ਤਾਜਾ ਖਬਰਾਂ
ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਇਲਾਕਿਆਂ ਵਿਚ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਨ ਦੇ ਦਿੱਤੇ ਆਦੇਸ਼
ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
ਰੂਪਨਗਰ, 15 ਸਤੰਬਰ: ਪਿਛਲੇ ਦਿਨਾਂ ਦੌਰਾਨ ਭਾਰੀ ਮਾਤਰਾ ਵਿਚ ਹੋਈ ਬਰਸਾਤ ਕਰਕੇ ਸਤਲੁੱਜ ਦੇ ਪਾਣੀ ਦਾ ਪੱਧਰ ਵਧਣ ਸਦਕਾ ਜਿੰਨ੍ਹਾਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਇਆ ਜਿਸ ਕਰਕੇ ਫਸਲ, ਘਰ, ਪਸ਼ੂਧੰਨ, ਸਰਕਾਰੀ ਇਮਾਰਤਾਂ ਤੇ ਸੜਕਾਂ ਆਦਿ ਦਾ ਨੁਕਸਾਨ ਹੋਇਆ ਹੈ, ਇਸ ਸੰਬੰਧ ਵਿਚ ਹੋਏ ਨੁਕਸਾਨ ਦਾ ਨਿਰਧਾਰਿਤ ਸਮੇ ਵਿਚ ਮੁਆਵਜ਼ਾ ਮੁਹਈਆ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਉੱਚ ਪੱਧਰੀ ਮੀਟਿੰਗ ਵਿਚ ਹੁਣ ਤੱਕ ਕੀਤੇ ਗਏ ਸਰਵੇਖਣ ਦੀ ਸਮੀਖਿਆ ਕੀਤੀ ਗਈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਿਦਾਇਤ ਜਾਰੀ ਕੀਤੀ ਫ਼ਸਲਾਂ ਦੇ ਨੁਕਸਾਨ ਦਾ ਸਰਵੇਖਣ ਜਲਦ ਮੁਕੰਮਲ ਕੀਤਾ ਜਾਵੇ। ਮਾਲ ਅਧਿਕਾਰੀ ਪਿੰਡ ਪਿੰਡ ਜਾ ਕੇ ਪ੍ਰਭਾਵਿਤ ਖੇਤਰਾਂ ਵਿੱਚ ਗਿਰਦਾਵਰੀ ਕਰ ਰਹੇ ਹਨ ਜਿਸ ਲਈ ਮਾਲ ਅਧਿਕਾਰੀਆਂ ਦੀ ਆਮਦ ਬਾਰੇ ਪਿੰਡ ਵਾਸੀਆਂ ਨੂੰ ਅਗਾਊਂ ਸੂਚਨਾ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਪਟਵਾਰੀ ਗਿਰਦਾਵਰੀ ਦੇ ਕੰਮ ਨੂੰ 14 ਦਿਨ ਵਿੱਚ ਮੁਕੰਮਲ ਕਰਨ, ਜਿਸ ਲਈ ਸਬੰਧਿਤ ਐਸ ਡੀ ਐਮਜ ਸਮੁੱਚੀ ਪ੍ਰਕਿਰਿਆ ਦੀ ਬਤੌਰ ਨੋਡਲ ਅਫ਼ਸਰ ਨਿਗਰਾਨੀ ਕਰਨ।
ਵਰਜੀਤ ਵਾਲੀਆ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਵਾਈ ਜਾਵੇ ਤਾਂ ਕਿ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇੰਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਹ ਲੋੜੀਂਦੇ ਕਾਰਜ ਕਰਨੇ ਜ਼ਰੂਰੀ ਹਨ।
ਉਨ੍ਹਾਂ ਕਿਹਾ ਕਿ ਸਕੂਲਾਂ, ਆਂਗਣਵਾੜੀਆਂ ਵਿਚ ਪੀਣ ਵਾਲੇ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਯਕੀਨੀ ਕੀਤੀ ਜਾਵੇ ਅਤੇ ਹੋਏ ਨੁਕਸਾਨ ਦੀ ਰਿਪੋਰਟ ਜਲਦ ਜ਼ਿਲ੍ਹਾ ਪੱਧਰ ਉੱਤੇ ਭੇਜੀ ਜਾਵੇ, ਪ੍ਰਭਾਵਿਤ ਲੋਕਾਂ ਲਈ ਦਵਾਈਆਂ ਦਾ ਮੁਕੰਮਲ ਪ੍ਰਬੰਧ ਰੱਖਿਆ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਿਸ ਉਪਰੰਤ ਜਲ ਸਪਲਾਈ ਤੇ ਬਿਜਲੀ ਵਿਭਾਗ ਨੇ ਦੱਸਿਆ ਕਿ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਸਪਲਾਈ ਮੁੜ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੁਦਰਤੀ ਆਫ਼ਤ ਦੀ ਮਾਰ ਵਿਚ ਆਏ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਐਕਸੀਅਨ ਮਾਈਨਿੰਗ ਤੁਸ਼ਾਰ ਗੋਇਲ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.