IMG-LOGO
ਹੋਮ ਪੰਜਾਬ: ਮੁੱਖ ਮੰਤਰੀ ਨੇ ਚੰਨੀ ਵੱਲੋਂ ਬੇਬੁਨਿਆਦ ਬਿਆਨਾਂ ਨਾਲ ਲੋਕਾਂ ਨੂੰ...

ਮੁੱਖ ਮੰਤਰੀ ਨੇ ਚੰਨੀ ਵੱਲੋਂ ਬੇਬੁਨਿਆਦ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੀਤੀ ਕਰੜੀ ਨਿੰਦਿਆ

Admin User - Dec 13, 2025 08:15 PM
IMG

ਚੰਡੀਗੜ੍ਹ, 13 ਦਸੰਬਰ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਗੈਰ-ਜ਼ਿੰਮੇਵਾਰਾਨਾ ਅਤੇ ਬੇਬੁਨਿਆਦ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਨ੍ਹਾਂ ਦੀ ਕਰੜੀ ਨਿੰਦਿਆ ਕੀਤੀ।


ਮੁੱਖ ਮੰਤਰੀ ਨੇ ਅੱਜ ਸਵੇਰੇ ਆਪਣੀ ਰਿਹਾਇਸ਼ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, "111 ਦਿਨਾਂ ਦੇ ਸਾਬਕਾ ਮੁੱਖ ਮੰਤਰੀ ਨੇ ਲੋਕਤੰਤਰ ਦੀ ਭਾਵਨਾ ਦੇ ਵਿਰੁੱਧ ਅਜਿਹੇ ਬਿਆਨ ਦੇ ਕੇ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰ ਲਈ ਹੈ।"


ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਪਣੀ ਹਾਰ ਨੂੰ ਦੇਖਦਿਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਚਾਲਾਂ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕਾਂਗਰਸ ਨੂੰ ਵਾਰ-ਵਾਰ ਨਕਾਰਿਆ ਗਿਆ ਹੈ ਅਤੇ ਅਕਾਲੀ ਦਲ ਨੂੰ ਜ਼ਿਆਦਾਤਰ ਉਪ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਅਗਾਮੀ ਚੋਣਾਂ ਵਿੱਚ ਹੋਣ ਵਾਲੀ ਆਪਣੀ ਹਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜਿਸ ਕਾਰਨ ਉਹ ਆਪਣੀ ਸ਼ਾਖ ਨੂੰ ਬਚਾਉਣ ਲਈ ਅਜਿਹੇ ਬੇਬੁਨਿਆਦ ਬਿਆਨ ਦੇ ਰਹੀਆਂ ਹਨ।


ਮੁੱਖ ਮੰਤਰੀ ਨੇ ਚੰਨੀ ਨੂੰ ਉਨ੍ਹਾਂ ਵੱਲੋਂ ਲਗਾਏ ਜਾ ਰਹੇ ਬੇਬੁਨਿਆਦ ਦੋਸ਼ਾਂ ਨੂੰ ਸਾਬਤ ਕਰਨ ਅਤੇ ਇਹ ਦਿਖਾਉਣ ਦੀ ਚਣੌਤੀ ਦਿੱਤੀ ਕਿ ਵਾਧੂ ਬੈਲਟ ਪੇਪਰ ਕਿੱਥੇ ਛਾਪੇ ਗਏ ਹਨ। ਉਨ੍ਹਾਂ ਕਿਹਾ ਕਿ ਖੁਦ ਨੂੰ ਕਮਜ਼ੋਰ ਵਰਗਾਂ ਦਾ ਮਸੀਹਾ ਦੱਸਣ ਵਾਲਾ ਆਗੂ ਸਿਰਫ਼ ਲਾਈਮਲਾਈਟ ਵਿੱਚ ਆਉਣ ਲਈ ਅਜਿਹੀ ਚਾਲਾਂ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਿਕਾਰਡ 'ਤੇ ਹੈ ਕਿ ਨਾ ਤਾਂ ਕਦੇ ਚੰਨੀ ਅਤੇ ਨਾ ਹੀ ਉਨ੍ਹਾਂ ਦੀ ਪਾਰਟੀ ਦਾ ਕੋਈ ਆਗੂ ਕਦੇ ਲੋਕਾਂ ਕੋਲ ਗਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਵਾਰ-ਵਾਰ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਹਮੇਸ਼ਾ ਹਰ ਪੰਜ ਸਾਲਾਂ ਬਾਅਦ ਆਪਣੀ ਵਾਰੀ ਦੀ ਉਡੀਕ ਕੀਤੀ ਹੈ ਪਰ ਹੁਣ ਉਨ੍ਹਾਂ ਦੇ ਸੁਪਨੇ ਸਾਕਾਰ ਨਹੀਂ ਹੋ ਰਹੇ ਜਿਸ ਕਾਰਨ ਉਹ ਨਿਰਾਸ਼ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਚੰਨੀ ਨੂੰ ਅਜਿਹੇ ਦਿਖਾਵੇ ਵਿੱਚ ਉਲਝਣ ਦੀ ਬਜਾਏ ਵਿਧਾਨ ਸਭਾ ਚੋਣਾਂ ਲਈ ਅਗਲੇ ਚਿਹਰੇ ਦਾ ਐਲਾਨ ਕਰਨ ਲਈ ਉਨ੍ਹਾਂ ਦੇ ਮੁੱਖ ਦਫ਼ਤਰ ਵਿੱਚ ਹੋ ਰਹੀ ਨਿਲਾਮੀ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ਇਸ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਨਹੀਂ ਤਾਂ ਉਹ ਲੀਡਰਸ਼ਿਪ ਦੀ ਦੌੜ ਵਿੱਚ ਪਿੱਛੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੀਆਂ ਅਜਿਹੀਆਂ ਚਾਲਾਂ ਦਾ ਉਨ੍ਹਾਂ ਨੂੰ ਕੋਈ ਲਾਭ ਨਹੀਂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਪਹਿਲਾਂ ਹੀ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਜਿਸ ਕਾਰਨ ਕਾਂਗਰਸ ਲੀਡਰਸ਼ਿਪ ਘਬਰਾ ਗਈ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਇਨ੍ਹਾਂ ਚੋਣਾਂ ਵਿੱਚ ਮਿਲ ਕੇ ਮੈਚ ਖੇਡ ਰਹੇ ਹਨ ਕਿਉਂਕਿ ਕਈ ਮਾਮਲਿਆਂ ਵਿੱਚ ਇਨ੍ਹਾਂ ਪਾਰਟੀਆਂ ਦੇ ਆਗੂ 'ਆਪ' ਨੂੰ ਹਰਾਉਣ ਲਈ ਇੱਕੋ ਉਮੀਦਵਾਰ ਲਈ ਵਾਰੀ-ਵਾਰੀ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ 'ਆਪ' ਸਿਰਫ਼ ਵਿਕਾਸ ਦੇ ਮੁੱਦੇ 'ਤੇ ਚੋਣਾਂ ਲੜ ਰਹੀ ਹੈ ਅਤੇ ਇਹ ਪਾਰਟੀਆਂ ਸਿਰਫ ਨਫ਼ਰਤ ਅਤੇ ਫੁੱਟ ਪਾਉਣ ਦੇ ਆਪਣੇ ਏਜੰਡੇ 'ਤੇ ਨਿਰਭਰ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਚੋਣਾਂ ਵਿੱਚ ਕਦੇ ਵੀ ਚੋਣ ਪ੍ਰਚਾਰ ਲਈ ਨਹੀਂ ਗਏ ਪਰ ਇੱਕ ਗੱਲ ਪੱਕੀ ਹੈ ਕਿ ਲੋਕਾਂ ਦੀ ਤਾਕਤ ਨੇ ਪਹਿਲਾਂ ਸ਼ਕਤੀਸ਼ਾਲੀ ਰਹੇ ਆਗੂਆਂ ਨੂੰ ਜ਼ਮੀਨ 'ਤੇ ਲਿਆ ਕੇ ਖੜਾ ਕਰ ਦਿੱਤਾ ਹੈ।


ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੀ ਉਦਾਹਰਣ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਆਪਣੀ ਸੱਤਾ ਦੌਰਾਨ ਕਦੇ ਵੀ ਲੋਕਾਂ ਨਾਲ ਨਹੀਂ ਵਿਚਰੇ ਪਰ ਹੁਣ ਉਹ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੀ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਦੀ ਤਾਕਤ ਹੈ ਕਿ ਉਸ ਸਮੇਂ ਦੇ ਸ਼ਕਤੀਸ਼ਾਲੀ ਆਗੂ ਹੁਣ ਆਪਣੇ ਉਮੀਦਵਾਰਾਂ ਲਈ ਵੋਟਾਂ ਮੰਗਣ ਲਈ ਮੋਟਰਸਾਈਕਲਾਂ 'ਤੇ ਸਵਾਰ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਚੁਟਕੀ ਲੈਂਦਿਆ ਕਿਹਾ ਕਿ ਅਕਾਲੀ ਦਲ ਹੁਣ ਅਕਾਲੀ ਦਲ (ਬਾਦਲ) ਨਹੀਂ ਰਿਹਾ ਸਗੋਂ ਅਕਾਲੀ ਦਲ (ਬੇਅਦਬੀ) ਜਾਂ ਅਕਾਲੀ ਦਲ (ਬਦਮਾਸ਼ੀ) ਬਣ ਗਿਆ ਹੈ ਕਿਉਂਕਿ ਇਸ ਪਾਰਟੀ ਨੇ ਗੈਂਗਸਟਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।


ਮੁੱਖ ਮੰਤਰੀ ਨੇ ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਪ੍ਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ 347 ਜ਼ੋਨਾਂ ਲਈ ਕਾਂਗਰਸ ਦੇ 331, ਅਕਾਲੀ ਦਲ ਦੇ 298 ਅਤੇ ਭਾਜਪਾ ਦੇ 215 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਦੋਂ ਕਿ ਪੰਚਾਇਤ ਸੰਮਤੀ ਦੀਆਂ 2833 ਜ਼ੋਨਾਂ ਲਈ ਕਾਂਗਰਸ ਦੇ 2433, ਅਕਾਲੀ ਦਲ ਦੇ 1814 ਅਤੇ ਭਾਜਪਾ ਦੇ 1127 ਉਮੀਦਵਾਰ ਚੋਣ ਲੜ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਹਰ ਪਾਰਟੀ ਨੂੰ ਇਨ੍ਹਾਂ ਖੁੱਲ੍ਹ ਕੇ ਚੋਣਾਂ ਵਿੱਚ ਆਪਣੇ ਉਮੀਦਵਾਰ ਉਤਾਰ ਕੇ ਚੋਣ ਲੜਨ ਦਾ ਢੁਕਵਾਂ ਮੌਕਾ ਮਿਲਿਆ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਪਾਰਟੀਆਂ ਪੰਜਾਬ ਨੂੰ ਵਿਕਾਉ ਸੂਬਾ ਸਮਝਦੀਆਂ ਹਨ, ਜਿਸ ਕਾਰਨ ਉਹ ਸੱਤਾ ਪ੍ਰਾਪਤ ਕਰਨ ਦੀ ਉਮੀਦ ਵਿੱਚ ਚੋਣਾਂ ਲੜਨ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਆਗੂ ਕਹਿ ਰਿਹਾ ਹੈ ਕਿ ਭਾਜਪਾ ਆਪਣੇ ਆਗੂਆਂ ਦਾ ਸਤਿਕਾਰ ਨਹੀਂ ਕਰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਸ ਆਗੂ ਨੂੰ ਭਗਵੇਂ ਰੰਗ ਵਿੱਚ ਵਿਸ਼ਵਾਸ਼ ਨਹੀਂ ਰਿਹਾ ਤਾਂ ਉਸ ਨੂੰ ਆਪਣੀ ਨਿਰਾਸ਼ਾ ਦਿਖਾਉਣ ਲਈ ਮੀਡੀਆ ਵਿੱਚ ਲੰਬੇ ਇੰਟਰਵਿਊ ਦੇਣ ਦੀ ਬਜਾਏ ਪਾਰਟੀ ਨੂੰ ਛੱਡ ਦੇਣਾ ਚਾਹੀਦਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਲੋਕ ਕਾਂਗਰਸ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਦਿੱਗਜ ਆਗੂ ਵੀ ਆਪਣੇ ਘਰੇਲੂ ਮੈਦਾਨ ਵਿੱਚ ਹਾਰ ਰਹੇ ਹਨ। ਉਦਾਹਰਨ ਲਈ, ਸੂਬਾ ਕਾਂਗਰਸ ਮੁਖੀ ਦੀ ਪਤਨੀ ਗਿੱਦੜਬਾਹਾ ਤੋਂ ਹਾਰ ਗਈ ਸੀ ਜਦੋਂ ਕਿ 1.75 ਕਿਲੋਮੀਟਰ (ਕਾਂਗਰਸੀ ਨੇਤਾ ਦੇ ਘਰ ਤੋਂ ਰਾਜ ਭਵਨ ਤੱਕ ਦੀ ਦੂਰੀ) ਦੂਰ ਰਹਿਣ ਵਾਲੇ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਵੀ ਡੇਰਾ ਬਾਬਾ ਨਾਨਕ ਤੋਂ ਹਾਰ ਗਈ ਸੀ। ਉਨ੍ਹਾਂ ਕਿਹਾ ਕਿ ਸਿੱਧੂ ਜੋੜਾ ਭਾਵੇਂ ਜੋ ਮਰਜ਼ੀ ਸ਼ੇਖੀ ਮਾਰੇ ਪਰ ਹਕੀਕਤ ਇਹ ਹੈ ਕਿ ਪੰਜਾਬ ਸਰਕਾਰ ਵਿੱਚ ਮੰਤਰੀ ਵਜੋਂ ਨਵਜੋਤ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਪੂਰੀ ਤਰ੍ਹਾਂ ਜ਼ੀਰੋ ਸੀ। 


ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਕੋਈ ਚਿੰਤਾ ਨਹੀਂ ਹੈ ਕਿਉਂਕਿ ਇਨ੍ਹਾਂ ਦੀ ਨੀਅਤ ਸਿਰਫ਼ ਪੰਜਾਬ ਨੂੰ ਲੁੱਟਣ ਵਿੱਚ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਈ ਲੋਕ-ਪੱਖੀ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਜਿਸ ਨਾਲ ਸਿੰਚਾਈ ਦੇ ਮਸਲੇ ਹੱਲ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਬੰਦ ਪਈਆਂ ਨਹਿਰਾਂ ਅਤੇ ਰਜਬਾਹੇ ਦੁਬਾਰਾ ਖੋਲ੍ਹੇ ਗਏ ਹਨ, ਜਿਸ ਨਾਲ 37 ਸਾਲਾਂ ਬਾਅਦ ਕਈ ਖੇਤਰਾਂ ‘ਚ ਪਾਣੀ ਮੁੜ ਵੱਗਣ ਲੱਗਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਇਸਦੇ ਨਾਲ ਹੀ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਸੂਬਾ ਵਾਸੀਆਂ ‘ਤੇ ਵਿੱਤੀ ਦਬਾਅ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ 56,856 ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਜਾਂ ਭ੍ਰਿਸ਼ਟਾਚਾਰ ਦੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 19 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਨਾਲ ਪੰਜਾਬੀ ਟੋਲ ਫੀਸ ਨਾ ਦੇ ਕੇ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਕਰ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਹਰ ਨਾਗਰਿਕ ਤੱਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜੋ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਅਨੇਕਾਂ ਨਵੇਕਲੇ ਕਦਮ ਚੁੱਕੇ ਗਏ ਹਨ, ਜਿਨ੍ਹਾਂ ਨੂੰ ਕੌਮੀ ਪੱਧਰ ‘ਤੇ ਵੀ ਸ਼ਲਾਘਾ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ, ਜੋ ਪਛੜੇ ਵਰਗ ਦੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮਿਲ ਰਹੀਆਂ ਹਨ ਅਤੇ ਲੜਕੀਆਂ ਲਈ ਮੁਫ਼ਤ ਬੱਸ ਸੇਵਾ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਦਾਖਲੇ ਅਤੇ ਨੀਟ, ਜੇਈਈ, ਕਲੈਟ ਤੇ ਨਿਫਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਲਈ, 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਲਈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.