ਤਾਜਾ ਖਬਰਾਂ
ਪੰਜਾਬ ਸਰਕਾਰ ਨੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਵੇਰਵਾ ਜਾਰੀ ਕਰ ਦਿੱਤਾ ਹੈ। ਸ਼ਰਧਾ ਅਤੇ ਸਤਿਕਾਰ ਨਾਲ ਭਰੇ ਇਨ੍ਹਾਂ ਪ੍ਰੋਗਰਾਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਜਾਵੇਗੀ।
ਅੱਜ ਦਿੱਲੀ ਵਿਖੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਣਪ੍ਰੀਤ ਸਿੰਘ ਸੋਂਧ ਨੇ ਦੱਸਿਆ ਕਿ ਸਰਕਾਰ ਨੇ ਇਸ ਮਹੱਤਵਪੂਰਨ ਮੌਕੇ ਨੂੰ ਸਮਰਪਿਤ ਇੱਕ ਮਹੀਨਾ ਚੱਲਣ ਵਾਲੇ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਮੌਕੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਵੀ ਹਾਜ਼ਰ ਸਨ। ਮੰਤਰੀਆਂ ਨੇ ਦਿੱਲੀ ਦੀ ਸੰਗਤ ਅਤੇ ਸਮੂਹ ਮੀਡੀਆ ਪ੍ਰਤੀਨਿਧੀਆਂ ਨੂੰ ਇਨ੍ਹਾਂ ਸ਼ਰਧਾਪੂਰਵਕ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਨ੍ਹਾਂ ਪ੍ਰੋਗਰਾਮਾਂ ਨੂੰ ਆਯੋਜਿਤ ਕਰਨ ਦਾ ਮਕਸਦ ਆਮ ਲੋਕਾਂ ਨੂੰ ਗੁਰੂ ਜੀ ਦੇ ਮਹਾਨ ਫ਼ਲਸਫ਼ੇ, ਮਨੁੱਖਤਾ ਲਈ ਕੁਰਬਾਨੀ ਅਤੇ ਸ਼ਾਂਤੀ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜੋ ਦੁਨੀਆ ਭਰ ਦੇ ਲੋਕਾਂ ਨੂੰ ਪ੍ਰੇਰਿਤ ਕਰਦਾ ਰਿਹਾ ਹੈ।
24 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ 24 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ। ਇਸ ਇਜਲਾਸ ਵਿੱਚ ਪ੍ਰਮੁੱਖ ਸ਼ਖਸੀਅਤਾਂ ਗੁਰੂ ਸਾਹਿਬ ਦੇ ਫਲਸਫ਼ੇ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ। ਪੰਜਾਬ ਸਰਕਾਰ ਵੱਲੋਂ ਇਹ ਇੱਕ ਵਿਲੱਖਣ ਅਤੇ ਮਹੱਤਵਪੂਰਨ ਪਹਿਲ ਕਦਮੀ ਹੈ।
Get all latest content delivered to your email a few times a month.