਲਾ/ਲਿਬੜਾ (ਲੁਧਿਆਣਾ), 27 ਜੁਲਾਈ-
ਪਿਛਲੀਆਂ ਸਰਕਾਰਾਂ ਦੀ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਦੀ ਸੋਚ ਦੇ ਉਲਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡਾਂ ਦੇ ਲੋਕਾਂ ਨਾਲ ਰੁੱਖਾਂ ਦੀਆਂ ਛਾਂਵਾਂ ਹੇਠ ਬੈਠ ਕੇ ਗੱਲਬਾਤ ਕਰਦਿਆਂ 'ਰੰਗਲਾ ਪੰਜਾਬ' ਬਣਾਉਣ ਸਬੰਧੀ ਉਨ੍ਹਾਂ ਦੇ ਮਹੱਤਵਪੂਰਨ ਸੁਝਾਅ ਲਏ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ।
ਲੋਕਾਂ ਨਾਲ ਕੀਤੀਆਂ ਇਹ ਮੁਲਾਕਾਤਾਂ ਹਰ ਤਰ੍ਹਾਂ ਦੇ ਸਰਕਾਰੀ ਪ੍ਰੋਟੋਕੋਲ ਤੋਂ ਹਟ ਕੇ ਆਪਣੇਪਣ ਦੀ ਭਾਵਨਾ ਨਾਲ ਲਬਰੇਜ ਸਨ, ਜਿਸ ਦੌਰਾਨ ਲੋਕਾਂ ਦੇ ਮੁੱਖ ਮੰਤਰੀ ਨੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਦੇ ਕੰਮਕਾਜ ਬਾਰੇ ਉਨ੍ਹਾਂ ਦੇ ਫੀਡਬੈਕ ਲਏ। ਇਸ ਦੌਰਾਨ ਲੋਕਾਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਮੁੱਖ ਮੰਤਰੀ ਅਤੇ ਲੋਕਾਂ ਵਿਚਕਾਰ ਗੱਲਬਾਤ ਦੇ ਇਨ੍ਹਾਂ ਪਲਾਂ ਦੌਰਾਨ ਦੋਸਤੀ ਅਤੇ ਸਦਭਾਵਨਾ ਸਿਖਰ 'ਤੇ ਦੇਖਣ ਨੂੰ ਮਿਲੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਰਾਜਨੀਤਿਕ, ਸਮਾਜਿਕ ਅਤੇ ਹੋਰ ਮੁੱਦਿਆਂ 'ਤੇ ਲੋਕਾਂ ਨਾਲ ਭਾਵਨਾਤਮਕ ਤਾਲਮੇਲ ਬਿਠਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਸਿੰਚਾਈ ਲਈ ਨਹਿਰੀ ਪਾਣੀ ਦਾ ਸਿਰਫ਼ 21 ਫੀਸਦ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਅੰਕੜਾ ਵੱਧ ਕੇ 63 ਫੀਸਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਹਿਲੀ ਵਾਰ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਸੂਬੇ ਦੇ ਟੇਲਾਂ ‘ਤੇ ਵਸਦੇ ਪਿੰਡਾਂ ਤੱਕ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਦਾ ਰੁਖ਼ ਦੂਜੇ ਰਾਜਾਂ ਵੱਲ ਮੋੜਨ ਦੇ ਯਤਨਾਂ ਨੂੰ ਵੀ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਦੱਸਿਆ ਕਿ ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਦਾ ਸੀਜ਼ਨ ਇਕ ਜੂਨ ਤੋਂ ਸ਼ੁਰੂ ਕਰਨ ਦੀ ਆਗਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਢੁਕਵੀਂ ਯੋਜਨਾਬੰਦੀ ਅਤੇ ਪ੍ਰਬੰਧਾਂ ਦੇ ਨਾਲ ਝੋਨੇ ਦੀ ਫ਼ਸਲ ਦੀ ਜ਼ੋਨ ਵਾਰ ਕਾਸ਼ਤ ਨੂੰ ਯਕੀਨੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਗਿਆ ਅਤੇ ਪੜਾਅਵਾਰ ਢੰਗ ਨਾਲ ਝੋਨੇ ਦੀ ਲੁਆਈ ਦੀਆਂ ਤਰੀਕਾਂ ਦਾ ਜਲਦ ਤੋਂ ਜਲਦ ਐਲਾਨ ਕੀਤਾ ਗਿਆ ਤਾਂ ਜੋ ਕਿਸਾਨ ਇਸ ਦਾ ਲਾਭ ਉਠਾ ਸਕਣ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਝੋਨੇ ਦੀ ਲੁਆਈ ਦੀਆਂ ਤਰੀਕਾਂ ਅਗਾਊਂ ਕਰਨ ਦੇ ਨਾਲ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਝੋਨੇ ਦੀ ਖਰੀਦ 15 ਦਿਨ ਪਹਿਲਾਂ ਕਰਨ ਦੀ ਅਪੀਲ ਵੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਖੁਰਾਕ ਮੰਤਰੀ ਨੂੰ ਫ਼ੋਨ ਕਰਕੇ ਅਪੀਲ ਕੀਤੀ ਹੈ ਕਿ ਹੁਣ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕਰਨ ਤਾਂ ਜੋ ਸੂਬੇ ਦੇ ਕਿਸਾਨ ਆਪਣੀ ਫ਼ਸਲ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਵੇਚ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਮੰਡੀਆਂ ਵਿੱਚ ਨਮੀ ਰਹਿਤ ਅਨਾਜ ਲਿਆ ਸਕਣਗੇ ਜਿਸ ਨਾਲ ਫਸਲ ਦੀ ਸੁਚਾਰੂ ਖਰੀਦ ਯਕੀਨੀ ਹੋ ਸਕੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਸਰਿੰਜਾਂ ਅਤੇ ਹੋਰ ਨਸ਼ਿਆਂ ਦੀ ਥਾਂ ਟਿਫ਼ਨ ਦੇਣਾ ਚਾਹੁੰਦੇ ਹਨ ਤਾਂ ਜੋ ਉਹ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖ਼ਤਮ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਹੁਣ ਤੱਕ ਲਗਭਗ 55,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੁਚੱਜੀ ਯੋਜਨਾ ਬਣਾਈ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੇ ਸਿਖ਼ਰ ‘ਤੇ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਸੂਬਾ ਸਰਕਾਰ ਨੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ।
ਇੱਕ ਹੋਰ ਵੱਡੀ ਭਲਾਈ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗੱਲ ਕੀਤੀ ਅਤੇ ਕਿਹਾ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦਿਆਂ ਜਨਤਾ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਸਾਲ ਪਿਛਲੀਆਂ ਸਰਕਾਰਾਂ ਦੀ ਗੰਦਗੀ ਸਾਫ਼ ਕਰਨ ਤੋਂ ਬਾਅਦ, ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੇ ਰਾਹ 'ਤੇ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਅਤੇ ਮਾੜੇ ਮਨਸੂਬਿਆ ਕਾਰਨ ਸੂਬਾ ਵਿਕਾਸ ਪੱਖੋਂ ਪਛੜਿਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ 'ਤੇ ਧਿਆਨ ਕੇਂਦਰਿਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਲਗਭਗ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਸਰਕਾਰ ਨੇ ਉਹ ਗਾਰੰਟੀਆਂ ਵੀ ਪੂਰੀਆਂ ਕੀਤੀਆਂ ਗੀਆਂ ਹਨ ਜਿਸ ਬਾਰੇ ਕੋਈ ਵਾਅਦਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ 153 ਬਲਾਕਾਂ ਵਿੱਚੋਂ 117 ਬਲਾਕਾਂ ਦਾ ਪਾਣੀ ਡਾਰਕ ਜ਼ੋਨ ਵਿੱਚ ਚਲਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੋਈ ਯਤਨ ਕਰਨ ਦਾ ਤਹੱਈਆ ਨਹੀਂ ਕੀਤਾ ਅਤੇ ਪੰਜ ਦਰਿਆਵਾਂ ਦੀ ਇਸ ਧਰਤੀ 'ਤੇ ਟੇਲਾਂ ‘ਤੇ ਵਸਦੇ ਕਿਸਾਨਾਂ ਨੂੰ ਕਦੇ ਵੀ ਪਾਣੀ ਨਹੀਂ ਮਿਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ 'ਆਪ' ਸਰਕਾਰ ਨੇ ਸੂਬੇ ਵਿੱਚ 15947 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਸਦਕਾ ਦੂਰ-ਦੁਰਾਡੇ ਪਿੰਡਾਂ ਵਿੱਚ ਵੀ ਪਾਣੀ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜੁਲਾਈ ਮਹੀਨੇ ਤੋਂ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ ਅਤੇ 90 ਫੀਸਦ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਕਿਸੇ ਨਿੱਜੀ ਫਰਮ ਤੋਂ ਪਾਵਰ ਪਲਾਂਟ ਖਰੀਦਿਆ ਹੈ ਤਾਂ ਜੋ ਸੂਬੇ ਨੂੰ ਬਿਜਲੀ ਉਤਪਾਦਨ ਵਿੱਚ ਸਰਪਲੱਸ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਇਸ ਥਰਮਲ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਕੋਲ ਕੋਲੇ ਦੀ ਢੁਕਵੀਂ ਸਪਲਾਈ ਅਤੇ ਸਟਾਕ ਹੈ ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਕੁਸ਼ਲਤਾ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਵਰਗਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਦੇ ਰਹੀ ਹੈ।
ਸੂਬੇ ਵਿੱਚ ਵੱਡੇ ਵਿਆਹ ਸਮਾਗਮ ਕਰਵਾਉਣ ਬਾਰੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਕਿਸਾਨਾਂ ਦੀਆਂ ਜੇਬਾਂ 'ਤੇ ਵੱਡਾ ਬੋਝ ਪਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਸਾਦੇ ਵਿਆਹਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵੱਡੇ ਵਿਆਹ ਸਮਾਗਮ ਕਰਵਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਹੇਠ ਦੱਬ ਦਿੰਦੇ ਹਨ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਗੁਆਂਢੀ ਜਾਂ ਰਿਸ਼ਤੇਦਾਰਾਂ ਵਾਂਗ ਵੱਡੇ ਵਿਆਹ ਸਮਾਗਮ ਕਰਵਾਉਣ ਦੇ ਦਿਖਾਵੇ ਲਈ ਫਜ਼ੂਲ ਪੈਸੇ ਖਰਚ ਕਰਨ ਦੀ ਦੌੜ ਵਿੱਚੋਂ ਬਾਹਰ ਆਉਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਕਿਰਾਏ 'ਤੇ ਖੇਤੀ ਸੰਦਾਂ ਦੀ ਵਰਤੋਂ ਕਰਨ ਦੀ ਤਕਨੀਕ ਅਪਣਾਉਣ ਦਾ ਸਦਾ ਵੀ ਦਿੱਤਾ ਕਿਉਂਕਿ ਇਹ ਉਨ੍ਹਾਂ ਨੂੰ ਖੇਤੀ 'ਤੇ ਹੋਣ ਵਾਲੇ ਭਾਰੀ ਖਰਚ ਨੂੰ ਘਟਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਅਜਿਹੇ ਸੰਦਾਂ ਨੂੰ ਖਰੀਦਣ ਲਈ ਸਹਿਕਾਰੀ ਸਭਾਵਾਂ ਨੂੰ ਵੱਡੀਆਂ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰੋਤਾਂ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹਨਾਂ 'ਤੇ ਹੋਣ ਵਾਲੇ ਖ਼ਰਚੇ ਨੂੰ ਘਟਾ ਕੇ ਖੇਤੀਬਾੜੀ ਨੂੰ ਇੱਕ ਲਾਭਦਾਇਕ ਉੱਦਮ ਬਣਾਇਆ ਜਾ ਸਕੇ।
ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਚੋਟੀ ਦੇ ਆਗੂਆਂ ਨੂੰ ਮੁੱਢਲੀ ਪੰਜਾਬੀ ਵੀ ਨਹੀਂ ਆਉਂਦੀ ਜਿਸ ਕਾਰਨ ਉਹ ਪੰਜਾਬੀ ਭਾਸ਼ਾ ਨੂੰ ਚੰਗੀ ਤਰ੍ਹਾਂ ਪੜ੍ਹ ਜਾਂ ਲਿਖ ਨਹੀਂ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਵਰ ਅਤੇ ਦੂਨ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਪੰਜਾਬੀ ਬੋਲਣ ਵਿੱਚ ਬਹੁਤ ਮੁਸ਼ਕਲ ਆਉਂਦੀ ਹੈ ਜਿਸ ਕਾਰਨ ਉਹ ਲੋਕਾਂ ਨਾਲ ਨਹੀਂ ਜੁੜ ਸਕਦੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਸਿੱਖਿਆ ਨੂੰ ਅਣਗੌਲਿਆਂ ਕੀਤਾ ਹੈ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਨਵੇਂ ਲੋਕਾਂ ਸਈ ਸਿਆਸਤ ਵਿੱਚ ਆਉਣ ਲਈ ਰਾਹ ਪੱਧਰਾ ਕੀਤਾ ਹੈ।
ਇਹ ਦੁਹਰਾਉਂਦੇ ਹੋਏ ਕਿ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਫੈਲਾਉਣ ਵਾਲੇ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਰੱਖੀ ਜਾਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 'ਡਰੱਗ ਜਰਨੈਲ' ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸੇਵਾ ਲਈ ਚੁਣੇ ਗਏ ਆਗੂਆਂ ਨੇ ਨਸ਼ਿਆਂ ਦੇ ਵਪਾਰ ਨੂੰ ਵਧਣ-ਫੁੱਲਣ ਵਿੱਚ ਮਦਦ ਕੀਤੀ ਅਤੇ ਇਸ ਨੂੰ ਆਪਣੀ ਪੂਰੀ ਸਰਪ੍ਰਸਤੀ ਦਿੱਤੀ ਅਤੇ ਇਹ ਆਗੂ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਸੱਤਾ ਦੀ ਸ਼ਕਤੀ ਦਾ ਪੂਰਾ ਆਨੰਦ ਮਾਣਿਆ ਅਤੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਉਣ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸੂਬੇ ਵਿੱਚ ਫੈਲਾ ਕੇ ਨੌਜਵਾਨਾਂ ਨੂੰ ਇਸ ਦਲਦਲ ਵਿੱਚ ਫਸਣ ਲਈ ਮਜਬੂਰ ਕੀਤਾ ਸੀ। ਉਨ੍ਹਾਂ ਨੇ ਪੰਜਾਬ ਦੇ ਇਨ੍ਹਾਂ ਗੱਦਾਰਾਂ ਨੂੰ ਸਬਕ ਸਿਖਾਉਣ ਲਈ ਲੋਕਾਂ ਤੋਂ ਪੂਰਾ ਸਮਰਥਨ ਅਤੇ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ਾਨਦਾਰ ਸਫਲਤਾ ਇਸ ਗੱਲ ਦਾ ਸਬੂਤ ਹੈ ਕਿ ਸੂਬੇ ਦੇ ਲੋਕ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸੂਬਾ ਸਰਕਾਰ ਦੇ ਨਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ‘ਤੇ ਮੁਕਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਹਮੇਸ਼ਾ ਹੀ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰਹੇ ਹਨ ਅਤੇ ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕਿਸਾਨਾਂ ਨੇ ਇਹ ਪੱਖ ਸਾਂਝਾ ਕੀਤਾ ਕਿ ਬਿਜਲੀ ਜਾਂ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ, ਅਤੇ ਉਨ੍ਹਾਂ ਨੂੰ ਨਿਰਵਿਘਨ ਸਪਲਾਈ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਚਿਹਰਿਆਂ 'ਤੇ ਮੁਸਕਰਾਹਟਾਂ ਵਾਪਸ ਆ ਰਹੀਆਂ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ।
Get all latest content delivered to your email a few times a month.