ਤਾਜਾ ਖਬਰਾਂ
ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਚੰਡੀਗੜ੍ਹ, 29 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਸਿਵਲ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ, ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਪਿਛਲੇ ਤਿੰਨ ਮਹੀਨਿਆਂ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਮੰਤਰੀ ਨੂੰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ, ਸਿੱਖਿਆ ਲਾਭ, ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਬੰਧਤ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ।
ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਯਕੀਨੀ ਬਣਾਉਣ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ।
ਮੰਤਰੀ ਨੇ ਸੂਬੇ ਵਿੱਚ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਅਤੇ ਰੱਖ-ਰਖਾਅ ਦੇ ਕੰਮ ਵੀ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Get all latest content delivered to your email a few times a month.