ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਅਸਲ ਮਾਇਨੇ ਵਿੱਚ ਦੂਜੇ ਸਥਾਨ ’ਤੇ ਰਿਹਾ ਹੈ ਅਤੇ ਪਾਰਟੀ ਦੀ ਕਾਰਗੁਜ਼ਾਰੀ ਕਾਂਗਰਸ ਨਾਲੋਂ ਕਾਫ਼ੀ ਬਿਹਤਰ ਰਹੀ ਹੈ। ਉਹਨਾਂ ਦੱਸਿਆ ਕਿ ਅਕਾਲੀ ਦਲ ਨੇ ਕਾਂਗਰਸ ਦੇ ਮੁਕਾਬਲੇ 673 ਘੱਟ ਸੀਟਾਂ ’ਤੇ ਚੋਣਾਂ ਲੜੀਆਂ ਕਿਉਂਕਿ ਵੱਡੀ ਗਿਣਤੀ ਵਿੱਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ।
ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਕਾਲੀ ਦਲ ਤੋਂ ਡਰਦੀ ਸੀ, ਇਸੇ ਲਈ ਬੇਵਜ੍ਹਾ ਅਤੇ ਬੇਤੁਕੇ ਆਧਾਰਾਂ ’ਤੇ ਪਾਰਟੀ ਦੇ 1024 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਏ ਗਏ। ਉਹਨਾਂ ਦੋਸ਼ ਲਗਾਇਆ ਕਿ ਸਰਕਾਰੀ ਮਸ਼ੀਨਰੀ ਦੀ ਖੁੱਲ੍ਹੀ ਦੁਰਵਰਤੋਂ ਕਰਦਿਆਂ ‘ਆਪ’ ਨੇ 2838 ਬਲਾਕ ਸੰਮਤੀ ਸੀਟਾਂ ਵਿੱਚੋਂ 351 ਸੀਟਾਂ ’ਤੇ ਆਪਣੇ ਉਮੀਦਵਾਰ ਬਿਨਾਂ ਮੁਕਾਬਲੇ ਜਿਤਵਾ ਲਏ।
ਉਹਨਾਂ ਦੱਸਿਆ ਕਿ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਨੇ 1814 ਸੀਟਾਂ ’ਤੇ ਚੋਣ ਲੜੀ, ਜਦਕਿ ਕਾਂਗਰਸ ਨੇ 2487 ਸੀਟਾਂ ’ਤੇ ਉਮੀਦਵਾਰ ਖੜੇ ਕੀਤੇ, ਇਸ ਦੇ ਬਾਵਜੂਦ ਅਕਾਲੀ ਦਲ ਦੀ ਕਾਰਗੁਜ਼ਾਰੀ ਕਾਂਗਰਸ ਨਾਲੋਂ ਕਿਤੇ ਵਧੀਆ ਰਹੀ।
ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਵਿੱਚ ਮਿਲੀਆਂ ਜਿੱਤਾਂ ਬਾਰੇ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਕਾਲੀ ਦਲ ਆਪਣੇ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣਵਾਏਗਾ। ਉਹਨਾਂ ਇਹ ਵੀ ਕਿਹਾ ਕਿ ਮਾਨਸਾ ਸਮੇਤ 15 ਹਲਕਿਆਂ ਵਿੱਚ ਅਕਾਲੀ ਦਲ ਦੇ ਚੇਅਰਪਰਸਨ ਬਣਨਗੇ, ਕਿਉਂਕਿ ਚੱਕਰੀਆ ਤੋਂ ਆਜ਼ਾਦ ਜੇਤੂ ਉਮੀਦਵਾਰ ਰਸਵਿੰਦਰ ਸਿੰਘ ਨੇ ਵੀ ਪਾਰਟੀ ਨੂੰ ਸਮਰਥਨ ਦਿੱਤਾ ਹੈ, ਜਿਸ ਨਾਲ 25 ਮੈਂਬਰੀ ਸਦਨ ਵਿੱਚ ਅਕਾਲੀ ਦਲ ਦੇ ਮੈਂਬਰਾਂ ਦੀ ਗਿਣਤੀ 13 ਹੋ ਗਈ ਹੈ।
ਸ੍ਰੀ ਮੁਕਤਸਰ ਸਾਹਿਬ ਵਿੱਚ ਅਕਾਲੀ ਦਲ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਦੋਵਾਂ ਸੀਟਾਂ ਜਿੱਤ ਲਿਆ ਹਨ, ਜਦਕਿ ਬਲਾਕ ਸੰਮਤੀ ਦੀਆਂ 20 ਵਿੱਚੋਂ 17 ਸੀਟਾਂ ’ਤੇ ਕਬਜ਼ਾ ਕੀਤਾ ਹੈ। ਉਹਨਾਂ ਦਾਅਵਾ ਕੀਤਾ ਕਿ ‘ਆਪ’ ਦੇ ਕਈ ਮੰਤਰੀ ਅਤੇ ਵਿਧਾਇਕ ਆਪਣੇ ਪਿੰਡਾਂ ਵਿੱਚ ਵੀ ਚੋਣ ਨਹੀਂ ਜਿੱਤ ਸਕੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਇੰਚਾਰਜ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜੇਤੂ ਉਮੀਦਵਾਰ ਮਨਜੀਤ ਸਿੰਘ ਬਿੱਟੂ ਅਤੇ ਕੁਲਵਿੰਦਰ ਕੌਰ ਸਮੇਤ ਹੋਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਉਮੀਦਵਾਰਾਂ ਨੂੰ ਆਪਣੀ ਰਿਹਾਇਸ਼ ’ਤੇ ਸਨਮਾਨਤ ਕੀਤਾ।
Get all latest content delivered to your email a few times a month.