ਤਾਜਾ ਖਬਰਾਂ
ਕਿਹਾ, ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨੂੰ ਰਾਹਤ ਪੈਕੇਜ ਦੇਵੇ ਕੇਂਦਰ ਸਰਕਾਰ
ਫਾਜ਼ਿਲਕਾ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਫ਼ਾਜ਼ਿਲਕਾ, 28 ਅਗਸਤ:
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ ਸੀ ਤਾਂ ਕੇਂਦਰ ਸਰਕਾਰ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਲੁੱਟਣ 'ਤੇ ਉਤਾਰੂ ਸੀ ਪਰ ਹੁਣ ਜਦੋਂ ਪੰਜਾਬ ਨੂੰ ਮਦਦ ਦੀ ਲੋੜ ਹੈ ਤਾਂ ਕੋਈ ਵੀ ਅੱਗੇ ਨਹੀਂ ਆ ਰਿਹਾ।
ਅੱਜ ਇੱਥੇ ਕਾਵਾਂ ਵਾਲੀ ਪੱਤਣ 'ਤੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਮੰਗੇ ਪੰਜਾਬ ਨੂੰ ਰਾਹਤ ਪੈਕਜ ਦੇਵੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਪਾਣੀ ਵਰਤਦੇ ਹਨ, ਉਨ੍ਹਾਂ ਨੂੰ ਵੀ ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਸੀ।
ਕੈਬਨਿਟ ਮੰਤਰੀ ਨੇ ਆਖਿਆ ਕਿ ਪਹਾੜਾਂ ਅਤੇ ਪੰਜਾਬ ਵਿੱਚ ਪਈ ਬਾਰਿਸ਼ ਕਾਰਨ ਇਸ ਵਾਰ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ ਪਰ ਫਿਰ ਵੀ ਪੰਜਾਬ ਸਰਕਾਰ ਲੋਕਾਂ ਨੂੰ ਫੌਰੀ ਤੌਰ 'ਤੇ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੀ ਹੈ ਅਤੇ ਸਾਰੇ ਵਿਭਾਗਾਂ ਦੀਆਂ ਟੀਮਾਂ ਫੀਲਡ ਵਿੱਚ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਸਾਰੇ ਮੰਤਰੀ ਤੇ ਵਿਧਾਇਕ ਲੋਕਾਂ ਵਿੱਚ ਵਿਚਰ ਰਹੇ ਹਨ ਅਤੇ ਰਾਹਤ ਕਾਰਜਾਂ ਨੂੰ ਲੋਕਾਂ ਤੱਕ ਪੁੱਜਦਾ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤਾਂ ਆਪਣਾ ਹੈਲੀਕਾਪਟਰ ਵੀ ਰਾਹਤ ਕਾਰਜਾਂ ਲਈ ਲਗਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸਪੈਸ਼ਲ ਗਰਦਾਵਰੀ ਦੇ ਹੁਕਮ ਕਰ ਦਿੱਤੇ ਗਏ ਹਨ ਅਤੇ ਹੋਏ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਸੈਂਟਰ ਸਥਾਪਿਤ ਕੀਤੇ ਗਏ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਪਾਣੀ ਵਾਲੇ ਖੇਤਰਾਂ ਵਿੱਚੋਂ ਕੱਢਿਆ ਜਾ ਰਿਹਾ ਹੈ ਅਤੇ ਰਾਹਤ ਕੈਂਪਾਂ ਵਿੱਚ ਭੇਜਿਆ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਖਾਣ ਪੀਣ ਅਤੇ ਹੋਰ ਰਹਿਣ ਦੀ ਸਾਰੀ ਸੁਵਿਧਾ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਹਰੇ ਚਾਰੇ ਅਤੇ ਤੂੜੀ ਵੀ ਘਾਟ ਦੇ ਮੱਦੇਨਜ਼ਰ ਸਮੁੱਚੇ ਪੰਜਾਬੀ ਇਸ ਲਈ ਇੱਕ ਦੂਸਰੇ ਦੀ ਮਦਦ ਲਈ ਅੱਗੇ ਆਏ ਹਨ ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਐਨਡੀਆਰਐਫ ਦੀਆਂ ਟੀਮਾਂ ਤੋਂ ਇਲਾਵਾ ਫੌਜ ਵੀ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰ ਰਹੀ ਹੈ ਅਤੇ ਅੱਜ ਵੀ 100 ਤੋਂ ਜ਼ਿਆਦਾ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢਿਆ ਗਿਆ ਹੈ। ਜ਼ਿਲ੍ਹੇ ਵਿੱਚ ਸੱਤ ਰਾਹਤ ਕੈਂਪ ਕੰਮ ਕਰ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਕਿ ਫ਼ਿਲਹਾਲ ਡੈਮਾਂ ਤੇ ਪਾਣੀ ਦੀ ਆਮਦ ਵਿੱਚ ਕਮੀ ਆਈ ਹੈ, ਜੋ ਇੱਕ ਰਾਹਤ ਦੀ ਖਬਰ ਹੈ।
ਜ਼ਿਕਰਯੋਗ ਹੈ ਕਿ ਪੰਜ ਦਿਨ ਵਿੱਚ ਕੈਬਨਟੂ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਇਹ ਫਾਜ਼ਿਲਕਾ ਜ਼ਿਲ੍ਹੇ ਦਾ ਦੂਜਾ ਦੌਰਾ ਹੈ ਅਤੇ ਉਹ ਖੁਦ ਗਰਾਊਂਡ ਲੈਵਲ 'ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਸਮੀਖਿਆ ਕਰ ਰਹੇ ਹਨ।
ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਉਨ੍ਹਾਂ ਨੂੰ ਸਥਾਨਕ ਹਾਲਾਤਾਂ ਤੋਂ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਐਸਡੀਐਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਅਲੋਕ ਚੌਧਰੀ ਵੀ ਹਾਜ਼ਰ ਸਨ।
Get all latest content delivered to your email a few times a month.