ਤਾਜਾ ਖਬਰਾਂ
ਸੰਯੁਕਤ ਕਿਸਾਨ ਮੋਰਚੇ (SKM) ਦੇ ਸੱਦੇ ‘ਤੇ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਔਰਤ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਕਥਿਤ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਵੱਡੇ ਪੱਧਰ ਦੇ ਸੰਘਰਸ਼ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਕਿਸਾਨ ਭਵਨ ਵਿੱਚ ਹੋਈ ਇਕ ਅਹੰਕਾਰਪੂਰਨ ਮੀਟਿੰਗ ਵਿੱਚ ਕਰੀਬ 60 ਵੱਖ-ਵੱਖ ਜਥੇਬੰਦੀਆਂ ਨੇ ਸ਼ਮੂਲੀਅਤ ਕਰਦਿਆਂ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਨੂੰ ਤੁਰੰਤ ਵਾਪਸ ਲੈਣ, ਜਨਤਕ ਖੇਤਰ ਦੇ ਨਿੱਜੀਕਰਨ ਨੂੰ ਰੋਕਣ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਦਾ ਸੱਦਾ ਦਿੱਤਾ।
ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜਦੋਂ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2025 ਨੂੰ ਸੰਸਦ ਵਿੱਚ ਪੇਸ਼ ਕਰੇਗੀ, ਉਸ ਤੋਂ ਅਗਲੇ ਦਿਨ ਪੰਜਾਬ ਭਰ ਵਿੱਚ ‘ਕਾਲਾ ਦਿਨ’ ਮਨਾਇਆ ਜਾਵੇਗਾ। ਇਸ ਮੌਕੇ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਟੋਲ ਪਲਾਜ਼ੇ ਮੁਫ਼ਤ ਕਰਵਾਏ ਜਾਣਗੇ। ਇਸਦੇ ਨਾਲ-ਨਾਲ ਬਿਜਲੀ ਮੁਲਾਜ਼ਮਾਂ, ਅਧਿਆਪਕਾਂ ਅਤੇ ਹੋਰ ਕਰਮਚਾਰੀ ਜਥੇਬੰਦੀਆਂ ਵੱਲੋਂ ਕਾਲੇ ਕੱਪੜੇ ਅਤੇ ਕਾਲੇ ਬਿੱਲੇ ਪਾ ਕੇ ਗੇਟ ਰੈਲੀਆਂ ਵੀ ਕੀਤੀਆਂ ਜਾਣਗੀਆਂ।
ਸੰਘਰਸ਼ ਦੀ ਤਿਆਰੀ ਵਜੋਂ 15 ਦਸੰਬਰ ਨੂੰ ਸਾਰੇ ਜ਼ਿਲਿਆਂ ਵਿੱਚ ਸਾਂਝੀਆਂ ਮੀਟਿੰਗਾਂ ਕਰਨ ਦਾ ਫੈਸਲਾ ਲਿਆ ਗਿਆ ਹੈ। ਅਗਲੇ ਦੌਰ ਵਿੱਚ 28 ਦਸੰਬਰ ਤੋਂ 4 ਜਨਵਰੀ ਤੱਕ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੋਟਰਸਾਈਕਲ ਮਾਰਚ, ਝੰਡਾ ਮਾਰਚ, ਢੋਲ ਮਾਰਚ, ਜਾਗੋ ਰੈਲੀਆਂ ਅਤੇ ਵੱਡੇ ਮੁਜ਼ਾਹਰੇ ਕਰਕੇ ਜਨਤਕ ਮੁਹਿੰਮ ਨੂੰ ਹੋਰ ਭਖਾਇਆ ਜਾਵੇਗਾ। ਇਸਦੇ ਨਾਲ ਹੀ 16 ਜਨਵਰੀ ਨੂੰ ਬਿਜਲੀ ਵਿਭਾਗ ਦੇ ਐਸ.ਈ. ਦਫ਼ਤਰਾਂ ਅੱਗੇ ਇੱਕ ਦਿਨ ਦੇ ਵਿਸ਼ਾਲ ਧਰਨੇ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।
ਮੀਟਿੰਗ ਵਿੱਚ ਕੇਂਦਰ ਸਰਕਾਰ ਉੱਤੇ ਦੋਸ਼ ਲਗਾਇਆ ਗਿਆ ਕਿ ਬਿਜਲੀ ਬਿੱਲ 2025 ਰਾਹੀਂ ਬਿਜਲੀ ਵਰਗੀ ਜਨਤਕ ਸੇਵਾ ਨੂੰ ਮੰਡੀ ਦੀ ਵਸਤੂ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਆਮ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ‘ਤੇ ਸਿੱਧਾ ਹਮਲਾ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਦੀ ਇਸ ਮਾਮਲੇ ‘ਚ ਚੁੱਪੀ ਨੂੰ ਵੀ ਆੜੇ ਹੱਥੀਂ ਲਿਆ ਗਿਆ ਅਤੇ ਕਿਹਾ ਗਿਆ ਕਿ ਇਹ ਕੇਂਦਰ ਦੀ ਕਾਰਪੋਰੇਟ ਪੱਖੀ ਨੀਤੀਆਂ ਨਾਲ ਸਹਿਮਤੀ ਦੇ ਬਰਾਬਰ ਹੈ।
ਮੀਟਿੰਗ ਵਿੱਚ ਚਾਰ ਲੇਬਰ ਕੋਡ ਰੱਦ ਕਰਨ, ਸਰਕਾਰੀ ਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਦੇ ਫੈਸਲਿਆਂ ਵਿਰੁੱਧ, ਐਲਆਈਸੀ ‘ਚ 100 ਫੀਸਦੀ ਐਫਡੀਆਈ ਦੇ ਖ਼ਿਲਾਫ਼, ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਅਤੇ ਯੂਜੀਸੀ ਨੂੰ ਤੋੜਨ ਦੇ ਫੈਸਲੇ ਖ਼ਿਲਾਫ਼ ਵੀ ਮਤੇ ਪਾਸ ਕੀਤੇ ਗਏ। ਇਸ ਤੋਂ ਇਲਾਵਾ ਉੜੀਸਾ ਵਿੱਚ SKM ਆਗੂ ਸੱਤਿਆਵਾਨ ਨਾਲ ਹੋਏ ਦੁਰਵਿਹਾਰ, ਟਿੱਬੀ (ਹਨੂੰਮਾਨਗੜ੍ਹ) ਇਥਾਨੋਲ ਫੈਕਟਰੀ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਜ਼ਬਰ ਅਤੇ ਪੰਜਾਬ ਰੋਡਵੇਜ਼-ਪੀ.ਆਰ.ਟੀ.ਸੀ. ਦੇ ਠੇਕਾ ਕਰਮਚਾਰੀਆਂ ‘ਤੇ ਦਰਜ ਕੇਸਾਂ ਦੀ ਸਖ਼ਤ ਨਿੰਦਾ ਕੀਤੀ ਗਈ।
ਇਸ ਮੀਟਿੰਗ ਦੀ ਅਗਵਾਈ ਜੋਗਿੰਦਰ ਸਿੰਘ ਉਗਰਾਹਾ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ, ਬਲਦੇਵ ਸਿੰਘ ਨਿਹਾਲਗੜ੍ਹ, ਬਿੰਦਰ ਸਿੰਘ ਗੋਲੇਵਾਲ ਅਤੇ ਤਜਿੰਦਰ ਸਿੰਘ ਰਾਜੇਵਾਲ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਕੀਤੀ। ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਔਰਤ ਆਗੂ ਮੌਜੂਦ ਰਹੇ, ਜਿਨ੍ਹਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਦੁਹਰਾਇਆ।
Get all latest content delivered to your email a few times a month.