ਤਾਜਾ ਖਬਰਾਂ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਕਰਨ ਵਾਲੇ ਪ੍ਰਸਿੱਧ ਸਿੱਖ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਭਾਈ ਸਾਹਿਬ ਨੇ 6 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਈ, ਜਿਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਸਨਮਾਨਿਤ ਕੀਤਾ ਗਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਗਤਾਂ ਭਾਈ ਪਿੰਦਰਪਾਲ ਸਿੰਘ ਦੁਆਰਾ ਕੀਤੀ ਜਾਣ ਵਾਲੀ ਕਥਾ ਬੜੀ ਸਹਿਜਤਾ ਨਾਲ ਸੁਣਦੀਆਂ ਹਨ ਅਤੇ ਉਨ੍ਹਾਂ ਵੱਲੋਂ ਕੀਤੀ ਗਈ ਗੁਰਬਾਣੀ ਸ਼ਬਦ ਦੀ ਕਥਾ ਨੇ ਕਈਆਂ ਦੀਆਂ ਜਿੰਦਗੀਆਂ ਬਦਲੀਆਂ ਹਨ। ਉਨ੍ਹਾਂ ਭਾਈ ਸਾਹਿਬ ਵੱਲੋਂ ਧਰਮ ਦੇ ਪ੍ਰਚਾਰ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਨਿਰੰਤਰ ਕਾਰਜਸ਼ੀਲ ਰਹਿਣ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਪਿੰਦਰਪਾਲ ਸਿੰਘ ਦੇਸ਼-ਵਿਦੇਸ਼ ਵਿੱਚ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਲੈ ਕੇ ਭਾਈ ਸਾਹਿਬ ਨੇ ਲਗਾਤਾਰ ਕਥਾ ਕਰਦਿਆਂ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੁਕਮਨਾਮਿਆਂ ਨਾਲ ਜੋੜਿਆ, ਜਿਸ ਨਾਲ ਸੰਗਤਾਂ ਨੂੰ ਬਹੁਤ ਲਾਹਾ ਮਿਲਿਆ।
ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾਉਣ ਵਾਲੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਇਹ ਸ਼ਤਾਬਦੀ ਸਮਾਗਮ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣਗੇ।
ਇਸ ਮੌਕੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਦਰਸ਼ਨ ਸਿੰਘ ਮੋਠਾਂਵਾਲਾ, ਜਰਨੈਲ ਸਿੰਘ ਡੋਗਰਾਂਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਡਾ. ਧਰਮਵੀਰ ਸਿੰਘ ਕਾਰਸੇਵਾ ਬਾਬਾ ਅਟੱਲ ਰਾਏ ਸਾਹਿਬ, ਭਾਈ ਅਮਰਜੀਤ ਸਿੰਘ (ਗਿਆਨੀ ਸੰਤ ਸਿੰਘ ਮਸਕੀਨ ਦੇ ਪੁੱਤਰ), ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟਿੰਡੈਂਟ ਨਿਸ਼ਾਨ ਸਿੰਘ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਮੇਜ਼ਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸਰਬਜੀਤ ਸਿੰਘ ਢੋਟੀਆਂ ਆਦਿ ਸ਼ਾਮਲ ਸਨ।
Get all latest content delivered to your email a few times a month.