ਤਾਜਾ ਖਬਰਾਂ
ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਆਲੀਆਂ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 44 ਸਾਲਾ ਸੁਰਜੀਤ ਸਿੰਘ ਨਾਮਕ ਵਿਅਕਤੀ ਦੀ ਗਲਾ ਵੱਢ ਕੇ ਨਿਰਦਈ ਤਰੀਕੇ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਸੁਰਜੀਤ ਸਿੰਘ ਪੇਸ਼ੇ ਤੋਂ ਦਿਹਾੜੀਦਾਰ ਸੀ ਅਤੇ ਪਿੰਡ ਦਾ ਹੀ ਵਸਨੀਕ ਸੀ।
ਜਾਣਕਾਰੀ ਮਿਲਣ ਉਪਰੰਤ ਫਤਿਹਗੜ੍ਹ ਸਾਹਿਬ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐਸਪੀਡੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮ੍ਰਿਤਕ ਦੇ ਗਲੇ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ ਸਨ। ਪੁਲਿਸ ਨੇ ਘਟਨਾ ਸਥਲ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਹੈ।
ਪਹਿਲੀ ਨਜ਼ਰ ਵਿੱਚ ਇਹ ਮਾਮਲਾ ਆਪਸੀ ਰੰਜਿਸ਼ ਜਾਂ ਝਗੜੇ ਨਾਲ ਜੁੜਿਆ ਹੋਇਆ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਕਤਲ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਹੱਤਿਆ ਦੀ ਗੁੱਥੀ ਸੁਲਝਾ ਲਈ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਹਵਾਲੇ ਕੀਤਾ ਜਾਵੇਗਾ।
ਮੌਕੇ ਤੋਂ ਇਕੱਠੇ ਕੀਤੇ ਸਬੂਤਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਕਈ ਸੰਭਾਵੀ ਕੋਣਾਂ ਤੋਂ ਜਾਂਚ ਜਾਰੀ ਹੈ। ਪਿੰਡ ਆਲੀਆਂ ਵਿੱਚ ਇਸ ਘਟਨਾ ਤੋਂ ਬਾਅਦ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
Get all latest content delivered to your email a few times a month.