ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਮਕੌੜਾ ਪੱਤਣ ਅਤੇ ਜੈਨਪੁਰ ਦਾ ਦੌਰਾ ਕਰਕੇ ਲੋਕਾਂ ਦੀ ਹਾਲਤ ਦਾ ਜਾਇਜ਼ਾ ਲਿਆ। ਉਨ੍ਹਾਂ ਜੈਨਪੁਰ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਸਥਿਤੀ ਵੇਖੀ ਅਤੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਸਰਕਾਰੀ ਅਧਿਕਾਰੀਆਂ ਤੋਂ ਰਾਹਤ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਵੀ ਲਈ। ਸਪੀਕਰ ਦੇ ਨਾਲ ਆਮ ਆਦਮੀ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਵੀ ਮੌਜੂਦ ਸਨ।
ਸ. ਸੰਧਵਾਂ ਨੇ ਕਿਹਾ ਕਿ ਹੜ੍ਹਾਂ ਨੇ ਪੰਜਾਬ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ, ਪਰ ਪੰਜਾਬ ਸਰਕਾਰ ਪੂਰੀ ਤਾਕਤ ਨਾਲ ਰਾਹਤ ਅਤੇ ਪੁਨਰਵਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਹੜ੍ਹ ਰੋਕੂ ਉਪਰਾਲਿਆਂ ਨੂੰ ਤੇਜ਼ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਪੀੜਤਾਂ ਦੀ ਸਹਾਇਤਾ ਕਰ ਰਹੀ ਹੈ, ਓਥੇ ਖ਼ਾਲਸਾ ਏਡ ਅਤੇ ਅਕਾਲ ਪੁਰਖ ਕੀ ਫੌਜ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੀ ਕਈ ਪਿੰਡ ਗੋਦ ਲੈ ਕੇ ਉੱਥੇ ਰਾਹਤ ਅਤੇ ਪੁਨਰਵਾਸ ਕਾਰਜ ਸ਼ੁਰੂ ਕੀਤੇ ਹਨ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।
ਪੱਤਰਕਾਰਾਂ ਦੇ ਇੱਕ ਸਵਾਲ 'ਤੇ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਦੌਰਾਨ ਪੰਜਾਬ ਲਈ ਰਾਹਤ ਪੈਕੇਜ ਜ਼ਰੂਰ ਐਲਾਨਣਾ ਚਾਹੀਦਾ ਹੈ। ਇਸਦੇ ਨਾਲ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ 50,000 ਕਰੋੜ ਰੁਪਏ ਦੀ ਬਕਾਇਆ ਰਕਮ ਵੀ ਤੁਰੰਤ ਜਾਰੀ ਕੀਤੀ ਜਾਵੇ, ਤਾਂ ਜੋ ਇਹ ਸੂਬੇ ਦੇ ਵਿਕਾਸ ਕਾਰਜਾਂ 'ਤੇ ਖ਼ਰਚ ਹੋ ਸਕੇ। ਉਨ੍ਹਾਂ ਆਸ ਜਤਾਈ ਕਿ ਪ੍ਰਧਾਨ ਮੰਤਰੀ ਪੰਜਾਬੀਆਂ ਦੀਆਂ ਉਮੀਦਾਂ 'ਤੇ ਖਰੇ ਉਤਰਣਗੇ।
ਇਸ ਮੌਕੇ ਬਲਾਕ ਪ੍ਰਧਾਨ ਜਸਬੀਰ ਸਿੰਘ ਕਠਿਆਲੀ, ਰਣਜੀਤ ਸਿੰਘ ਜੀਵਨਚੱਕ, ਸੋਨੂ ਪਹਾੜੀਪੁਰ, ਅਨੂਪ ਠਾਕੁਰ, ਅਰਜਨ ਸਿੰਘ ਝਬਕਰਾ, ਪ੍ਰਿੰਸੀਪਲ ਸੰਸਾਰ ਸਿੰਘ ਝਬਕਰਾ, ਸਰਪੰਚ ਸੋਨੂ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
Get all latest content delivered to your email a few times a month.