ਤਾਜਾ ਖਬਰਾਂ
ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਏਕਤਾ ਦਰਸਾਉਂਦੇ ਹੋਏ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਲਾਬਾ ਭੈਣੀ ਪਿੰਡ ਦਾ ਦੌਰਾ ਕੀਤਾ। ਦੋਵਾਂ ਨੇ ਖੁਦ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਦੇ ਪੈਕੇਟ ਸੌਂਪੇ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ।
ਸੰਜੇ ਸਿੰਘ ਨੇ ਇਸ ਮੌਕੇ ਕਿਹਾ ਕਿ ਲਗਭਗ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਦੀ ਮਾਰ ਸਹਿੰਦਾ ਆ ਰਿਹਾ ਹੈ, ਪਰ ਕੇਂਦਰ ਸਰਕਾਰ ਹਾਲੇ ਵੀ ਰਿਪੋਰਟਾਂ ਦਾ ਹਵਾਲਾ ਦੇ ਕੇ ਫੈਸਲਾ ਲਟਕਾ ਰਹੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਐਲਾਨ ਹੋਵੇਗਾ। ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਕਿ RDF, GST ਆਦਿ ਦੇ ਲਗਭਗ 60 ਹਜ਼ਾਰ ਕਰੋੜ ਰੁਪਏ ਵੀ ਜਲਦੀ ਜਾਰੀ ਕੀਤੇ ਜਾਣ, ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਮੰਗ ਕਰ ਚੁੱਕੇ ਹਨ। ਉਨ੍ਹਾਂ ਯਾਦ ਦਿਵਾਇਆ ਕਿ ਕੇਂਦਰੀ ਖੇਤੀ ਮੰਤਰੀ ਵੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਚੁੱਕੇ ਹਨ ਪਰ ਹੁਣ ਤੱਕ ਕੋਈ ਰਾਹਤ ਨਹੀਂ ਪਹੁੰਚੀ।
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਤੇਜ਼ ਰਫ਼ਤਾਰ ਨਾਲ ਜਾਰੀ ਹਨ। ਉਨ੍ਹਾਂ ਦੱਸਿਆ ਕਿ ਆਪਣੇ ਜਨਮ ਦਿਨ ਦੇ ਮੌਕੇ ਉਨ੍ਹਾਂ ਨੇ ਲੋਕਾਂ ਦੀ ਸੇਵਾ ਨੂੰ ਹੀ ਤਰਜੀਹ ਦਿੱਤੀ ਅਤੇ ਗੁਲਾਬਾ ਭੈਣੀ ਪਿੰਡ ਵਿੱਚ ਮੋਢਿਆਂ ‘ਤੇ ਚੁੱਕ ਕੇ ਰਸਦ ਦੇ ਥੈਲੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਏ। ਉਹ ਪਿਛਲੇ ਤਿੰਨ ਦਿਨਾਂ ਤੋਂ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਸੇਵਾ ਕਰ ਰਹੇ ਹਨ।
ਸੌਂਦ ਨੇ ਦੱਸਿਆ ਕਿ ਜਿਵੇਂ-ਜਿਵੇਂ ਪਾਣੀ ਘਟਣਾ ਸ਼ੁਰੂ ਹੋਇਆ ਹੈ, ਨਵੀਆਂ ਚੁਣੌਤੀਆਂ ਸਾਹਮਣੇ ਆ ਰਹੀਆਂ ਹਨ। ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ, ਪਸ਼ੂ-ਪਾਲਣ ਸੇਵਾਵਾਂ ਅਤੇ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਹੁਣ ਮੁੱਖ ਤਰਜੀਹਾਂ ਹਨ। ਇਸ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਇੱਕ ਪਰਿਵਾਰ ਤੱਕ ਮਦਦ ਪਹੁੰਚ ਸਕੇ।
Get all latest content delivered to your email a few times a month.