ਤਾਜਾ ਖਬਰਾਂ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰੀ ਬਾਰਿਸ਼ ਅਤੇ ਹੜ੍ਹ ਕਾਰਨ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂ ਧਨ ਨੂੰ ਹੋਏ ਨੁਕਸਾਨ ਦੀ ਜਾਂਚ ਲਈ ਸਾਰੇ ਉਪ ਮੰਡਲ ਮੈਜਿਸਟ੍ਰੇਟਸ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਹਦਾਇਤ ਦਿੱਤੀ ਕਿ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਦੇ ਹੋਏ ਨੁਕਸਾਨੇ ਘਰਾਂ ਦੀ ਗਿਣਤੀ, ਫ਼ਸਲਾਂ ਅਤੇ ਪਸ਼ੂ-ਧਨ ਬਾਰੇ ਵਿਸਥਾਰਪੂਰਵਕ ਰਿਪੋਰਟ ਦੋ ਦਿਨਾਂ ਵਿੱਚ ਪੇਸ਼ ਕੀਤੀ ਜਾਵੇ।
ਡਾ. ਅਗਰਵਾਲ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਰਾਹਤ ਸਮੱਗਰੀ ਅਤੇ ਮੁਆਵਜ਼ੇ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਸਾਰੇ ਐਸ.ਡੀ.ਐਮਜ਼ ਨਾਲ ਤਾਲਮੇਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਯੋਗ ਨਾਗਰਿਕ ਇਸ ਰਾਹਤ ਤੋਂ ਵਾਂਝਾ ਨਾ ਰਹੇ। ਮੁਆਵਜ਼ੇ ਸਬੰਧੀ ਆਈਆਂ ਦਰਖ਼ਾਸਤਾਂ ਦਾ ਨਿਪਟਾਰਾ ਵੀ ਤੁਰੰਤ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਸਹਾਇਤਾ ਮਿਲ ਸਕੇ।
ਇਸ ਤੋਂ ਇਲਾਵਾ, ਉਨ੍ਹਾਂ ਐਸ.ਡੀ.ਐਮਜ਼ ਨੂੰ ਆਪਣੇ ਖੇਤਰਾਂ ਵਿੱਚ ਸੜਕਾਂ, ਪਬਲਿਕ ਇਮਾਰਤਾਂ ਅਤੇ ਹੋਰ ਬੁਨਿਆਦੀ ਢਾਂਚਿਆਂ ਦੇ ਨੁਕਸਾਨ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਪੀਡਬਲਯੂਡੀ, ਐਨ.ਐਚ.ਏ.ਆਈ. ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਨ੍ਹਾਂ ਰਿਪੋਰਟਾਂ ਦੇ ਆਧਾਰ 'ਤੇ ਤੁਰੰਤ ਮੁਰੰਮਤ ਦੇ ਕੰਮ ਸ਼ੁਰੂ ਕਰਨ ਲਈ ਹੁਕਮ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਅਤੇ ਨਿਕਾਸੀ ਪ੍ਰਣਾਲੀਆਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਯਕੀਨੀ ਬਣੇ। ਹੁਕਮ ਜਾਰੀ ਹੋਣ ਦੇ ਤੁਰੰਤ ਬਾਅਦ ਪ੍ਰਸ਼ਾਸਨ ਦੀਆਂ ਟੀਮਾਂ ਮੈਦਾਨ ਵਿੱਚ ਉਤਰ ਗਈਆਂ ਹਨ ਅਤੇ ਰਾਹਤ ਕਾਰਜ ਤੇਜ਼ੀ ਨਾਲ ਜਾਰੀ ਹਨ।
Get all latest content delivered to your email a few times a month.