IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸਦਨ ਵੱਲੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

Admin User - Dec 30, 2025 03:49 PM
IMG

ਚੰਡੀਗੜ੍ਹ, 30 ਦਸੰਬਰ-

ਪੰਜਾਬ  ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਦਨ ਨੇ ਮਾਤਾ ਗੁਜਰੀ ਜੀ, ਬਾਬਾ ਜੀਵਨ ਸਿੰਘ ਜੀ, ਬਾਬਾ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਤੇ ਹੋਰ ਸ਼ਹੀਦਾਂ ਨੂੰ ਵੀ ਯਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਕੁਰਬਾਨੀਆਂ ਨੇ ਸਾਨੂੰ ਜਬਰ-ਜ਼ੁਲਮ ਅੱਗੇ ਕਦੇ ਵੀ ਈਨ ਨਾ ਮੰਨਣ ਅਤੇ ਹਮੇਸ਼ਾ ਆਪਣੇ ਅਸੂਲਾਂ ’ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ। 

ਅੱਜ ਇੱਥੇ ਵਿਧਾਨ ਸਭਾ ਦੇ 11ਵੇਂ (ਵਿਸ਼ੇਸ਼) ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀਆਂ ਮਹਾਨ ਕੁਰਬਾਨੀਆਂ ਸਮੁੱਚੀ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਸਥਾਨ ਰੱਖਦੀਆਂ ਹਨ ਜਿਨ੍ਹਾਂ ਨੂੰ ਛੋਟੀ ਉਮਰ ਵਿੱਚ ਸ਼ਹੀਦ ਤਾਂ ਕਰ ਦਿੱਤਾ ਗਿਆ ਪਰ ਸਦੀਆਂ ਬਾਅਦ ਅੱਜ ਵੀ ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਅਸੂਲਾਂ ਖਾਤਰ ਮਰ ਮਿਟਣ ਅਤੇ ਹਕੂਮਤਾਂ ਦੇ ਜ਼ੁਲਮ ਅੱਗੇ ਨਾ ਝੁਕਣ ਦਾ ਸੰਦੇਸ਼ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦਮਨ ਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।  

ਭਗਵੰਤ ਸਿੰਘ ਮਾਨ ਨੇ ਕਿਹਾ, “ਅਸੂਲਾਂ ’ਤੇ ਪਹਿਰਾ ਦੇਣਾ ਸਭ ਤੋਂ ਔਖਾ ਇਮਤਿਹਾਨ ਹੁੰਦਾ ਹੈ। ਸੂਲਾਂ (ਕੰਡਿਆਂ) ’ਤੇ ਚੱਲਣ ਨਾਲੋਂ ਅਸੂਲਾਂ ’ਤੇ ਚੱਲਣਾ ਔਖਾ ਹੁੰਦਾ। ਪਰ ਸਾਹਿਬਜ਼ਾਦਿਆਂ ਨੇ ਅਸੂਲਾਂ ਦਾ ਰਾਹ ਚੁਣਿਆ ਅਤੇ ਇਤਿਹਾਸ ਵਿੱਚ ਮਿਸਾਲ ਕਾਇਮ ਕਰਕੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਸਿਧਾਂਤਾਂ ’ਤੇ ਤੁਰਨ ਦਾ ਸੰਦੇਸ਼ ਦਿੱਤਾ ਹੈ ਤਾਂ ਕਿ ਮਨੁੱਖੀ ਆਜ਼ਾਦੀ ਨੂੰ ਹਰ ਹਾਲ ਵਿਚ ਕਾਇਮ ਰੱਖਿਆ ਜਾ ਸਕੇ।” 

ਮੁੱਖ ਮੰਤਰੀ ਨੇ ਕਿਹਾ, “ਪੋਹ ਮਹੀਨੇ ਦੀ ਹੱਡ ਚੀਰਵੀਂ ਠੰਢ ਵਿੱਚ ‘ਠੰਢੇ ਬੁਰਜ’ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੈਦ ਰੱਖਣਾ ਅਤੇ ਇਸ ਦੇ ਬਾਵਜੂਦ ਸਾਹਿਬਜ਼ਾਦਿਆਂ ਦਾ ਆਪਣੇ ਅਕੀਦੇ ’ਤੇ ਕਾਇਮ ਰਹਿਣਾ ਇਤਿਹਾਸ ਦੀ ਬੇਮਿਸਾਲ ਘਟਨਾ ਹੈ। ਇਸ ਸਾਕੇ ਨੂੰ ਵਾਪਰਿਆ ਭਾਵੇਂ ਤਿੰਨ ਸਦੀਆਂ ਤੋਂ ਵਧੇਰੇ ਅਰਸਾ ਬੀਤ ਗਿਆ ਹੈ, ਪਰ ਇਸ ਦੀ ਪੀੜ ਅੱਜ ਵੀ ਬੜੀ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਹੈ।” 

ਦਸਮੇਸ਼ ਪਿਤਾ ਜੀ ਦੇ ਪਰਿਵਾਰ ਦੇ ਵਿਛੋੜੇ ਤੋਂ ਬਾਅਦ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਖਾਤਰ ਵੱਖ-ਵੱਖ ਰੂਪ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਬਾਬਾ ਜੀਵਨ ਸਿੰਘ ਜੀ, ਬਾਬਾ ਸੰਗਤ ਸਿੰਘ ਜੀ, ਦੀਵਾਨ ਟੋਡਰ ਮੱਲ ਜੀ, ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਹੋਰ ਸਤਿਕਾਰਯੋਗ ਸ਼ਖਸੀਅਤਾਂ ਨੂੰ ਮੁੱਖ ਮੰਤਰੀ ਨੇ ਸਿਜਦਾ ਕਰਦਿਆਂ ਕਿਹਾ ਕਿ ਉਸ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਬਹਾਦਰ ਤੇ ਸੂਰਬੀਰ ਲੋਕਾਂ ਪ੍ਰਤੀ ਅਸੀਂ ਹਮੇਸ਼ਾ ਰਿਣੀ ਰਹਾਂਗੇ।

ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਤੇ ਹੋਰ ਇੰਤਜ਼ਾਮ ਵਿਆਪਕ ਪੱਧਰ ’ਤੇ ਕੀਤੇ ਗਏ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਮੌਕੇ ਸੰਗਤ ਲਈ ਈ-ਰਿਕਸ਼ਾ ਤੇ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਸੁਰੱਖਿਆ ਵਿਵਸਥਾ ਕਾਇਮ ਕੀਤੀ ਗਈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸੰਗਤ ਲਈ ਪੁਖਤਾ ਪ੍ਰਬੰਧ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫਰਜ਼ ਬਣਦਾ ਹੈ ਜਿਸ ਕਰਕੇ ਸਰਕਾਰ ਨੇ ਇਸ ਨੇਕ ਕਾਰਜ ਵਿੱਚ ਹਰ ਸੰਭਵ ਕੋਸ਼ਿਸ਼ ਕੀਤੀ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.