ਤਾਜਾ ਖਬਰਾਂ
ਫਰੀਦਕੋਟ ਜ਼ਿਲ੍ਹੇ ਦੇ ਕੋਟਕਪੁਰਾ ਨਜ਼ਦੀਕ ਪਿੰਡ ਹਰੀਨੋ ਵਿਖੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਹੋਮ ਗਾਰਡ ਦਾ ਜਵਾਨ ਗੁਰਜੀਤ ਸਿੰਘ (ਉਮਰ 52 ਸਾਲ) ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਰਾਮੇਆਣਾ ਦਾ ਰਹਿਣ ਵਾਲਾ ਸੀ ਅਤੇ ਇਸ ਸਮੇਂ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਡਿਊਟੀ ਨਿਭਾ ਰਿਹਾ ਸੀ।
ਮਿਲੀ ਜਾਣਕਾਰੀ ਅਨੁਸਾਰ, ਗੁਰਜੀਤ ਸਿੰਘ ਆਪਣੀ ਡਿਊਟੀ ਮੁਕਾਉਣ ਤੋਂ ਬਾਅਦ ਮੋਟਰਸਾਈਕਲ 'ਤੇ ਘਰ ਵਾਪਸ ਜਾ ਰਿਹਾ ਸੀ। ਜਦੋਂ ਉਹ ਪਿੰਡ ਹਰੀਨੋ ਨੇੜੇ ਕੋਹਾਰਵਾਲਾ ਚੌਕ ਦੇ ਕੋਲ ਪਹੁੰਚਿਆ, ਤਾਂ ਇੱਕ ਅਣਪਛਾਤੇ ਵਾਹਨ ਨੇ ਉਸਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ।
ਸੂਚਨਾ ਮਿਲਣ 'ਤੇ ਜੈਤੋ ਦੀ ਸਮਾਜ ਸੇਵੀ ਜਥੇਬੰਦੀ ਨੇ ਜਖਮੀ ਨੂੰ ਤੁਰੰਤ ਕੋਟਕਪੁਰਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਭੇਜਿਆ ਗਿਆ। ਹਾਲਤ ਬਹੁਤ ਨਾਜ਼ੁਕ ਹੋਣ ਕਰਕੇ ਡਾਕਟਰਾਂ ਨੇ ਉਸਨੂੰ ਐਮਸ ਬਠਿੰਡਾ ਰੈਫਰ ਕੀਤਾ, ਪਰ ਇਲਾਜ ਦੌਰਾਨ ਦੇਰ ਰਾਤ ਉਸਦੀ ਮੌਤ ਹੋ ਗਈ।
ਮ੍ਰਿਤਕ ਦੇ ਪੁੱਤਰ ਰਾਜਪ੍ਰੀਤ ਸਿੰਘ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਹਾਦਸੇ ਲਈ ਜ਼ਿੰਮੇਵਾਰ ਵਾਹਨ ਚਾਲਕ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਸ ਸਬੰਧ ਵਿੱਚ ਥਾਣਾ ਸਦਰ ਕੋਟਕਪੁਰਾ ਦੇ ਐਸਐਚਓ ਇੰਸਪੈਕਟਰ ਗੁਰਦਿੱਤਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਾਦਸੇ ਵਿੱਚ ਸ਼ਾਮਲ ਵਾਹਨ ਦੀ ਪਛਾਣ ਲਈ ਨੇੜਲੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.