ਤਾਜਾ ਖਬਰਾਂ
ਅਜਨਾਲਾ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਜਨਾਲਾ ਅਤੇ ਰਮਦਾਸ ਦਾ ਦੌਰਾ ਕੀਤਾ। ਇਸੇ ਦੌਰਾਨ ਉਹਨਾਂ ਨੇ ਪਿੰਡ ਚਮਿਆਰੀ ਵਿਖੇ ਬਣਾਏ ਗਏ ਰਾਹਤ ਕੇਂਦਰ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪੰਜਾਬ ਸਰਕਾਰ ਦੀ ਤਰਫੋਂ ਜ਼ਿਲ੍ਹੇ ਵਿੱਚ ਰਾਹਤ ਕੰਮਾਂ ਲਈ ਤੈਨਾਤ ਕੀਤੇ ਗਏ ਪ੍ਰਬੰਧਕੀ ਸਕੱਤਰ ਪੱਧਰ ਦੇ ਅਧਿਕਾਰੀ ਜਿਨਾਂ ਵਿੱਚ ਕਮਲ ਕਿਸ਼ੋਰ ਯਾਦਵ, ਵਰਨ ਰੂਜ਼ਮ ਅਤੇ ਬਸੰਤ ਗਰਗ ਸ਼ਾਮਿਲ ਹਨ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜ਼ਿਲਾ ਪੁਲਿਸ ਮੁਖੀ ਮਨਿੰਦਰ ਸਿੰਘ, ਡਿਪਟੀ ਕਮਾਂਡਰ ਅਨਿਲ ਤਾਲਕੁਤਰਾ ਐਨਡੀਆਰਐਫ, ਕਰਨਲ ਰੋਬਿਨ ਐਥਨੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹਰ ਮੁਸ਼ਕਲ ਵਿੱਚ ਸਾਥ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਓ ਦੇ ਕਾਰਜ ਜਾਰੀ ਹਨ। ਇਸ ਉਪਰੰਤ ਸਥਿਤੀ ਆਮ ਵਾਂਗ ਹੋਣ ਉਤੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਕੇ ਹਰੇਕ ਤਰ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਰਾਹਤ ਦੇ ਕੰਮਾਂ ਲਈ ਉੱਚ ਤਾਕਤੀ ਕਮੇਟੀ ਬਣਾਈ ਗਈ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਜਿਲ੍ਹੇ ਵਿੱਚ ਤਿੰਨ ਸੀਨੀਅਰ ਅਧਿਕਾਰੀ ਇਨਾਂ ਕੰਮਾਂ ਦੀ ਨਿਗਰਾਨੀ ਅਤੇ ਮਦਦ ਲਈ ਭੇਜੇ ਗਏ ਹਨ।
ਸਿਨਹਾ ਨੇ ਹੜ ਦੇ ਪਾਣੀ ਵਿੱਚ ਘਿਰੇ ਪਿੰਡਾਂ ਵਿੱਚ ਪਹੁੰਚ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਜਿਲਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਹੁਣ ਤੱਕ ਪਹੁੰਚਾਈ ਗਈ ਰਾਹਤ ਬਾਰੇ ਵੀ ਲੋਕਾਂ ਦੇ ਵਿਚਾਰ ਲਏ। ਕਈ ਪਿੰਡਾਂ ਵਿੱਚ ਉਹਨਾਂ ਨੇ ਆਪ ਪਹੁੰਚ ਕੇ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਅਤੇ ਉਹਨਾਂ ਨੂੰ ਸੁਰੱਖਿਅਤ ਸਥਾਨਾਂ ਉੱਤੇ ਆਉਣ ਲਈ ਪ੍ਰੇਰਿਆ। ਇਸ ਉਪਰੰਤ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਦੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਬਚਾਅ ਅਤੇ ਰਾਹਤ ਲਈ ਅਪਣਾਈ ਗਈ ਰਣਨੀਤੀ ਅਤੇ ਹੁਣ ਤੱਕ ਮਿਲੀ ਕਾਮਯਾਬੀ ਬਾਰੇ ਖੁੱਲ ਕੇ ਵਿਚਾਰ ਚਰਚਾ ਹੋਈ। ਉਹਨਾਂ ਨੇ ਫੌਜ ਦੇ ਜਵਾਨਾਂ, ਐਨ ਡੀ ਆਰ ਐਫ, ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਕੰਮ ਦੀ ਸਰਾਹਨਾ ਕੀਤੀ।
ਮੁੱਖ ਸਕੱਤਰ ਨੇ ਹਦਾਇਤ ਕੀਤੀ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਇਸ ਲਈ ਰੈੱਡ ਕਰਾਸ ਦੀ ਅਗਵਾਈ ਹੇਠ ਸਮਾਜਿਕ ਸੰਗਠਨਾਂ ਦੇ ਵਲੰਟੀਅਰਾਂ ਦੀ ਮਦਦ ਵੀ ਲਈ ਜਾਵੇ। ਸ੍ਰੀ ਸਿਨਹਾ ਨੇ ਰਾਹਤ ਦੇ ਕੰਮ ਲਈ ਅੱਗੇ ਆਈਆਂ ਸਮਾਜ ਸੇਵੀ ਜਥੇਬੰਦੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਦੱਸਿਆ ਕਿ ਮਾਲ, ਸਿਹਤ, ਪਸ਼ੂ ਪਾਲਣ, ਜਲ ਸਰੋਤ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਡਿਊਟੀ 'ਤੇ ਹਨ ਅਤੇ ਪੂਰੀ ਤਿਆਰੀ ਨਾਲ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪ੍ਰਭਾਵਿਤ ਵਿਅਕਤੀ ਨੂੰ ਭੋਜਨ, ਦਵਾਈ ਜਾਂ ਰਿਹਾਇਸ਼ ਦੀ ਘਾਟ ਨਾ ਆਵੇ ਅਤੇ ਇਸ ਲਈ ਨਿਰੰਤਰ ਕੰਮ ਜਾਰੀ ਹੈ।
ਜ਼ਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਪੁਲਿਸ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸੇਵਾ ਵਿੱਚ ਪੁਲਿਸ ਦੇ ਜਵਾਨਾਂ ਵੱਲੋਂ ਤਨ ਦੇਹੀ ਨਾਲ ਨਿਭਾਈ ਜਾ ਰਹੀ ਡਿਊਟੀ ਬਾਰੇ ਚਾਨਣਾ ਪਾਇਆ।
Get all latest content delivered to your email a few times a month.