ਤਾਜਾ ਖਬਰਾਂ
ਪ੍ਰਾਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਢੁਕਵੇਂ ਢੰਗ ਨਾਲ ਲਾਗੂ ਕਰਨ ਲਈ ਕਮੇਟੀਆਂ ਵੱਲੋਂ ਉਸਾਰੂ ਭਮਿਕਾ ਨਿਭਾਉਣ ਦੀ ਉਮੀਦ ਪ੍ਰਗਟਾਈ
ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਯੂਥ ਕਲੱਬਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 15 ਸਤੰਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ 'ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ।
ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ 'ਚ ਤੇਜ਼ੀ ਲਿਆਉਣ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਲਈ ਲੋਕਾਂ ਦੇ ਪੱਧਰ 'ਤੇ ਨਿਗਰਾਨੀ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਉਨ੍ਹਾਂ ਦੇ ਸੁਚਾਰੂ ਅਤੇ ਪਾਰਦਰਸ਼ੀ ਅਮਲ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰੀ ਨਿਗਰਾਨ ਕਮੇਟੀਆਂ ਬਣਾਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਵਿੱਚ ਯੂਥ ਕਲੱਬਾਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਮੇਟੀਆਂ ਜ਼ਮੀਨੀ ਪੱਧਰ 'ਤੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਉਸਾਰੂ ਭੂਮਿਕਾ ਅਦਾ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਕਮੇਟੀਆਂ ਇਨ੍ਹਾਂ ਪ੍ਰਾਜੈਕਟਾਂ ਦਾ ਨਿਰਵਿਘਨ ਅਮਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।
ਲੋਕਾਂ ਖਾਸ ਕਰ ਕੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਪਿੰਡ ਪੱਧਰ 'ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਯੂਥ ਕਲੱਬਾਂ ਨੂੰ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਜਿਹੇ ਉਪਰਾਲਿਆਂ ਵਾਸਤੇ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣ ਵਿੱਚ ਵਧੇਰੇ ਮਹੱਵਤਵਪੂਰਨ ਸਿੱਧ ਹੋਵੇਗਾ।
Get all latest content delivered to your email a few times a month.