ਤਾਜਾ ਖਬਰਾਂ
ਪਟਿਆਲਾ, 30 ਅਕਤੂਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।
ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਕੰਪਲੈਕਸ ਵਿੱਚ ਕਾਲੀ ਮਾਤਾ ਨੂੰ ਸਮਰਪਿਤ ਮੁੱਖ ਮੰਦਰ ਦੇ ਨਾਲ ਸ਼ਕਤੀ ਦੇ ਬ੍ਰਹਮ ਸਵਰੂਪ ਸ੍ਰੀ ਰਾਜ ਰਾਜੇਸ਼ਵਰੀ ਜੀ ਦਾ ਪ੍ਰਾਚੀਨ ਮੰਦਰ ਵੀ ਹੈ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾ ਦੇ ਇਹ ਦੋਵੇਂ ਅਸਥਾਨ ਮੰਦਰ ਦੇ ਕੰਪਲੈਕਸ ਨੂੰ ਅਧਿਆਤਮਿਕ ਤੌਰ 'ਤੇ ਵਧੇਰੇ ਮਹੱਤਵਪੂਰਨ ਅਤੇ ਵਾਸਤੂ-ਕਲਾ ਦੇ ਪੱਖ ਤੋਂ ਵਧੇਰੇ ਵਿਲੱਖਣ ਬਣਾਉਂਦੇ ਹਨ, ਜਿੱਥੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਨਾਲ ਬੇਹੱਦ ਸੁੰਦਰ ਸੁਮੇਲ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਇਥੇ ਲਗਪਗ 10,000 ਸ਼ਰਧਾਲੂ ਰੋਜ਼ਾਨਾ, ਲਗਭਗ 40,000 ਹਰ ਸ਼ਨੀਵਾਰ ਨੂੰ ਆਉਂਦੇ ਹਨ ਅਤੇ ਨਵਰਾਤਰੀ ਦੇ ਤਿਉਹਾਰ ਦੌਰਾਨ ਇਹ ਗਿਣਤੀ ਲਗਪਗ ਇੱਕ ਲੱਖ ਹੋ ਜਾਂਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੰਦਰ ਦੇ ਸਰੋਵਰ ਨੂੰ ਭਾਖੜਾ ਨਹਿਰ ਤੋਂ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਲਈ 1.15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੰਦਰ ਦੇ ਮੌਜੂਦਾ ਸੀਵਰੇਜ ਸਿਸਟਮ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਢਾਂਚੇ ਨੂੰ 49.06 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤਾ ਜਾ ਰਿਹਾ ਹੈ, ਜੋ ਨਾ ਸਿਰਫ਼ ਸਥਾਨਕ ਨਿਵਾਸੀਆਂ ਸਗੋਂ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੀ ਅਧਿਆਤਮਿਕਤਾ ਅਤੇ ਸੁੰਦਰਤਾ ਵਿੱਚ ਵਾਧਾ ਕਰਨ ਲਈ ਪ੍ਰਮੁੱਖ ਤੀਰਥ ਅਸਥਾਨਾਂ ਦੀ ਤਰ੍ਹਾਂ ਸਰੋਵਰ ਨਜਦੀਕ ਇੱਕ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਵੀਂ ਬਣੀ ਇਮਾਰਤ ਵਿੱਚ 15.11 ਲੱਖ ਰੁਪਏ ਦੀ ਲਾਗਤ ਨਾਲ ਇੱਕ ਲਿਫਟ ਲਗਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਰੋਵਰ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਨਵੀਂ ਇਮਾਰਤ, ਗਲਿਆਰਾ, ਚਾਰਦੀਵਾਰੀ, ਪ੍ਰਵੇਸ਼ ਦੁਆਰ ਅਤੇ ਸਰੋਵਰ ਸਬੰਧੀ ਪ੍ਰੋਜੈਕਟ ਸਮੂਹਿਕ ਤੌਰ 'ਤੇ ਸ਼ੁਰੂ ਕੀਤੇ ਗਏ ਹਨ। ਸਿੱਖ ਅਤੇ ਹਿੰਦੂ ਪਰੰਪਰਾਵਾਂ ਮੁਤਾਬਕ ਆਉਣ ਵਾਲੇ ਸ਼ਰਧਾਲੂਆਂ ਖਾਸ ਕਰਕੇ ਦੂਰ-ਦੁਰਾਡੇ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਸ਼ਰਧਾਲੂਆਂ ਲਈ ਭਗਵੰਤ ਸਿੰਘ ਮਾਨ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਮੁਕੰਮਲ ਤੌਰ ‘ਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ ਦੇ ਨਾਲ ਪੱਥਰ ਦਾ ਕੰਮ ਅਤੇ ਰਸਤੇ ਦੀ ਤਿਆਰੀ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਅਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਇਸਦੀ ਸ਼ਾਨ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਸਰ ਜ਼ਿਆਦਾ ਟ੍ਰੈਫਿਕ ਦੌਰਾਨ ਵਰਤੇ ਜਾਂਦੇ ਪਿਛਲੇ ਗੇਟ ਨੂੰ ਦੁਬਾਰਾ ਖੋਲ੍ਹਣ ਅਤੇ ਇਸ ਦੇ ਨਵੀਨੀਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਕ ਮੁੜ ਡਿਜ਼ਾਈਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਆਖਰੀ ਦਿਨਾਂ ਅਤੇ ਨਵਰਾਤਰੀ ਦੌਰਾਨ, ਜਦੋਂ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ ਤਾਂ ਉਨ੍ਹਾਂ ਦੀ ਸੁਚੱਜੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬੈਰੀਕੇਡ ਵਾਲੀਆਂ ਲੇਨਾਂ ਅਤੇ ਸਾਈਨ ਬੋਰਡਾਂ ਦੇ ਨਾਲ ਇੱਕ ਯੋਜਨਾਬੱਧ ਕਤਾਰ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਯੋਜਨਾਬੰਦੀ ਅਤੇ ਵਿਰਾਸਤ ਦੇ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖੀ ਉਸਾਰੀ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸਬੰਧੀ ਸਹੂਲਤਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਕਵਰ ਕਰਦਿਆਂ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸ਼ਾਦ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ, ਮਾਤਾ ਵੈਸ਼ਨੋ ਦੇਵੀ ਮੰਦਰ ਦੀ ਤਰ੍ਹਾਂ ਇੱਕ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੌਸਮਾਂ ਦੌਰਾਨ ਬਜ਼ੁਰਗ ਸ਼ਰਧਾਲੂਆਂ, ਮਾਵਾਂ ਅਤੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਸੰਗਤ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਹਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੇ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਸ਼ਾਨਦਾਰ ਅਤੀਤ ਨਾਲ ਜੁੜੀ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਨ ਲਈ ਮੰਦਰ ਅੰਦਰ ਇੱਕ ਹਾਲ ਬਣਾਇਆ ਗਿਆ ਹੈ ਅਤੇ 300 ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਸ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।
Get all latest content delivered to your email a few times a month.