ਤਾਜਾ ਖਬਰਾਂ
ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਅੱਜ ਪੰਜਾਬ ਸਰਕਾਰ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਅਕਾਲੀ ਆਗੂ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ।
ਨਰਦੇਵ ਸਿੰਘ ਬੌਬੀ ਮਾਨ, ਜੋ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਹਨ, ਪਿਛਲੇ ਤਿੰਨ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਲੰਘੀਆਂ ਪੰਚਾਇਤੀ ਚੋਣਾਂ ਦੌਰਾਨ ਧਾਰਾ 307 (ਕਤਲ ਦੀ ਕੋਸ਼ਿਸ਼) ਸਮੇਤ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੰਚਾਇਤੀ ਚੋਣਾਂ ਦੌਰਾਨ ਹੋਈ ਸੀ ਹਿੰਸਕ ਝੜਪ
ਨਰਦੇਵ ਸਿੰਘ ਮਾਨ, ਜੋ ਫ਼ਿਰੋਜ਼ਪੁਰ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਮਰਹੂਮ ਜੋਰਾ ਸਿੰਘ ਮਾਨ ਦੇ ਪੁੱਤਰ ਹਨ, ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਫ਼ਿਰੋਜ਼ਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੀ ਸੀ।
ਉਨ੍ਹਾਂ ਦੀ ਗ੍ਰਿਫ਼ਤਾਰੀ 2024 ਦੀਆਂ ਪੰਚਾਇਤ ਚੋਣਾਂ ਦੌਰਾਨ ਹੋਈ ਇੱਕ ਹਿੰਸਕ ਝੜਪ ਦੇ ਮਾਮਲੇ ਵਿੱਚ ਹੋਈ ਸੀ। ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ ਦਰਜ ਕੀਤੀ ਗਈ ਐਫਆਈਆਰ ਵਿੱਚ ਨਰਦੇਵ ਸਿੰਘ ਮਾਨ, ਉਨ੍ਹਾਂ ਦੇ ਭਰਾ ਵਰਦੇਵ ਸਿੰਘ (ਨੋਨੀ ਮਾਨ) ਅਤੇ ਹੋਰਾਂ ਦੇ ਨਾਮ ਵੀ ਸ਼ਾਮਲ ਸਨ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਸੀ ਕਿ ਨਾਮਜ਼ਦਗੀ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਬਾਹਰ ਫਾਇਰਿੰਗ, ਅਪਰਾਧਿਕ ਧਮਕੀਆਂ ਅਤੇ ਕਤਲ ਦੀ ਕੋਸ਼ਿਸ਼ ਵਰਗੀਆਂ ਘਟਨਾਵਾਂ ਵਾਪਰੀਆਂ ਸਨ।
ਹਾਈਕੋਰਟ ਵੱਲੋਂ ਜ਼ਮਾਨਤ ਮਿਲਣ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਵਾਗਤ ਕੀਤਾ ਹੈ।
Get all latest content delivered to your email a few times a month.