ਤਾਜਾ ਖਬਰਾਂ
ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨਾਲ ਜੁੜਿਆ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲ ਸਿੱਖਿਆ ਵਿਭਾਗ ਵਿੱਚ 1007 ਨਵੀਆਂ ਅਸਾਮੀਆਂ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਸਮੱਗਰ ਸਿੱਖਿਆ ਅਭਿਆਨ (SSA) ਦੇ ਅਧੀਨ ਕੰਮ ਕਰ ਰਹੇ ਨਾਨ-ਟੀਚਿੰਗ ਸਟਾਫ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਹਰੀ ਝੰਡੀ ਦਿੱਤੀ ਗਈ ਹੈ। ਇਸ ਕਦਮ ਨਾਲ ਨਾ ਸਿਰਫ਼ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਪੂਰੀ ਹੋਵੇਗੀ, ਸਗੋਂ ਤਜਰਬੇਕਾਰ ਕਰਮਚਾਰੀਆਂ ਦੇ ਸ਼ਾਮਲ ਹੋਣ ਨਾਲ ਵਿਭਾਗੀ ਕੰਮਕਾਜ ਤੇਜ਼ ਹੋਵੇਗਾ ਅਤੇ ਕਾਨੂੰਨੀ ਰੁਕਾਵਟਾਂ ਵੀ ਦੂਰ ਹੋਣਗੀਆਂ।
ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਵਿੱਚ ਤਰੱਕੀਆਂ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿੱਚ ਸੋਧਾਂ ਦੀ ਵੀ ਮਨਜ਼ੂਰੀ ਦਿੱਤੀ ਹੈ। ਪਹਿਲਾਂ ਕੁਝ ਕਾਡਰਾਂ ਵਿੱਚ ਤਰੱਕੀ ਦੀ ਕੋਈ ਸੰਭਾਵਨਾ ਨਹੀਂ ਸੀ, ਪਰ ਹੁਣ ਸੋਧਾਂ ਨਾਲ ਪੀ.ਟੀ.ਆਈ. (ਐਲੀਮੈਂਟਰੀ), ਪ੍ਰੀ-ਪ੍ਰਾਇਮਰੀ ਅਧਿਆਪਕ, ਸਪੈਸ਼ਲ ਐਜੂਕੇਟਰ (ਸੈਕੰਡਰੀ ਅਤੇ ਐਲੀਮੈਂਟਰੀ) ਅਤੇ ਵੋਕੇਸ਼ਨਲ ਮਾਸਟਰਾਂ ਲਈ ਨਵੇਂ ਮੌਕੇ ਖੁੱਲਣਗੇ।
ਇਸ ਫ਼ੈਸਲੇ ਨਾਲ ਲਗਭਗ 1500 ਅਧਿਆਪਕਾਂ ਨੂੰ ਸਿੱਧਾ ਲਾਭ ਮਿਲੇਗਾ। ਨਾਲ ਹੀ ਭਵਿੱਖ ਵਿੱਚ ਨਵੀਆਂ ਭਰਤੀਆਂ ਲਈ ਰਾਹ ਖੁੱਲੇਗਾ ਅਤੇ ਨੌਕਰੀ ਖੋਜਣ ਵਾਲੇ ਉਮੀਦਵਾਰਾਂ ਲਈ ਨਵੇਂ ਮੌਕੇ ਉਪਲਬਧ ਹੋਣਗੇ।
Get all latest content delivered to your email a few times a month.