ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਸਤਨਾਮ ਸਿੰਘ (ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ) ਦੇ ਨਾਲ ਮਿਲ ਕੇ ਅੰਮ੍ਰਿਤਸਰ ਦੇ ਅਜਨਾਲਾ ਬਾਰਡਰ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਹੜ੍ਹ ਕਾਰਨ ਲੋਕਾਂ ਦੇ ਘਰਾਂ, ਫ਼ਸਲਾਂ ਤੇ ਪਸ਼ੂਆਂ ਨੂੰ ਹੋਏ ਨੁਕਸਾਨ ਦੀ ਜਾਣਕਾਰੀ ਲਈ।
ਇਸ ਮੌਕੇ ਉਨ੍ਹਾਂ ਨੇ ਸੇਵਾ ਕਰ ਰਹੀਆਂ ਸਿੱਖ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਅਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਰਾਹਤ ਸਮੱਗਰੀ ਪਹੁੰਚਾ ਕੇ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਅਰਦਾਸ ਕੀਤੀ ਕਿ ਇਹ ਸੰਸਥਾਵਾਂ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹਿਣ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਲਾਪਰਵਾਹੀ ਉੱਤੇ ਸਵਾਲ ਖੜ੍ਹੇ ਕੀਤੇ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਪਿੰਡ-ਪਿੰਡ ਤੱਕ ਪਹੁੰਚ ਨਾ ਬਣਾਉਣ ਅਤੇ ਕਿਸ਼ਤੀਆਂ ਮੁਹੱਈਆ ਨਾ ਕਰਵਾਉਣ ਲਈ ਨਿਖੇਧ ਕੀਤੀ। ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਹਰ ਲੋੜਵੰਦ ਪਰਿਵਾਰ ਤੱਕ ਰਾਹਤ ਸਮੱਗਰੀ ਪਹੁੰਚੇ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਬੇਸਹਾਰਾ ਨਾ ਰਹਿ ਜਾਵੇ।
ਉਨ੍ਹਾਂ ਖ਼ਾਸ ਤੌਰ 'ਤੇ ਜ਼ੋਰ ਦਿੱਤਾ ਕਿ ਪਾਣੀ ਨਾਲ ਘਿਰੇ ਹੋਏ ਅੰਦਰਲੇ ਪਿੰਡਾਂ ਤੱਕ ਪਸ਼ੂਆਂ ਲਈ ਚਾਰਾ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਦਿਨੀਂ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਟੁੱਟੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਹੜ੍ਹ ਪੀੜਤਾਂ ਤੱਕ ਸਹਾਇਤਾ ਪਹੁੰਚਾਉਣ ਵਿੱਚ ਲਗਾਤਾਰ ਸੇਵਾ ਨਿਭਾ ਰਹੇ ਹਨ।
Get all latest content delivered to your email a few times a month.