ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਕ ਅਹਿਮ ਮੁਲਾਕਾਤ ਲਈ ਦਿੱਲੀ ਦੌਰੇ 'ਤੇ ਹਨ। ਸੀ.ਐਮ. ਮਾਨ ਦੁਪਹਿਰ 12 ਵਜੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਉਹ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਪੱਤਰ ਦੇਣਗੇ।
ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਅਦੁੱਤੀ ਕੁਰਬਾਨੀ ਨੂੰ ਸਮਰਪਿਤ ਇਹ ਸਮਾਗਮ ਬਹੁਤ ਸ਼ਾਨਦਾਰ ਅਤੇ ਵਿਸ਼ਾਲ ਪੱਧਰ 'ਤੇ ਆਯੋਜਿਤ ਕੀਤੇ ਜਾ ਰਹੇ ਹਨ।
ਪ੍ਰਧਾਨ ਮੰਤਰੀ ਸਮੇਤ ਦੇਸ਼ ਭਰ ਦੇ ਮੁੱਖੀਆਂ ਨੂੰ ਸੱਦਾ
ਇਸ ਵਿਸ਼ਾਲ ਸਮਾਗਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਪ੍ਰਮੁੱਖ ਧਾਰਮਿਕ ਆਗੂਆਂ ਅਤੇ ਹੋਰ ਉੱਚ ਸ਼ਖਸੀਅਤਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਪੰਜਾਬ ਕੈਬਨਿਟ ਮੰਤਰੀ ਪਹਿਲਾਂ ਹੀ ਮੁੱਖ ਮੰਤਰੀ ਮਾਨ ਦੀ ਤਰਫੋਂ ਮੁੰਬਈ, ਹਰਿਆਣਾ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਜਾ ਕੇ ਸੱਦੇ ਦੇ ਚੁੱਕੇ ਹਨ।
ਸ਼ਤਾਬਦੀ ਸਮਾਗਮਾਂ ਦਾ ਆਗਾਜ਼ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਹੋਇਆ। ਇਸ ਤੋਂ ਬਾਅਦ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ 'ਤੇ ਆਧਾਰਿਤ 'ਲਾਈਟ ਐਂਡ ਸਾਊਂਡ ਸ਼ੋਅ', ਕੀਰਤਨ ਦਰਬਾਰ ਅਤੇ ਧਾਰਮਿਕ ਪ੍ਰੋਗਰਾਮ ਸਜਾਏ ਜਾ ਰਹੇ ਹਨ। ਇਸ ਤੋਂ ਇਲਾਵਾ, ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ 130 ਪਵਿੱਤਰ ਅਸਥਾਨਾਂ 'ਤੇ ਵੀ ਕੀਰਤਨ ਦਰਬਾਰ ਸਜਾਏ ਜਾਣਗੇ।
ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤੀ ਸਮਾਰੋਹ
ਸੀ.ਐਮ. ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਇਹ ਸਮਾਗਮ 25 ਨਵੰਬਰ ਤੱਕ ਚੱਲਣਗੇ। ਸਮਾਗਮਾਂ ਦੀ ਲੜੀ ਹੇਠ ਲਿਖੇ ਅਨੁਸਾਰ ਜਾਰੀ ਰਹੇਗੀ:
ਮੁੱਖ ਸਮਾਪਤੀ ਸਮਾਰੋਹ ਸ੍ਰੀ ਆਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 25 ਨਵੰਬਰ ਤੱਕ ਵੱਡੇ ਪੱਧਰ 'ਤੇ ਆਯੋਜਿਤ ਕੀਤੇ ਜਾਣਗੇ।
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਤੇ ਟੈਂਟ ਸਿਟੀ
ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ 'ਚੱਕ ਨਾਨਕੀ' ਦੇ ਨਾਂ 'ਤੇ ਇੱਕ ਵਿਸ਼ਾਲ ਟੈਂਟ ਸਿਟੀ ਬਣਾਈ ਜਾਵੇਗੀ। ਇਸ ਤੋਂ ਇਲਾਵਾ, ਇੱਕ ਅੰਤਰ-ਧਰਮ ਕਾਨਫਰੰਸ, ਪ੍ਰਦਰਸ਼ਨੀਆਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਡਰੋਨ ਸ਼ੋਅ ਵੀ ਕੀਤੇ ਜਾਣਗੇ।
ਸੀ.ਐਮ. ਮਾਨ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ, ਜਿੱਥੇ ਆਗੂ ਗੁਰੂ ਸਾਹਿਬ ਦੇ ਫਲਸਫੇ, ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ।
Get all latest content delivered to your email a few times a month.