ਤਾਜਾ ਖਬਰਾਂ
ਪੰਜਾਬ ਸਰਕਾਰ ਨੇ ਸੂਬੇ ਦੇ ਤਿੰਨ ਪ੍ਰਮੁੱਖ ਧਾਰਮਿਕ ਕੇਂਦਰਾਂ ਨੂੰ 'ਪਵਿੱਤਰ ਸ਼ਹਿਰ' ਵਜੋਂ ਮਨੋਨੀਤ ਕਰਨ ਦੇ ਆਪਣੇ ਇਤਿਹਾਸਕ ਫੈਸਲੇ 'ਤੇ ਅਧਿਕਾਰਤ ਮੋਹਰ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (21 ਦਸੰਬਰ) ਸੋਸ਼ਲ ਮੀਡੀਆ ਰਾਹੀਂ ਲਾਈਵ ਹੋ ਕੇ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਫੈਸਲੇ ਤਹਿਤ ਹੁਣ ਇਨ੍ਹਾਂ ਸ਼ਹਿਰਾਂ ਵਿੱਚ ਮਾਸ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਰਹੇਗੀ।
ਪੰਜ ਤਖ਼ਤਾਂ ਵਿੱਚੋਂ ਤਿੰਨ ਨੂੰ ਮਿਲੀ ਅਧਿਕਾਰਤ ਮਾਨਤਾ
ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸਿੱਖ ਧਰਮ ਦੇ ਪੰਜ ਪਵਿੱਤਰ ਤਖ਼ਤਾਂ ਵਿੱਚੋਂ ਤਿੰਨ ਪੰਜਾਬ ਦੀ ਧਰਤੀ 'ਤੇ ਸੁਸ਼ੋਭਿਤ ਹਨ। ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਵਿਸ਼ਵਾਸ ਦੇ ਕੇਂਦਰ ਅਤੇ ਪਵਿੱਤਰ ਸ਼ਹਿਰਾਂ ਵਜੋਂ ਅਧਿਕਾਰਤ ਦਰਜਾ ਦਿੱਤਾ ਗਿਆ ਹੈ:
ਅੰਮ੍ਰਿਤਸਰ (ਸ੍ਰੀ ਅਕਾਲ ਤਖ਼ਤ ਸਾਹਿਬ)
ਸ੍ਰੀ ਆਨੰਦਪੁਰ ਸਾਹਿਬ (ਤਖ਼ਤ ਸ੍ਰੀ ਕੇਸਗੜ੍ਹ ਸਾਹਿਬ)
ਤਲਵੰਡੀ ਸਾਬੋ (ਤਖ਼ਤ ਸ੍ਰੀ ਦਮਦਮਾ ਸਾਹਿਬ)
ਮੁੱਖ ਮੰਤਰੀ ਅਨੁਸਾਰ ਇਸ ਫੈਸਲੇ ਦਾ ਐਲਾਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਕੀਤਾ ਗਿਆ ਸੀ, ਜਿਸ ਨੂੰ ਹੁਣ ਅਮਲੀ ਰੂਪ ਦਿੱਤਾ ਗਿਆ ਹੈ।
ਸ਼ਰਧਾਲੂਆਂ ਲਈ ਸਹੂਲਤਾਂ ਦਾ ਪਿਟਾਰਾ; ਨਸ਼ਿਆਂ 'ਤੇ ਹੋਵੇਗੀ ਪਾਬੰਦੀ
'ਪਵਿੱਤਰ ਸ਼ਹਿਰ' ਦਾ ਦਰਜਾ ਮਿਲਣ ਤੋਂ ਬਾਅਦ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਅਤੇ ਪ੍ਰਬੰਧਾਂ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ:
ਸਖ਼ਤ ਪਾਬੰਦੀਆਂ: ਇਨ੍ਹਾਂ ਸ਼ਹਿਰਾਂ ਦੀ ਹੱਦ ਅੰਦਰ ਸ਼ਰਾਬ, ਮਾਸ, ਤੰਬਾਕੂ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਰੋਕ ਹੋਵੇਗੀ।
ਆਵਾਜਾਈ ਸਹੂਲਤਾਂ: ਸ਼ਰਧਾਲੂਆਂ ਦੀ ਸਹੂਲਤ ਲਈ ਈ-ਰਿਕਸ਼ਾ, ਮਿੰਨੀ ਬੱਸਾਂ ਅਤੇ ਸ਼ਟਲ ਸਰਵਿਸ ਵਰਗੇ ਜਨਤਕ ਸਾਧਨਾਂ ਦਾ ਖ਼ਾਸ ਪ੍ਰਬੰਧ ਕੀਤਾ ਜਾਵੇਗਾ।
ਵਿਕਾਸ ਵਿੱਚ ਨਹੀਂ ਰਹੇਗੀ ਕੋਈ ਕਮੀ: ਸੀ.ਐਮ. ਮਾਨ
ਭਗਵੰਤ ਮਾਨ ਨੇ ਸਮੁੱਚੇ ਸਿੱਖ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਹਿਰ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਧੁਰਾ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਫੈਸਲਾ ਬਹੁਤ ਪਹਿਲਾਂ ਲਾਗੂ ਹੋ ਜਾਣਾ ਚਾਹੀਦਾ ਸੀ, ਪਰ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਹੈ।
ਇਸ ਨੋਟੀਫਿਕੇਸ਼ਨ ਤੋਂ ਬਾਅਦ ਸਿੱਖ ਜਗਤ ਅਤੇ ਇਨ੍ਹਾਂ ਸ਼ਹਿਰਾਂ ਦੇ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Get all latest content delivered to your email a few times a month.