ਤਾਜਾ ਖਬਰਾਂ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 14 ਅਗਸਤ ਤੋਂ ਅਣਮਿਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੀਆਂ ਸਾਰੀਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ’ਤੇ ਜਲਦੀ ਕਾਰਵਾਈ ਨਾ ਕੀਤੀ ਤਾਂ 15 ਅਗਸਤ ਨੂੰ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਝੰਡਾ ਲਹਿਰਾਉਣ ਸਮਾਗਮਾਂ ‘ਚ ਕਾਲੇ ਚੋਲੇ ਪਾ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨਾ, ਠੇਕੇਦਾਰ ਪ੍ਰਣਾਲੀ ਖਤਮ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ।
ਪੀ.ਆਰ.ਟੀ.ਸੀ ਦੀਆਂ ਬੱਸਾਂ ਪੰਜਾਬ ਸਮੇਤ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਉਤਰਾਖੰਡ ਦੇ 577 ਰੂਟਾਂ ‘ਤੇ ਚੱਲਦੀਆਂ ਹਨ, ਜੋ ਰੋਜ਼ਾਨਾ ਲਗਭਗ 3.55 ਲੱਖ ਕਿਲੋਮੀਟਰ ਸਫ਼ਰ ਕਰਦੀਆਂ ਹਨ। ਇੱਥੇ 3065 ਕਰਮਚਾਰੀ ਕੰਮ ਕਰਦੇ ਹਨ, ਜਿਨ੍ਹਾਂ ਵਿੱਚ 1755 ਆਊਟਸੋਰਸਿੰਗ ਤਹਿਤ ਹਨ। ਬੱਸ ਸੇਵਾਵਾਂ ਬੰਦ ਹੋਣ ਨਾਲ ਸਭ ਤੋਂ ਵੱਧ ਪ੍ਰਭਾਵ ਆਮ ਯਾਤਰੀਆਂ ‘ਤੇ ਪਵੇਗਾ, ਕਿਉਂਕਿ ਬੱਸਾਂ ਨਾ ਚੱਲਣ ਕਾਰਨ ਯਾਤਰਾ ਦੀਆਂ ਮੁਸ਼ਕਲਾਂ ਕਾਫ਼ੀ ਵਧਣ ਵਾਲੀਆਂ ਹਨ।
Get all latest content delivered to your email a few times a month.