ਤਾਜਾ ਖਬਰਾਂ
ਨਵਾਂਸ਼ਹਿਰ ਜ਼ਿਲ੍ਹੇ ਦੀ ਤਹਿਸੀਲ ਬੰਗਾ ਦੇ ਪਿੰਡ ਮੰਡਾਲੀ ਵਿੱਚ ਇੱਕ ਦਰਦਨਾਕ ਅਤੇ ਸਨਸਨੀਖੇਜ਼ ਘਟਨਾ ਵਾਪਰੀ ਹੈ, ਜਿੱਥੇ ਇੱਕ ਪ੍ਰਵਾਸੀ ਮਜ਼ਦੂਰ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪੰਜਾਬੀ ਕਿਸਾਨ ਦੀ ਕਥਿਤ ਤੌਰ ‘ਤੇ ਬੇਰਹਮੀ ਨਾਲ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।
ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ, ਵਾਸੀ ਪਿੰਡ ਮੰਡਾਲੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਦੇ ਘਰ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਆਪਣੇ ਪਰਿਵਾਰ ਸਮੇਤ ਰਹਿੰਦਾ ਸੀ, ਜੋ ਖੇਤਾਂ ਵਿੱਚ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਦੋਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ, ਜੋ ਸਮੇਂ ਦੇ ਨਾਲ ਰੰਜਿਸ਼ ਵਿੱਚ ਬਦਲ ਗਈ।
ਪ੍ਰਾਪਤ ਜਾਣਕਾਰੀ ਮੁਤਾਬਕ, ਉਸ ਪੁਰਾਣੀ ਕਹਾਸੁਨੀ ਦੌਰਾਨ ਦਵਿੰਦਰ ਸਿੰਘ ਵੱਲੋਂ ਮਜ਼ਦੂਰ ਨੂੰ ਥੱਪੜ ਮਾਰਿਆ ਗਿਆ ਸੀ। ਇਸ ਗੱਲ ਦਾ ਬਦਲਾ ਲੈਂਦੇ ਹੋਏ ਪ੍ਰਵਾਸੀ ਮਜ਼ਦੂਰ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦਵਿੰਦਰ ਸਿੰਘ ‘ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਘਰ ਅੰਦਰ ਭਾਰੀ ਮਾਰਪੀਟ ਹੋਈ ਅਤੇ ਦੋਸ਼ੀਆਂ ਵੱਲੋਂ ਕਿਸੇ ਭਾਰੀ ਵਸਤੂ ਨਾਲ ਦਵਿੰਦਰ ਸਿੰਘ ਦੇ ਸਿਰ ਅਤੇ ਸਰੀਰ ‘ਤੇ ਵਾਰ ਕੀਤੇ ਗਏ, ਜਿਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ।
ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਦਵਿੰਦਰ ਸਿੰਘ ਨੂੰ ਫਗਵਾਡਾ ਦੇ ਸਿਵਲ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਡਾਕਟਰਾਂ ਅਨੁਸਾਰ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਮਗਰੋਂ ਹੀ ਹੋ ਸਕੇਗੀ। ਪੋਸਟਮਾਰਟਮ ਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਮ੍ਰਿਤਕ ਦਾ ਸ਼ਵ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਦੋਸ਼ ਲਗਾਇਆ ਕਿ ਪ੍ਰਵਾਸੀ ਮਜ਼ਦੂਰ ਘਰ ਵਿੱਚ ਗਾਲ੍ਹਾਂ ਕੱਢ ਰਿਹਾ ਸੀ। ਜਦੋਂ ਉਸ ਦੇ ਪਤੀ ਨੇ ਉਸ ਨੂੰ ਰੋਕਿਆ ਤਾਂ ਮਜ਼ਦੂਰ ਗੁੱਸੇ ਵਿੱਚ ਆ ਗਿਆ ਅਤੇ ਹੱਥਾਪਾਈ ਕਰਦਿਆਂ ਕਿਸੇ ਭਾਰੀ ਚੀਜ਼ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਐਸਐਚਓ ਜਸਪ੍ਰੀਤ ਕੌਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਦੋਸ਼ੀ ਇਸ ਸਮੇਂ ਹਿਰਾਸਤ ਵਿੱਚ ਹਨ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.