IMG-LOGO
ਹੋਮ ਪੰਜਾਬ: ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ...

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

Admin User - Nov 05, 2025 06:04 PM
IMG

ਚੰਡੀਗੜ੍ਹ/ਥਿਰਵੂਨੰਤਮਪੂਰਮ, 5 ਨਵੰਬਰ:

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ  ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ  ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਸ੍ਰੀ  ਪਿਨਾਰਾਏ ਵਿਜੇਅਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋ ਗਏ ਹਨ ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਆਰੰਭ ਹੋ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ 'ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਮੰਤਰੀ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।


ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ  ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।


ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.