ਤਾਜਾ ਖਬਰਾਂ
ਅਜਨਾਲਾ ਦੇ ਸੁਧਾਰ ਪਿੰਡ ਵਿੱਚ ਹਿੰਸਕ ਘਟਨਾ ਸਾਹਮਣੇ ਆਈ ਹੈ, ਜਿੱਥੇ ਭੰਗੂ ਹਸਪਤਾਲ ਦੇ ਮਾਲਕ ਡਾ. ਕੁਲਵਿੰਦਰ ਸਿੰਘ ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਦਾ ਨਿਸ਼ਾਨਾ ਬਣਾਇਆ। ਘਟਨਾ ਉਸ ਸਮੇਂ ਵਾਪਰੀ ਜਦੋਂ ਤਿੰਨੋਂ ਨੌਜਵਾਨ ਹਸਪਤਾਲ ਪਹੁੰਚੇ, ਜਿਨ੍ਹਾਂ ਵਿੱਚੋਂ ਦੋ ਅੰਦਰ ਦਾਖਲ ਹੋਏ ਤੇ ਇੱਕ ਬਾਹਰ ਖੜਾ ਰਿਹਾ। ਦਵਾਈ ਲੈਣ ਦੇ ਬਹਾਨੇ ਡਾਕਟਰ ਦੇ ਨੇੜੇ ਜਾ ਕੇ ਹਮਲਾਵਰਾਂ ਨੇ ਅਚਾਨਕ ਗੋਲੀਬਾਰੀ ਕੀਤੀ।
ਰਿਪੋਰਟਾਂ ਅਨੁਸਾਰ ਹਮਲਾਵਰਾਂ ਵੱਲੋਂ ਕੁੱਲ ਪੰਜ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਦੋ ਡਾਕਟਰ ਨੂੰ ਲੱਗੀਆਂ ਅਤੇ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਸਾਰੀ ਘਟਨਾ ਹਸਪਤਾਲ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ, ਜਿਸਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਥਾਣਾ ਰਮਦਾਸ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫੁਟੇਜ ਅਤੇ ਗਵਾਹਾਂ ਦੇ ਬਿਆਨਾਂ ਦੇ ਅਧਾਰ ’ਤੇ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਇਲਾਕੇ ਵਿੱਚ ਵਾਧੂ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ ਕਿਉਂਕਿ ਘਟਨਾ ਤੋਂ ਬਾਅਦ ਤਣਾਅ ਦਾ ਮਾਹੌਲ ਬਣ ਗਿਆ ਹੈ।
ਡਾਕਟਰ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਦੋਸ਼ ਲਗਾਏ ਹਨ ਕਿ ਉਨ੍ਹਾਂ ਨੂੰ ਪਹਿਲਾਂ ਵੀ ਧਮਕੀ ਭਰੇ ਫੋਨ ਆਏ ਸਨ ਅਤੇ ਇਕ ਵਾਰ ਪਹਿਲਾਂ ਗੋਲੀਬਾਰੀ ਦੀ ਘਟਨਾ ਵੀ ਹੋ ਚੁੱਕੀ ਹੈ, ਪਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਵਿੱਚ ਲਾਪਰਵਾਹੀ ਕੀਤੀ। ਉਹਨਾਂ ਨੇ ਤੁਰੰਤ ਨਿਆਂ ਅਤੇ ਕਾਰਵਾਈ ਦੀ ਮੰਗ ਕੀਤੀ ਹੈ।
ਸਥਾਨਕ ਵਾਸੀਆਂ ਅਤੇ ਆਗੂਆਂ ਨੇ ਘਟਨਾ ਦੀ ਭਰਪੂਰ ਨਿੰਦਾ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਲਾਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਪ੍ਰਭਾਵ ਹੇਠ ਆਉਂਦਾ ਹੈ, ਜਿੱਥੇ ਹਾਲ ਹੀ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੇ ਮਾਮਲੇ ਵਧ ਰਹੇ ਹਨ। ਪੁਲਿਸ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.