IMG-LOGO
ਹੋਮ ਪੰਜਾਬ: ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ...

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

Admin User - Aug 15, 2025 09:54 PM
IMG

ਚੰਡੀਗੜ੍ਹ/ਸੰਗਰੂਰ, 15 ਅਗਸਤ 2025: ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ ਜਾਣ। ਮੋਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਮ ਵੀ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਅਤੇ ਉੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਵੀ ਲਾਇਆ ਗਿਆ ਹੈ। 

ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆਂ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕਰਨਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ-ਅਜਿਹੇ ਫੈਸਲੇ ਹਨ, ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ। 

ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। 19 ਨਵੰਬਰ ਤੋਂ ਲੈ ਕੇ 25 ਨਵੰਬਰ ਤੱਕ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਜੰਗਲਾਤ ਵਿਭਾਗ ਦੀ ਪਹਿਲਕਦਮੀ ਤਹਿਤ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਹੈ। ਇਸ ਤੋਂ ਇਲਾਵਾ ‘ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ’ ਯੋਜਨਾ ਦੇ ਹਿੱਸੇ ਵਜੋਂ 52 ‘ਪਵਿੱਤਰ ਵਣ’ ਸਥਾਪਤ ਕੀਤੇ ਜਾਣਗੇ। 

ਪੰਜਾਬ ਸਰਕਾਰ ਵੱਲੋਂ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਖੇਤੀਬਾੜੀ ਨੂੰ 08 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।

"ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਤਕਰੀਬਨ 08 ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਬੁਰੇ ਪ੍ਰਭਾਵ ਅਤੇ ਨਸ਼ਿਆਂ ਤੋਂ ਬਚਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ ਹੈ।

ਪੰਜਾਬ ਸਰਕਾਰ ਨੇ ਬਿਜ਼ਨਸ ਬਲਾਸਟ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਤਹਿਤ ਗਿਆਰ੍ਹਵੀਂ-ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਦਮੀ ਬਣਾਉਣ ਤੇ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਅਤੇ ਵਿਦਿਆਰਥੀਆਂ ਨੂੰ 10.32 ਕਰੋੜ ਰੁਪਏ ਦੀ ਸੀਡ ਮਨੀ ਦਿੱਤੀ ਗਈ। ਸੂਬੇ ਵਿੱਚ ਪਹਿਲੀ ਵਾਰ ਰੋਪੜ ਵਿਖੇ ਬਿਜ਼ਨਸ ਬਲਾਸਟ ਐਕਸਪੋ ਕਰਵਾਈ ਗਈ। 

ਸਰਕਾਰ ਵੱਲੋਂ ਕਿੱਤਾਮੁਖੀ ਸਿਖਲਾਈ ਦੀ ਮੰਗ ਨੂੰ ਦੇਖਦਿਆਂ ਆਈ.ਟੀ.ਆਈਜ਼. ਵਿੱਚ ਸੀਟਾਂ ਦੀ ਗਿਣਤੀ 52,000 ਕਰ ਦਿੱਤੀ ਗਈ ਹੈ, ਜੋ ਕਿ ਪਹਿਲਾਂ 35,000 ਸੀ। 

ਪੰਜਾਬ ਸਰਕਾਰ ਨੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਉੱਨਤ ਰਾਜ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। 24 ਸੈਕਟਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਉਦਯੋਗਿਕ ਨੀਤੀ ਵਿਚ ਹੋਰ ਸੁਧਾਰ ਕੀਤਾ ਜਾ ਸਕੇ। ਇਹ ਸੈਕਟਰਲ ਕਮੇਟੀਆਂ ਉਦਯੋਗਾਂ ਦੇ ਮਾਹਿਰ ਲੋਕਾਂ ਦੀਆਂ ਬਣਾਈਆਂ ਗਈਆਂ ਹਨ, ਜੋ ਖੁਦ ਨੀਤੀਆਂ ਬਣਾ ਕੇ ਸਰਕਾਰ ਅੱਗੇ ਪੇਸ਼ ਕਰਨਗੇ। 

ਉਦਯੋਗਾਂ ਲਈ ਓ.ਟੀ.ਐਸ. ਸਕੀਮ ਵੀ ਲਾਗੂ ਕਰ ਦਿੱਤੀ ਗਈ ਹੈ ਜਿਸ ਦੇ ਨਾਲ ਦਹਾਕਿਆਂ ਤੋਂ ਚੱਲੇ ਆ ਰਹੇ ਸਨਅਤਕਾਰਾਂ ਦੇ ਮੁੱਦਿਆਂ ਦਾ ਹੱਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਨਅਤੀ ਪਲਾਟਾਂ/ਸ਼ੈੱਡਾਂ ਦੇ ਲੀਜ਼ਹੋਲਡ ਨੂੰ ਫ੍ਰੀਹੋਲਡ ਵਿੱਚ ਬਦਲਣ ਵਾਲੀ ਨੀਤੀ ਨੂੰ ਵੀ ਲਾਗੂ ਕਰ ਦਿੱਤਾ ਗਿਆ ਹੈ। 

ਇਨਵੈਸਟ ਪੰਜਾਬ ਨੇ ਆਨਲਾਈਨ ਪੋਰਟਲ ਦੀ ਸਥਾਪਨਾ ਕੀਤੀ ਹੈ, ਜਿਸ ਦੇ ਤਹਿਤ ਪੰਜਾਬ ਵਿੱਚ ਕੋਈ ਵੀ ਉਦਯੋਗ ਲਗਾਉਣ ਲਈ 45 ਦਿਨਾਂ ਦੇ ਅੰਦਰ ਅੰਦਰ ਹਰ ਪ੍ਰਕਾਰ ਦੀ ਕਲੀਅਰੈਂਸ ਦੇ ਦਿੱਤੀ ਜਾਵੇਗੀ।

ਪੰਜਾਬ ਨੇ ਨਵੇਂ ਕੀਰਤੀਮਾਨ ਸਥਾਪਤ ਕਰਦਿਆਂ ਵਿੱਤੀ ਸਾਲ 2025-26 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ ਨੈੱਟ 28.26 ਫੀਸਦੀ ਦਾ ਵਾਧਾ ਰਿਕਾਰਡ ਵਾਧਾ ਦਰਜ ਕੀਤਾ ਹੈ। ਮੌਜੂਦਾ ਵਿੱਤੀ ਸਾਲ ਦੇ ਜੁਲਾਈ ਮਹੀਨੇ ਤੱਕ ਨੈੱਟ ਜੀਐਸਟੀ ਮਾਲੀਆ 9188 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜੋ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੇ ਮੁਕਾਬਲੇ 2025 ਕਰੋੜ ਰੁਪਏ ਤੋਂ ਵੱਧ ਹੈ। ਇਹ ਸ਼ਾਨਦਾਰ ਕਾਰਗੁਜ਼ਾਰੀ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਅਤੇ ਮਹੀਨਾ-ਦਰ-ਮਹੀਨਾ ਰਿਕਾਰਡ-ਤੋੜ ਵਾਧਾ ਦਰਜ ਕਰਨ ਦੇ ਸੂਬੇ ਦੇ ਨਿਰੰਤਰ ਰੁਝਾਨ ਦਾ ਹਿੱਸਾ ਹੈ।

ਚੌਕਸ ਖਪਤਕਾਰਾਂ ਨੂੰ ਇਨਾਮ ਦੇਣ ਦੇ ਨਾਲ-ਨਾਲ ਸੂਬੇ ਦੇ ਕਰ ਲਾਗੂਕਰਨ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ‘ਬਿੱਲ ਲਿਆਓ, ਇਨਾਮ ਪਾਓ’ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ ਗਵਾਹੀ ਭਰੀ ਜਿਸ ਤਹਿਤ ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ‘ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ। ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3 ਕਰੋੜ 35 ਲੱਖ ਰੁਪਏ ਤੋਂ ਵੱਧ ਦੇ ਇਨਾਮ ਜਿੱਤੇ ਅਤੇ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ੀ ਪਾਏ ਗਏ ਅਦਾਰਿਆਂ ਵਿਰੁੱਧ 9 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਲਗਾਏ ਗਏ।

ਕਿਰਤ ਕਾਨੂੰਨਾਂ ਨੂੰ ਵੀ ਪੰਜਾਬ ਸਰਕਾਰ ਨੇ ਕਿਰਤੀਆਂ ਪੱਖੀਂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 1.55 ਲੱਖ ਉਸਾਰੀ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ 'ਤੇ ਤਿਆਰੀਆਂ ਜ਼ੋਰਾਂ ਨਾਲ ਜਾਰੀ ਹਨ। 

ਇਹ ਪਹਿਲੀ ਵਾਰ ਹੋਇਆ ਹੈ ਕਿ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਹੰਭਲਾ ਮਾਰਿਆ ਗਿਆ ਹੈ। ਕੈਨਾਲ ਅਤੇ ਵਾਟਰ ਕੋਰਸ ਦੇ ਕੰਮਾਂ 'ਤੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ 2 ਗੁਣਾਂ ਤੋਂ ਵੱਧ ਯਾਨੀ ਕਿ 4557 ਕਰੋੜ ਰੁਪਏ ਖਰਚੇ ਹਨ, ਜਦ ਕਿ 2019 ਤੋਂ 2022 ਤੱਕ ਸਿਰਫ਼ 2046 ਕਰੋੜ ਰੁਪਏ ਖਰਚ ਹੋਏ ਸਨ।

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਸੈਂਟਰਾਂ ਨੂੰ ਮਜ਼ਬੂਤ ਕਰਨ ਲਈ 5000 ਖਾਲੀ ਅਸਾਮੀਆਂ (ਵਰਕਰਾਂ ਅਤੇ ਹੈਲਪਰਾਂ) ਨੂੰ ਭਰਨ ਦੀ ਪ੍ਰਕਿਰਿਆ ਸਤੰਬਰ ਮਹੀਨੇ ਵਿੱਚ ਸ਼ੁਰੂ ਕੀਤੀ ਜਾਵੇਗੀ।

ਜ਼ਿਲ੍ਹਾ ਸੰਗਰੂਰ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤਕ ਕਰੀਬ 4917 ਵੱਖੋ-ਵੱਖ ਵਿਕਾਸ ਕਾਰਜਾਂ ਲਈ ਕਰੀਬ 2287 ਕਰੋੜ 31 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨਾਲ ਜ਼ਿਲ੍ਹੇ ਵਿਚਲੇ ਵੱਡੀ ਗਿਣਤੀ ਵਿਕਾਸ ਕਾਰਜ ਮੁਕੰਮਲ ਹੋਏ ਹਨ ਤੇ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ।

ਇਸ ਮੌਕੇ ਜਿੱਥੇ ਕੈਬਨਿਟ ਮੰਤਰੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ, ਉੱਥੇ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈਸਾਈਕਲਾਂ ਦੀ ਵੰਡ ਕਰਨ ਦੇ ਨਾਲ ਨਾਲ ਵੱਖ ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।  ਇਸ ਮੌਕੇ ਉਚੇਚੇ ਤੌਰ ਉੱਤੇ ਅਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ ਦਾ ਸਨਮਾਨ ਵੀ ਕੀਤਾ ਗਿਆ। 

ਇਸ ਦੌਰਾਨ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼ ਅਤੇ ਵੱਖੋ ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਲਾਇੰਜ਼ ਕਲੱਬ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ ਵੀ ਸ਼ਿਰਕਤ ਕੀਤੀ ਤੇ ਖ਼ੂਨ ਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.