ਤਾਜਾ ਖਬਰਾਂ
ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 'ਕੋਲਡ੍ਰਿਫ਼ ਕਫ਼ ਸੀਰਪ' ਪੀਣ ਨਾਲ ਬੱਚਿਆਂ ਦੀ ਮੌਤ ਦੀਆਂ ਦੁਖਦਾਈ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ, ਹੁਣ ਪੰਜਾਬ ਵਿੱਚ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਵੱਡੇ ਪੱਧਰ 'ਤੇ ਸੈਂਪਲਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਵਿਭਾਗ ਨੇ ਤਿੰਨ ਵੱਖ-ਵੱਖ ਥਾਵਾਂ ਤੋਂ ਛੇ ਸ਼ੱਕੀ ਸੈਂਪਲ ਇਕੱਠੇ ਕੀਤੇ ਹਨ, ਜਿਨ੍ਹਾਂ ਨੂੰ ਤੁਰੰਤ ਖਰੜ ਸਥਿਤ ਲੈਬਾਰਟਰੀ ਵਿੱਚ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵਿਭਾਗ ਦੇ ਅਧਿਕਾਰੀ ਰਵੀ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਾਜ਼ਿਲਕਾ ਤੋਂ ਚਾਰ ਅਤੇ ਅਬੋਹਰ ਤੋਂ ਦੋ ਸੈਂਪਲ ਲਏ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਦੀ ਦਿਸ਼ਾ ਤੈਅ ਕੀਤੀ ਜਾਵੇਗੀ। ਅਧਿਕਾਰੀਆਂ ਅਨੁਸਾਰ, ਇਨ੍ਹਾਂ ਰਿਪੋਰਟਾਂ ਨੂੰ ਆਉਣ ਵਿੱਚ ਲਗਭਗ ਇੱਕ ਤੋਂ ਡੇਢ ਮਹੀਨੇ ਦਾ ਸਮਾਂ ਲੱਗ ਸਕਦਾ ਹੈ।
ਰਵੀ ਗੁਪਤਾ ਨੇ ਇਹ ਵੀ ਦੱਸਿਆ ਕਿ ਆਗਾਮੀ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਿਭਾਗ ਪੂਰੀ ਤਰ੍ਹਾਂ ਸਰਗਰਮ ਅਤੇ ਚੌਕਸ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਜਾਂ ਮਿਲਾਵਟਖੋਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੰਜਾਬ ਵਿੱਚ ਦਵਾਈਆਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਇਹ ਕਦਮ ਅਤਿ-ਜ਼ਰੂਰੀ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.