ਤਾਜਾ ਖਬਰਾਂ
ਪੰਜਾਬ ਵਿੱਚ ਹੜ੍ਹਾਂ ਦਾ ਸੰਕਟ ਵੱਧਦਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਤਾਬਕ 2000 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ ਅਤੇ ਹੁਣ ਤੱਕ 43 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਗੰਭੀਰ ਸਥਿਤੀ ਨੂੰ ਵੇਖਦਿਆਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਤੇ ਨੇਤਾ ਪੰਜਾਬ ਦੇ ਨਾਲ ਖੜ੍ਹੇ ਹਨ।
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਦਿੱਲੀ ਸਰਕਾਰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਹੋ ਚੁੱਕੀ ਹੈ।
ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਵੱਖ-ਵੱਖ 5-5 ਕਰੋੜ ਰੁਪਏ ਦੀ ਰਾਹਤ ਰਕਮ ਜਾਰੀ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ਆਮ ਆਦਮੀ ਪਾਰਟੀ ਵਿਧਾਇਕਾਂ ਨੇ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਿੱਚ ਦਾਨ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਵਿਧਾਇਕਾਂ ਨੇ ਵੀ ਇਸੇ ਤਰ੍ਹਾਂ ਦਾ ਫ਼ੈਸਲਾ ਕੀਤਾ ਹੈ।
ਇਸੇ ਦਰਮਿਆਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮੋਹਰੀ ਭੂਮਿਕਾ ਨਿਭਾਈ ਹੈ। ਉਹਨਾਂ ਨੇ ਵੱਖ-ਵੱਖ ਪਿੰਡਾਂ ਨੂੰ ਲੱਖਾਂ ਰੁਪਏ ਦੀ ਮਾਲੀ ਸਹਾਇਤਾ, ਡੀਜ਼ਲ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਹਨ।
ਦੂਜੇ ਪਾਸੇ, ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਖੇਤਰਾਂ ਲਈ ਹੁਣ ਤੱਕ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਵਿੱਚੋਂ 12 ਸਭ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਵਾਧੂ 35.50 ਕਰੋੜ ਰੁਪਏ ਦਿੱਤੇ ਗਏ ਹਨ, ਜਿਵੇਂ ਕਿ ਅੰਮ੍ਰਿਤਸਰ ਤੇ ਫਿਰੋਜ਼ਪੁਰ ਨੂੰ 5-5 ਕਰੋੜ ਅਤੇ ਫਰੀਦਕੋਟ ਨੂੰ 1 ਕਰੋੜ ਰੁਪਏ ਦੀ ਮਦਦ ਮਿਲੀ ਹੈ।
Get all latest content delivered to your email a few times a month.