ਤਾਜਾ ਖਬਰਾਂ
ਸਾਰੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼, ਪੂਰੀ ਪ੍ਰਕਿਰਿਆ ਵਿੱਚ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ
ਚੰਡੀਗੜ੍ਹ/ਭੋਗਪੁਰ (ਜਲੰਧਰ), 17 ਸਤੰਬਰ:
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਸਾਨਾਂ ਦੀ ਸਾਰੀ ਫ਼ਸਲ ਦੀ ਚੁਕਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੇ ਭਾਈਵਾਲਾਂ ਲਈ ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ।
ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਭਰ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ।
ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਭਲਾਈ ਹਮੇਸ਼ਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਸਰਕਾਰ ਨੇ ਪਹਿਲਾਂ ਹੀ ਸਤੰਬਰ ਲਈ 15,000 ਕਰੋੜ ਰੁਪਏ ਅਤੇ ਅਕਤੂਬਰ ਲਈ 27,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਹਾਸਿਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਇਸ ਸਾਲ ਪੰਜਾਬ ਨੂੰ 172 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਸੀ ਪਰ ਲਗਭਗ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਪ੍ਰਬੰਧ ਕੀਤਾ ਗਿਆ ਹੈ।
ਮੰਤਰੀ ਨੇ ਭਰੋਸਾ ਦਿੱਤਾ ਕਿ ਫ਼ਸਲ ਦੀ ਚੁਕਾਈ ਅਤੇ ਭੁਗਤਾਨ ਨਾਲ-ਨਾਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।
ਪੰਜਾਬ ਮੰਡੀ ਬੋਰਡ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ਵਿੱਚ ਬਿਜਲੀ, ਸਾਫ਼ ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ 1822 ਮੰਡੀਆਂ/ਖਰੀਦ ਕੇਂਦਰ ਕਾਰਜਸ਼ੀਲ ਕੀਤੇ ਹਨ।
ਆਪਣੇ ਦੌਰੇ ਦੌਰਾਨ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਗੁਰਕੀਰਤ ਸਿੰਘ, ਜਸਪਾਲ ਸਿੰਘ ਅਤੇ ਸੁਖਰਾਜ ਸਿੰਘ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਨੇ ਭੋਗਪੁਰ ਦਾਣਾ ਮੰਡੀ ਵਿੱਚ ਤੇਜ਼ ਖਰੀਦ ਪ੍ਰਕਿਰਿਆ ਦੀ ਸ਼ਲਾਘਾ ਕੀਤੀ। ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦਾ ਭੁਗਤਾਨ ਜਲਦ ਤੋਂ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਿਆ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਕਿਉਂਕਿ ਨਮੀ ਦਾ ਪੱਧਰ ਵੱਧ ਹੋਣ ਨਾਲ ਖਰੀਦ ਪ੍ਰਕਿਰਿਆ ਵਿੱਚ ਔਕੜ ਆ ਸਕਦੀ ਹੈ।
ਇਸ ਮੌਕੇ ਸੀਨੀਅਰ ਆਪ ਨੇਤਾ ਪਵਨ ਕੁਮਾਰ ਟੀਨੂ, ਐਸਡੀਐਮ ਰਣਦੀਪ ਸਿੰਘ ਹੀਰ, ਡੀਐਫਐਸਸੀ ਹਰਵੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Get all latest content delivered to your email a few times a month.