ਤਾਜਾ ਖਬਰਾਂ
ਗੁਰਦਾਸਪੁਰ ਜ਼ਿਲ੍ਹੇ ਵਿੱਚ ਹੜ੍ਹ ਕਾਰਨ ਪਰੇਸ਼ਾਨ ਲੋਕਾਂ ਦੀ ਮਦਦ ਲਈ ਜਿੱਥੇ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਮੈਦਾਨ ਵਿੱਚ ਕੰਮ ਕਰ ਰਹੀਆਂ ਹਨ, ਓਥੇ ਸਮਾਜ ਸੇਵੀ ਸੰਸਥਾਵਾਂ ਅਤੇ ਕਲਾਕਾਰ ਵੀ ਅੱਗੇ ਆ ਰਹੇ ਹਨ। ਪੰਜਾਬ ਦੇ ਪ੍ਰਸਿੱਧ ਹਾਸਰਸ ਅਤੇ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੇ ਆਪਣੇ ਸਾਥੀਆਂ ਦੇ ਨਾਲ ਗੁਰਦਾਸਪੁਰ ਪਹੁੰਚ ਕੇ 300 ਗੱਦੇ, 700 ਓਡੋਮੋਸ, 700 ਸੈਨੇਟਰੀ ਪੈਡ ਅਤੇ ਪਸ਼ੂਆਂ ਲਈ 30 ਟਨ ਹਰਾ ਚਾਰਾ ਰਾਹਤ ਸਮਗਰੀ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੀ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਦਿਨ-ਰਾਤ ਲੋਕਾਂ ਦੀ ਸਹਾਇਤਾ ਲਈ ਕੰਮ ਕਰ ਰਹੀਆਂ ਹਨ। ਘੁੱਗੀ ਨੇ ਇਹ ਵੀ ਕਿਹਾ ਕਿ ਉਹ ਮੁਹਾਲੀ ਅਤੇ ਮਨੌਲੀ ਪਿੰਡ ਤੋਂ ਆਪਣੇ ਸਾਥੀਆਂ ਸਮੇਤ ਗੁਰਦਾਸਪੁਰ ਹੜ੍ਹ ਪੀੜਤਾਂ ਲਈ ਸਹਾਇਤਾ ਸਮਗਰੀ ਲੈ ਕੇ ਆਏ ਹਨ।
ਗੁਰਪ੍ਰੀਤ ਸਿੰਘ ਘੁੱਗੀ ਨੇ ਪੰਜਾਬੀਆਂ ਦੀ ਸੇਵਾ ਭਾਵਨਾ ਨੂੰ ਉਜਾਗਰ ਕਰਦਿਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮਦਦ ਕਰਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਜ਼ਰੂਰ ਕਰਨ, ਤਾਂ ਜੋ ਲੋਕਾਂ ਦੀ ਅਸਲ ਲੋੜ ਮੁਤਾਬਕ ਸਮਾਨ ਪਹੁੰਚਾਇਆ ਜਾ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਆਰ.ਟੀ.ਓ. ਨਵਜੋਤ ਸ਼ਰਮਾ ਨੇ ਗੁਰਪ੍ਰੀਤ ਸਿੰਘ ਘੁੱਗੀ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਇਸ ਉਪਰਾਲੇ ਨੂੰ ਸਰਾਹਿਆ।
Get all latest content delivered to your email a few times a month.